ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵਿੱਚ ‘ਪੰਜਾਬੀ ਭਾਸ਼ਾ ਤੇ ਨੌਜਵਾਨ ਪੀੜ੍ਹੀ’ ’ਤੇ ਵਿਚਾਰ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਾਰਚ:
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ ਪੰਜਾਬੀ ਭਾਸ਼ਾ ਬਾਰੇ ਚਲਾਈ ਜਾ ਰਹੀ ਭਾਸ਼ਣ ਲੜੀ ਅਨੁਸਾਰ ਡਾ. ਹਰਜੀਤ ਸਿੰਘ ਵੱਲੋਂ ‘ਪੰਜਾਬੀ ਭਾਸ਼ਾ ਅਤੇ ਨੌਜਵਾਨ ਪੀੜ੍ਹੀ’ ਸਿਰਲੇਖ ’ਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ‘ ਨਾਲ ਕੀਤੀ ਗਈ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਨੂੰ ਆਖਦਿਆਂ ਭਾਸ਼ਾ ਵਿਭਾਗ ਪੰਜਾਬ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਪ੍ਰਾਪਤੀਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਉਹਨਾਂ ਵੱਲੋਂ ਨੌਜਵਾਨ ਪੀੜ੍ਹੀ ਦੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੁੜਨ ਬਾਰੇ ਗੱਲ ਕੀਤੀ ਗਈ।
ਅੱਜ ਦੇ ਸਮਾਗਮ ਦੇ ਪ੍ਰਮੁੱਖ ਵਕਤਾ ਡਾ. ਹਰਜੀਤ ਸਿੰਘ ਵੱਲੋਂ ਆਪਣੇ ਭਾਸ਼ਣ ਵਿੱਚ ਬੋਲਦਿਆਂ ਕਿਹਾ ਕਿ ਹਰ ਕੋਈ ਭਾਸ਼ਾ ਆਪਣੇ ਵਿਚਾਰਾਂ ਕਰਕੇ ਹੀ ਜਿਊਂਦੀ ਰਹਿੰਦੀ ਹੈ। ਉਹਨਾਂ ਅਨੁਸਾਰ ਆਪਣੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਤਕਨੀਕ ਦੇ ਨਾਲ ਕਦਮ ਨਾਲ ਕਦਮ ਮਿਲਾ ਕੇ ਚੱਲਣ ਦੀ ਲੋੜ ਹੈ। ਉਨ੍ਹਾਂ ਨੇ ਪੰਜਾਬੀ ਭਾਸ਼ਾ, ਵਿਆਕਰਣ ਦੇ ਨਾਲ-ਨਾਲ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਬਾਰੇ ਜਾਣੂ ਕਰਵਾਇਆ ਗਿਆ।
ਇਨ੍ਹਾਂ ਤੋਂ ਇਲਾਵਾ ਸਰਦਾਰਾ ਸਿੰਘ ਚੀਮਾ ਨੇ ਟੈਕਨਾਲੋਜੀ ਦੇ ਨਾਲ-ਨਾਲ ਸਾਡੇ ਕੇਂਦਰ ਵਿੱਚ ਇੱਕ ਚੰਗਾ ਮਨੁੱਖ ਹੋਣ ਬਾਰੇ ਆਪਣੀ ਗੱਲ ਕਰਦਿਆਂ ਰਿਸ਼ਤਿਆਂ ਨੂੰ ਵੀ ਜੋੜ ਕੇ ਰੱਖਣ ’ਤੇ ਵੀ ਜ਼ੋਰ ਦਿੱਤਾ ਗਿਆ। ਜਗਜੀਤ ਸਿੰਘ ਜੋਗ ਨੇ ਆਪਣੀ ਕਵਿਤਾ ਵਿੱਚ ਪੰਜਾਬ ਦੇ ਇਤਿਹਾਸਕ ਪਰਿਪੇਖ ਤੋਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਪੂਰਾ ਇਤਿਹਾਸ ਗਾਇਨ ਰੂਪ ਵਿੱਚ ਸਰੋਤਿਆਂ ਸਾਹਮਣੇ ਪੇਸ਼ ਕੀਤਾ। ਇਹਨਾਂ ਤੋਂ ਇਲਾਵਾ ਵਿਚਾਰ ਚਰਚਾ ਵਿੱਚ ਡਾ. ਸੁਨੀਤਾ ਰਾਣੀ, ਜਤਿੰਦਰਪਾਲ ਸਿੰਘ, ਮਨਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਸਮਾਗਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਪ੍ਰਮੁੱਖ ਵਕਤਾ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਖੋਜ ਇੰਸਟ੍ਰਕਟਰ ਜਤਿੰਦਰਪਾਲ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…