
ਸਿਵਲ ਸਰਜਨ ਵੱਲੋਂ ਡਿਸਪੈਂਸਰੀਆਂ ਦੀ ਜਾਂਚ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
ਸਾਫ਼-ਸਫ਼ਾਈ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀਆਂ ਹਦਾਇਤਾਂ ਜਾਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ:
ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਨੂੰ ਹੋਰ ਵਧੇਰੇ ਬਿਹਤਰ ਬਣਾਉਣ ਦੇ ਮੰਤਵ ਨਾਲ ਸੋਮਵਾਰ ਨੂੰ ਮੁਹਾਲੀ ਦੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਇੱਥੋਂ ਦੇ ਫੇਜ਼-9 ਅਤੇ ਫੇਜ਼-11 ਵਿੱਚ ਪੈਂਦੀਆਂ ਸਿਵਲ ਡਿਸਪੈਂਸਰੀਆਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਇਨ੍ਹਾਂ ਥਾਵਾਂ ’ਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਾ. ਆਦਰਸ਼ਪਾਲ ਕੌਰ ਨੇ ਚੈਕਿੰਗ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਬਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ ਕੀਤੀ ਅਤੇ ਵੱਖ-ਵੱਖ ਕਮਰਿਆਂ ਵਿੱਚ ਜਾ ਕੇ ਨਿਰੀਖਣ ਕੀਤਾ।
ਸਿਵਲ ਸਰਜਨ ਨੇ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਡਿਸਪੈਂਸਰੀਆਂ ਵਿੱਚ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਵਿੱਚ ਹੀ ਮੌਜੂਦ ਦਵਾਈਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਹੂਲਤਾਂ ਦੇਣ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇ ਕਿਸੇ ਹਸਪਤਾਲ ਵਿੱਚ ਲੋੜੀਂਦੀਆਂ ਦਵਾਈਆਂ ਜਾਂ ਸਹੂਲਤਾਂ ਦੀ ਘਾਟ ਹੈ ਤਾਂ ਤੁਰੰਤ ਮੁੱਖ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਲੋੜੀਂਦੇ ਪ੍ਰਬੰਧ ਕੀਤਾ ਜਾ ਸਕਣ।
ਸਿਵਲ ਸਰਜਨ ਨੇ ਸਿਹਤ ਸੰਸਥਾਵਾਂ ਵਿੱਚ ਸਾਫ਼-ਸਫ਼ਾਈ ਵੱਲ ਹੋਰ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਦੀ ਤੰਦਰੁਸਤੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਜਿਸ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਸੂਬਾਈ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿੱਚ ਮਿਲਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਅਤੇ ਪਿਆਰ ਨਾਲ ਪੇਸ਼ ਆਇਆ ਜਾਵੇ।
ਉਨ੍ਹਾਂ ਕਿਹਾ ਕਿ ਡਾਕਟਰ ਅਤੇ ਮਰੀਜ਼ ਦਾ ਰਿਸ਼ਤਾ ਬਹੁਤ ਅਹਿਮੀਅਤ ਰੱਖਦਾ ਹੈ। ਜੇ ਦੋਹਾਂ ਵਿਚਾਲੇ ਸਾਂਝ ਹੈ ਤਾਂ ਸਹੀ ਅਤੇ ਮਿਆਰੀ ਇਲਾਜ ਵਿਚ ਮਦਦ ਮਿਲਦੀ ਹੈ। ਜਦ ਡਾਕਟਰ ਮਰੀਜ਼ ਪ੍ਰਤੀ ਹਮਦਰਦੀ ਵਿਖਾਏਗਾ ਤਾਂ ਮਰੀਜ਼ ਅਪਣੀ ਬੀਮਾਰੀ ਬਾਰੇ ਚੰਗੀ ਤਰ੍ਹਾਂ ਖੁਲ੍ਹ ਕੇ ਦੱਸ ਸਕਦਾ ਹੈ ਜਿਸ ਨਾਲ ਉਸ ਦਾ ਛੇਤੀ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਕਿ ਇਸ ਜਾਂਚ ਦਾ ਮਕਸਦ ਹਸਪਤਾਲਾਂ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਹੈ ਜਿਸ ਲਈ ਲੋਕਾਂ ਦਾ ਸਾਥ ਵੀ ਲੋੜੀਂਦਾ ਹੈ। ਇਸ ਮੌਕੇ ਡਾ. ਹਰਕੀਰਤ ਕੌਰ, ਡਾ. ਹਰਪ੍ਰੀਤ ਕੌਰ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਡਾਹਰੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।