
ਪੰਜਾਬ ਸਰਕਾਰ ਵੱਲੋਂ ਜੀਓਜੀ ਭੰਗ ਕਰਨਾ, ਬੇਹੱਦ ਨਿੰਦਣਯੋਗ: ਬੀਬੀ ਰਾਮੂਵਾਲੀਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ:
ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੀ ਸਾਬਕਾ ਚੇਅਰਪਰਸਨ ਅਤੇ ਭਾਜਪਾ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਦੀ ਆਪ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਰੁਜ਼ਗਾਰ ਪੈਦਾ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਹੁਕਮਰਾਨਾਂ ਨੇ ਪਿਛਲੀ ਸਰਕਾਰ ਵੱਲੋਂ ਭਰਤੀ ਕੀਤੇ ਹਜ਼ਾਰਾਂ ਜੀਓਜੀ ਮੁਲਾਜ਼ਮਾਂ ਨੂੰ ਇੱਕਤਰਫਾ ਫ਼ੈਸਲਾ ਸੁਣਾ ਕੇ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਦੀ ਨਿਗਰਾਨੀ ਹੇਠ ਗਰਾਮ ਪੰਚਾਇਤਾਂ ਦਾ ਕੰਮ ਸਹੀ ਢੰਗ ਨਾਲ ਚੱਲ ਰਿਹਾ ਸੀ ਪਰ ਹੁਣ ਸਰਕਾਰ ਦੇ ਇਸ ਫੈਸਲੇ ਨੇ ਨਾ ਸਿਰਫ਼ ਗਰਾਮ ਪੰਚਾਇਤਾਂ ਨੂੰ ਖੁੱਲ੍ਹ ਦਿੱਤੀ ਗਈ ਬਲਕਿ ਹਜ਼ਾਰਾਂ ਪਰਿਵਾਰਾਂ ਕੋਲੋਂ ਰੁਜ਼ਗਾਰ ਵੀ ਖੋਹ ਲਿਆ ਹੈ।
ਬੀਬੀ ਰਾਮੂਵਾਲੀਆ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਫ਼ੈਸਲੇ ਲੈਣ ਤੋਂ ਪਹਿਲਾਂ ਸਬੰਧਤ ਮੁਲਾਜ਼ਮਾਂ ਲਈ ਹੋਰ ਰੁਜ਼ਗਾਰ ਪੈਦਾ ਕਰਨਾ ਚਾਹੀਦਾ ਸੀ ਤਾਂ ਜੋ ਹਜ਼ਾਰਾਂ ਪਰਿਵਾਰਾਂ ਨੂੰ ਬੇਰੁਜ਼ਗਾਰੀ ਦਾ ਸ਼ਿਕਾਰ ਨਾ ਹੋਣਾ ਪੈਂਦਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਆਪਣਾ ਕੰਮ ਸਹੀ ਢੰਗ ਨਾਲ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੁੰਦਾ ਹੈ ਨਾ ਕਿ ਰੁਜ਼ਗਾਰ ਖ਼ਤਮ ਕਰਕੇ ਕਿਸੇ ਨੂੰ ਬੇਰੁਜ਼ਗਾਰੀ ਦੀ ਭੱਠੀ ਵਿੱਚ ਝੌਂਕਿਆ ਜਾਵੇ।