
ਵਾਅਦਾਖ਼ਿਲਾਫ਼ੀ: ਪੰਜਾਬ ਦੀ ਆਪ ਸਰਕਾਰ ਵਿਰੁੱਧ ਗਰਜੇ ਪੈਨਸ਼ਨਰ ਬਾਬੇ
ਮੁਹਾਲੀ ਵਿੱਚ ਜ਼ਬਰਦਸਤ ਰੋਸ ਮੁਜ਼ਾਹਰਾ, ਚੰਡੀਗੜ੍ਹ ਵੱਲ ਕੀਤਾ ਕੂਚ, ਪੁਲੀਸ ਨੇ ਵਾਈਪੀਐਸ ਚੌਂਕ ਨੇੜੇ ਰਾਹ ਡੱਕਿਆ
ਵਿੱਤ ਵਿਭਾਗ ਦੇ ਸਕੱਤਰ ਜਸਮਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮੰਗ ਪੱਤਰ ਲਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ:
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਅਤੇ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਅੱਜ ਇੱਥੇ ਦਸਹਿਰਾ ਗਰਾਉਂਡ ਫੇਜ਼-8 ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਬੁਲਾਰਿਆਂ ਨੇ ਪੰਜਾਬ ਦੀ ਆਪ ਸਰਕਾਰ ਨੂੰ ਪੁਰਾਣੀ ਰਵਾਇਤੀ ਪਾਰਟੀਆਂ ਦੇ ਰਾਹ ’ਤੇ ਚੱਲਦਿਆਂ ਮੁਲਾਜ਼ਮ ਵਰਗ, ਪੈਨਸ਼ਨਰਾਂ ਅਤੇ ਆਮ ਲੋਕਾਂ ਨਾਲ ਧ੍ਰੋਹ ਕਮਾਉਣ ਦਾ ਦੋਸ਼ ਲਾਇਆ।
ਰੈਲੀ ਨੂੰ ਸੂਬਾ ਕਨਵੀਨਰ ਕਰਮ ਸਿੰਘ ਧਨੋਆ, ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ, ਠਾਕੁਰ ਸਿੰਘ, ਬਖ਼ਸ਼ੀਸ਼ ਸਿੰਘ, ਡਾ. ਐਨਕੇ ਕਲਸੀ, ਸਤਨਾਮ ਸਿੰਘ, ਅਵਿਨਾਸ਼ ਚੰਦਰ ਸ਼ਰਮਾ, ਪ੍ਰੇਮ ਸਾਗਰ ਸ਼ਰਮਾ, ਸੁਰਿੰਦਰ ਰਾਮ, ਧਨਵੰਤ ਸਿੰਘ, ਰਣਧੀਰ ਸਿੰਘ, ਪ੍ਰੇਮ ਚੰਦ, ਮੇਜਰ ਸਿੰਘ, ਹਰਬੰਸ ਸਿੰਘ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਸਮਾਗਮਾਂ ਦੌਰਾਨ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਕੈਬਨਿਟ ਦੀ ਪ੍ਰਵਾਨਗੀ ਦੇ ਬਾਵਜੂਦ ਵਿੱਤ ਵਿਭਾਗ ਨੇ 6ਵੇਂ ਤਨਖ਼ਾਹ ਕਮਿਸ਼ਨ ਦੀ ਸਿਫ਼ਾਰਸ਼ ਅਨੁਸਾਰ 1 ਜਨਵਰੀ 2016 ਤੋਂ ਪਹਿਲਾਂ ਦੇ ਪੈਨਸ਼ਨਰਾਂ ਦੀ ਪੈਨਸ਼ਨ ਨਹੀਂ ਸੋਧੀ ਅਤੇ ਪੈਨਸ਼ਨਰ ਸੋਧ ਦੀਆਂ ਸਿਫ਼ਾਰਸ਼ਾਂ ਨਾਲ ਛੇੜਛਾੜ ਕਰਕੇ ਅਕਤੂਬਰ 2021 ਨੂੰ ਘਾਟੇ ਦੀ ਪੈਨਸ਼ਨ ਸੋਧ ਦਾ ਪੱਤਰ ਜਾਰੀ ਕੀਤਾ ਗਿਆ, ਜਿਸ ਨਾਲ ਪੈਨਸ਼ਨਰਾਂ ਨੂੰ ਵੱਡੇ ਪੱਧਰ ’ਤੇ ਵਿੱਤੀ ਨੁਕਸਾਨ ਹੋਇਆ ਹੈ। ਇਹੀ ਨਹੀਂ ਕਈ ਪੈਨਸ਼ਨਰ ਵਿੱਤੀ ਲਾਭ ਨੂੰ ਉਡੀਕਦੇ ਹੋਏ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨੂੰ ਅਜੇ ਤਾਈਂ ਸੋਧੀ ਪੈਨਸ਼ਨ ਦਾ ਏਰੀਅਰ ਵੀ ਨਹੀਂ ਦਿੱਤਾ, ਕੈਸ਼ਲੈਸ ਸਿਹਤ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਹਨ, 1 ਜੁਲਾਈ 2021 ਅਤੇ 1 ਜਨਵਰੀ 2022 ਤੋਂ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਵੀ ਪੈਂਡਿੰਗ ਪਿਆ ਹੈ। ਇਹੀ ਨਹੀਂ ਸਰਕਾਰ ਪੈਨਸ਼ਨਰਾਂ ਦੇ ਪੈਂਡਿੰਗ ਮੈਡੀਕਲ ਬਿੱਲਾਂ ਦੀ ਅਦਾਇਗੀ ਕਰਨ ਤੋਂ ਵੀ ਪੱਲਾ ਝਾੜ ਗਈ ਹੈ। ਜਿਸ ਕਾਰਨ ਪੈਨਸ਼ਨਰ ਬਾਬਿਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਠੰਢ ਦੇ ਮੌਸਮ ਵਿੱਚ ਇਨਸਾਫ਼ ਲਈ ਉਨ੍ਹਾਂ ਨੂੰ ਸੜਕਾਂ ’ਤੇ ਆਉਣਾ ਪਿਆ ਹੈ ਜਦੋਂਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਭਰੋਸਾ ਦਿੱਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਿਸੇ ਨੂੰ ਇਨਸਾਫ਼ ਲਈ ਧਰਨੇ ਨਹੀਂ ਲਾਉਣੇ ਪੈਣਗੇ ਪ੍ਰੰਤੂ ਜ਼ਮੀਨੀ ਹਕੀਕਤ ਕੋਹਾਂ ਦੂਰ ਹੈ। ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ।
ਉਧਰ, ਜਦੋਂ ਕੋਈ ਸਮਰੱਥ ਅਧਿਕਾਰੀ ਮੰਗ ਪੱਤਰ ਲੈਣ ਨਹੀਂ ਆਇਆ ਤਾਂ ਪੈਨਸ਼ਨਰ ਬਾਬਿਆਂ ਨੇ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ। ਲੇਕਿਨ ਮੁਹਾਲੀ ਪੁਲੀਸ ਨੇ ਵਾਈਪੀਐਸ ਚੌਂਕ ਨੇੜੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ ਅਤੇ ਉਹ ਉੱਥੇ ਧਰਨਾ ਲਗਾ ਕੇ ਬੈਠ ਗਏ। ਇਸ ਦੌਰਾਨ ਵਿੱਤ ਵਿਭਾਗ ਦੇ ਸਕੱਤਰ ਜਸਮਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਪੈਨਸ਼ਨਰ ਬਾਬਿਆਂ ਤੋਂ ਮੰਗ ਪੱਤਰ ਹਾਸਲ ਕੀਤਾ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵਿੱਤ ਮੰਤਰੀ ਤੱਕ ਪੁੱਜਦੀਆਂ ਕਰਨ ਦਾ ਭਰੋਸਾ ਦਿੱਤਾ। ਇਸ ਮਗਰੋਂ ਪੈਨਸ਼ਨਰਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ।