Nabaz-e-punjab.com

ਵਾਅਦਾਖ਼ਿਲਾਫ਼ੀ: ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਅਮਨ ਅਰੋੜਾ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ

ਮੁੱਖ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਵੱਲੋਂ ਮੰਗਾਂ ਮੰਨਣ ਦੇ ਬਾਵਜੂਦ ਮਸਲੇ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ’ਚ ਰੋਹ

ਨਬਜ਼-ਏ-ਪੰਜਾਬ, ਮੁਹਾਲੀ, 22 ਸਤੰਬਰ:
ਸਰਵ ਸਿੱਖਿਆ ਅਭਿਆਨ ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਪ੍ਰਵੀਨ ਸ਼ਰਮਾ ਅਤੇ ਜਗਮੋਹਨ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਸਿੱਖਿਆ ਮੁਲਾਜ਼ਮਾਂ ਵਿੱਚ ਸਰਕਾਰ ਖ਼ਿਲਾਫ਼ ਰੋਹ ਭਖਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 21 ਅਪਰੈਲ 2022 ਅਤੇ ਕੈਬਨਿਟ ਸਬ ਕਮੇਟੀ ਵੱਲੋਂ ਬੀਤੀ 14 ਮਾਰਚ 2024 ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਆਨਾਕਾਨੀ ਕੀਤੀ ਜਾ ਰਹੀ ਹੈ। ਵਿੱਤ ਮੰਤਰੀ ਦੇ ਆਦੇਸ਼ਾਂ ਅਨੁਸਾਰ ਜਥੇਬੰਦੀ ਵੱਲੋਂ ਡੀਜੀਐਸਈ ਨੂੰ ਹਲਫ਼ਨਾਮਾ ਵੀ ਦਿੱਤਾ ਗਿਆ ਸੀ ਲੇਕਿਨ ਅਫ਼ਸਰਸ਼ਾਹੀ ਜਾਣਬੁੱਝ ਕੇ ਰਾਹ ਵਿੱਚ ਕੰਢੇ ਵਿਛਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਫ਼ੈਸਲੇ ਤੋਂ ਬਾਅਦ ਕੈਬਨਿਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖ਼ਾਹ ਕਟੌਤੀ ਦੂਰ ਕਰਨ ਦੇ ਸਬੰਧੀ ਤਿੰਨ ਵਾਰ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਜਾ ਚੁੱਕੇ ਹਨ ਪ੍ਰੰਤੂ ਅਫ਼ਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਥਾਂ ਹੋਰ ਉਲਝਾ ਰਹੀ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ ਉਲਟਾ ਬਿਨਾਂ ਕਿਸੇ ਪੱਤਰ ਦੇ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ’ਤੇ ਕੁਹਾੜਾ ਚਲਾ ਦਿੱਤਾ ਹੈ ਅਤੇ ਹੁਣ ਤੱਕ ਤਨਖ਼ਾਹ ਕਟੌਤੀ ਦਾ ਫ਼ਰਕ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮੀਟਿੰਗਾਂ ਵਿੱਚ ਮੰਗਾਂ ਨੂੰ ਜਾਇਜ਼ ਮੰਨਦੇ ਹਨ ਪ੍ਰੰਤੂ ਸਰਕਾਰ ਦੀ ਸਹਿਮਤੀ ਦੇ ਬਾਵਜੂਦ ਮਸਲੇ ਦਾ ਹੱਲ ਨਹੀਂ ਹੋ ਰਿਹਾ।
ਆਗੂਆਂ ਨੇ ਦੱਸਿਆ ਕਿ ਜਥੇਬੰਦੀ ਨੂੰ ਬੀਤੀ 12 ਸਤੰਬਰ ਨੂੰ ਕੈਬਨਿਟ ਸਬ ਕਮੇਟੀ ਨਾਲ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪ੍ਰੰਤੂ ਕਿਸੇ ਕਾਰਨ ਵਿੱਤ ਮੰਤਰੀ ਸ਼ਾਮਲ ਨਹੀਂ ਹੋ ਸਕੇ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸਿੱਖਿਆ ਸਕੱਤਰ ਵੱਲੋਂ ਮੀਟਿੰਗ ਕੀਤੀ ਗਈ। ਧਾਲੀਵਾਲ ਤੇ ਸਕੱਤਰ ਨੇ ਮਾਮਲਾ ਵਿੱਤ ਮੰਤਰੀ ’ਤੇ ਹੀ ਸੁੱਟਦਿਆਂ ਕਿਹਾ ਗਿਆ ਕਿ ਜਲਦ ਹੀ ਪੂਰੀ ਕੈਬਨਿਟ ਸਬ ਕਮੇਟੀ ਦੀ ਸੱਦੀ ਜਾਵੇਗੀ 10 ਦਿਨ ਬੀਤਣ ਦੇ ਬਾਵਜੂਦ ਮੀਟਿੰਗ ਨਹੀਂ ਸੱਦੀ ਜਾ ਰਹੀ। ਉਨ੍ਹਾਂ ਕਿਹਾ ਕਿ ਦਫ਼ਤਰੀ ਮੁਲਾਜ਼ਮ ਦੀਆਂ ਮੰਗਾਂ ’ਤੇ ਕਾਰਵਾਈ ਨਾ ਹੋਣ ਦੇ ਰੋਸ ਵਜੋਂ 25 ਸਤੰਬਰ ਨੂੰ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਮਨ ਅਰੋੜਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਮਸਲੇ ਦਾ ਪੱਕਾ ਹੱਲ ਹੋਣ ਤੱਕ ਧਰਨਾ ਜਾਰੀ ਰਹੇਗਾ। ਇਸ ਸਬੰਧੀ ਕੱਚੇ ਮੁਲਾਜ਼ਮਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ ਸਾਰੇ ਕਰਮਚਾਰੀਆਂ ਨੂੰ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…