Nabaz-e-punjab.com

ਮੁਹਾਲੀ ਨੇੜਲੇ ਪਿੰਡ ਕੁਰੜੀ ਵਿੱਚ ਸ਼ਾਮਲਾਟ ਜ਼ਮੀਨ ’ਚੋਂ ਮਿੱਟੀ ਪੁੱਟਣ ਦਾ ਵਿਵਾਦ ਭਖਿਆ

ਪਿੰਡ ਵਾਸੀਆਂ ਨੇ ਸਰਪੰਚ ’ਤੇ ਲਗਾਏ ਮਿੱਟੀ ਵੇਚਣ ਦੇ ਦੋਸ਼, ਸਰਪੰਚ ਨੇ ਦੋਸ਼ ਨਕਾਰੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਇੱਥੋਂ ਦੇ ਨਜ਼ਦੀਕੀ ਪਿੰਡ ਕੁਰੜੀ ਵਿੱਚ ਸਰਪੰਚ ਵੱਲੋਂ ਸ਼ਾਮਲਾਟ ਜ਼ਮੀਨ ’ਚੋਂ ਮਿੱਟੀ ਪੁਟਵਾ ਕੇ ਸ਼ਮਸ਼ਾਨ ਘਾਟ ਅਤੇ ਹੋਰਨਾਂ ਥਾਵਾਂ ਤੇ ਪਵਾਉਣ ਦਾ ਮਾਮਲਾ ਉਲਝ ਗਿਆ ਹੈ। ਇਸ ਸੰਬੰਧੀ ਜਿੱਥੇ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਦੋਸ਼ ਲਾਇਆ ਹੈ ਕਿ ਸਰਪੰਚ ਵੱਲੋਂ ਇਹ ਮਿੱਟੀ ਵੇਚੀ ਜਾ ਰਹੀ ਹੈ ਅਤੇ ਇਹ ਕੰਮ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਕੀਤਾ ਜਾ ਰਿਹਾ ਹੈ ਜਦੋਂਕਿ ਪਿੰਡ ਦੇ ਸਰਪੰਚ ਛੱਜਾ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।
ਪਿੰਡ ਕੁਰੜੀ ਦੇ ਵਸਨੀਕਾਂ ਭਾਗ ਸਿੰਘ, ਸੰਤੋਖ ਸਿੰਘ, ਕੁਲਦੀਪ ਸਿੰਘ, ਗੁਰਮੇਲ ਸਿੰਘ, ਕਰਮ ਸਿੰਘ ਤੇ ਹੋਰਨਾਂ ਨੇ ਦੱਸਿਆ ਕਿ ਪਿੰਡ ਕੁਰੜੀ ਦੇ ਸਰਪੰਚ ਛੱਜਾ ਸਿੰਘ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਪਿੰਡ ਦੀ ਸ਼ਾਮਲਾਟ ਜਮੀਨ ਵਿਚੋੱ ਮਿੱਟੀ ਪੁਟਵਾ ਦਿੱਤੀ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਪੰਚ ਵੱਲੋਂ ਇਹ ਮਿੱਟੀ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਕਾਰਨ ਪੂਰੇ ਦੇਸ਼ ਵਿੱਚ ਚੋਣ ਜਾਬਤਾ ਲੱਗਿਆ ਹੋਇਆ ਹੈ, ਇਸ ਲਈ ਪਿੰਡ ਵਿੱਚ ਇਸ ਤਰ੍ਹਾਂ ਦੇ ਕੰਮ ਨਹੀਂ ਕਰਵਾਏ ਜਾ ਸਕਦੇ। ਉਨ੍ਹਾਂ ਕਿਹਾ ਕਿ ਸਰਪੰਚ ਕਾਂਗਰਸ ਪਾਰਟੀ ਨਾਲ ਸਬੰਧ ਰੱਖਦਾ ਹੈ, ਇਸ ਕਰਕੇ ਉਸ ਵੱਲੋਂ ਚੋਣ ਜਾਬਤੇ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਅਫ਼ਸਰਾਂ ਦੀ ਮਿਲੀ ਭੁਗਤ ਨਾਲ ਇਹ ਕੰਮ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਦੋਂ ਪਿੰਡ ਦੇ ਸਰਪੰਚ ਛੱਜਾ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਮਿੱਟੀ ਪੁੱਟਣ ਦਾ ਕੰਮ ਕੀਤਾ ਗਿਆ ਸੀ ਅਤੇ ਹੁਣ ਸ਼ਾਮਲਾਟ ਜਮੀਨ ਵਿਚੋੱ ਮਿੱਟੀ ਨਹੀਂ ਚੁੱਕੀ ਜਾ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਮਿੱਟੀ ਵੇਚੀ ਨਹੀਂ ਹੈ ਬਲਕਿ ਇਹ ਮਿੱਟੀ ਪਿੰਡ ਦੇ ਸ਼ਮਸ਼ਾਨਘਾਟ ਅਤੇ ਪਿੰਡ ਦੀਆਂ ਗਲੀਆਂ ਵਿੱਚ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਉਹ ਛੇਵੀਂ ਵਾਰ ਪਿੰਡ ਦੇ ਸਰਪੰਚ ਬਣੇ ਹਨ ਅਤੇ ਉਨ੍ਹਾਂ ਕਦੇ ਵੀ ਕੋਈ ਗਲਤ ਕੰਮ ਨਹੀਂ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕੰਮ ਦਾ ਚੋਣ ਜ਼ਾਬਤੇ ਨਾਲ ਕੋਈ ਸਬੰਧ ਨਹੀਂ ਹੈ।
ਇਸ ਸਬੰਧੀ ਜਦੋਂ ਪੰਚਾਇਤ ਸੈਕਟਰੀ ਹਰਮੇਸ਼ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਸੀ ਪਰ ਹੁਣ ਜਾਣਕਾਰੀ ਮਿਲਣ ’ਤੇ ਉਹ ਇਸ ਦੀ ਜਾਂਚ ਕਰਵਾਉਣਗੇ। ਜਦੋਂ ਪੰਚਾਇਤ ਸੈਕਟਰੀ ਨੂੰ ਇਸ ਤਰ੍ਹਾਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਬਾਰੇ ਪੁੱਛਿਆ ਤਾਂ ਉਨ੍ਹਾਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਅਤੇ ਗੱਲ ਗੋਲ ਮੋਲ ਕਰਦਿਆਂ ਪੱਲਾ ਝਾੜ ਲਿਆ। ਇਸ ਸਬੰਧੀ ਜਦੋਂ ਬੀਡੀਪੀਓ ਰਣਜੀਤ ਸਿੰਘ ਬੈਂਸ ਨਾਲ ਤਾਲਮੇਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸ਼ਾਮਲਾਟ ਜ਼ਮੀਨ ’ਚੋਂ ਮਿੱਟੀ ਪੁਟਣ ਦਾ ਕੰਮ ਬੰਦ ਹੋ ਚੁੱਕਿਆ ਹੈ। ਇਸ ਸਬੰਧੀ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਜਾਣਕਾਰੀ ਮਿਲੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਅਸਲੀਅਤ ਤਾਂ ਇਹ ਹੈ ਕਿ ਉਨ੍ਹਾਂ ਕੋਲ ਅਜੇ ਤੱਕ ਸ਼ਾਮਲਾਟ ਜ਼ਮੀਨ ’ਚੋਂ ਮਿੱਟੀ ਪੁੱਟੇ ਜਾਣ ਦੀ ਕੋਈ ਲਿਖਤੀ ਸ਼ਿਕਾਇਤ ਨਹੀਂ ਆਈ ਹੈ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ ਵੇਰਕਾ ਮਿਲਕ ਪਲਾਂਟ ਮੁਹਾਲ…