
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਵਿੱਚ ਚੋਣਾਂ ਦੇ ਮੁੱਦੇ ’ਤੇ ਵਿਚਾਰ ਚਰਚਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਮੁਹਾਲੀ ਦੀ ਮੁੱਖ ਦਫ਼ਤਰ ਵਿੱਚ ਹੋਈ ਵਿਸ਼ੇਸ਼ ਮੀਟਿੰਗ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ, ਜ਼ਿਲ੍ਹਾ ਮੁਹਾਲੀ ਦੇ ਕੋਆਰਡੀਨੇਟਰ ਹਰਮੇਲ ਸਿੰਘ ਮਾਧੋਪੁਰ, ਸੀਨੀਅਰ ਯੂਥ ਆਗੂ ਸਾਹਿਬ ਸਿੰਘ ਬਡਾਲੀ, ਸ਼ਹਿਰੀ ਪ੍ਰਧਾਨ ਮੇਜਰ ਸਿੰਘ, ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਅਤੇ ਹੋਰਨਾਂ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੀ ਸ਼ੁਰੂਆਤ ਮੌਕੇ ਕਿਸਾਨਾਂ ਦੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ।
ਇਸ ਮੌਕੇ ਹਰਮੇਲ ਸਿੰਘ ਮਾਧੋਪੁਰ ਨੇ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਸਿਆਸੀ ਸਰਗਰਮੀਆਂ ਬੰਦ ਕੀਤੀਆਂ ਹੋਈਆਂ ਸਨ। ਹੁਣ ਜਦੋਂ ਤਿੰਨ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ ਅਤੇ ਕਿਸਾਨਾਂ ਨੇ ਵੀ ਸੰਘਰਸ਼ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਤਾਂ ਪਾਰਟੀ ਨੇ ਪੰਜਾਬ ਵਿੱਚ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਜਿਸ ਦੀ ਸ਼ੁਰੂਆਤ ਜ਼ਿਲ੍ਹਾ ਮੁਹਾਲੀ ਤੋਂ ਕੀਤੀ ਗਈ ਹੈ। ਮੀਟਿੰਗ ਵਿੱਚ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਆਗਾਮੀ ਚੋਣਾਂ ਨੂੰ ਲੈ ਕੇ ਪਾਰਟੀ ਦੀ ਰੂਪ-ਰੇਖਾ ਸਬੰਧੀ ਵਿਚਾਰਾਂ ਕੀਤੀਆਂ।
ਪਾਰਟੀ ਦੇ ਜਰਨਲ ਸਕੱਤਰ ਤੇ ਮੁਹਾਲੀ ਦੇ ਮੁੱਖ ਸੇਵਾਦਾਰ ਬੱਬੀ ਬਾਦਲ ਨੇ ਕਿਹਾ ਕਿ ਲੀਡਰਸ਼ਿਪ ਨੂੰ ਭਰੋਸਾ ਦਿੱਤਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਤਕੜਾ ਕਰਨ ਲਈ ਜਲਦੀ ਪ੍ਰੋਗਰਾਮ ਉਲੀਕੇ ਜਾਣਗੇ ਅਤੇ ਜ਼ਿਲ੍ਹੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਉੱਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਉਮੀਦਵਾਰ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇਗਾ ਤਾਂ ਜੋ ਲੋਕਾਂ ਦੇ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ।
ਇਸ ਮੌਕੇ ਗੁਰਮੇਲ ਸਿੰਘ ਮੌਜੇਵਾਲ, ਦਿਹਾਤੀ ਸਰਕਲ ਦੇ ਪ੍ਰਧਾਨ ਬਲਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਹਰਜੀਤ ਸਿੰਘ, ਰਜਿੰਦਰ ਸਿੰਘ ਸੇਠੀ, ਸੰਤੋਖ ਸਿੰਘ, ਤਿਲਕ ਰਾਜ, ਬਲਬੀਰ ਸਿੰਘ ਝਾਮਪੁਰ, ਸਾਬਕਾ ਸਰਪੰਚ ਸੁਰਿੰਦਰ ਸਿੰਘ ਕੰਡਾਲਾ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਅਸ਼ੋਕ ਸ਼ਰਮਾ, ਕੰਵਲਜੀਤ ਸਿੰਘ ਪੱਤੋਂ, ਤਰਲੋਕ ਸਿੰਘ, ਇਕਬਾਲ ਸਿੰਘ, ਜਵਾਲਾ ਸਿੰਘ, ਹਰਜੀਤ ਸਿੰਘ ਜਗੀਰਦਾਰ, ਮੰਗਲ ਸਿੰਘ ਪੱਤੋਂ, ਬਲਜੀਤ ਸਿੰਘ ਖੋਖਰ, ਅਮਰੀਕ ਸਿੰਘ, ਗੁਰਸੇਵਕ ਸਿੰਘ, ਨਰਿੰਦਰ ਸਿੰਘ, ਹਨੀ ਜਗਤਪੁਰਾ, ਰਾਕੇਸ਼ ਕੁਮਾਰ, ਲਖਵੀਰ ਸਿੰਘ, ਅਮਰਜੀਤ ਕੌਰ, ਮਨਜੀਤ ਕੌਰ, ਹਰਜੀਤ ਕੌਰ, ਪਰਮਜੀਤ ਕੌਰ, ਇੰਦਰਜੀਤ ਕੌਰ ਤੇ ਕੁਲਵਿੰਦਰ ਕੌਰ ਹਾਜ਼ਰ ਸਨ।