ਆਟਾ-ਦਾਲ ਸਕੀਮ: ਪੰਜਾਬ ਵਿੱਚ ਸਰਕਾਰੀ ਡਿੱਪੂਆਂ ’ਚ ਬਾਇਓਮੈਟ੍ਰਿਕ ਪ੍ਰਣਾਲੀ ਰਾਹੀਂ ਕੀਤੀ ਜਾਵੇਗੀ ਰਾਸ਼ਨ ਦੀ ਵੰਡ

ਮੁਹਾਲੀ ਤੋਂ ਪਾਇਲਟ ਪ੍ਰਾਜੈਕਟ ਦੀ ਸ਼ੁਰੂਆਤ, ਜਨਤਕ ਵੰਡ ਪ੍ਰਣਾਲੀ ਵਿੱਚ ਪੁਰੀ ਪਾਰਦਰਸ਼ਤਾ ਆਵੇਗੀ: ਸਿਨਹਾ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ:
ਪੰਜਾਬ ਵਿੱਚ ਸਸਤੇ ਰਾਸ਼ਨ ਦੇ ਸਰਕਾਰੀ ਡਿੱਪੂਆਂ ਵਿੱਚ ਹੁਣ ਬਾਇਓਮੈਟ੍ਰਿਕ ਪ੍ਰਣਾਲੀ ਰਾਹੀਂ ਰਾਸ਼ਨ ਦੀ ਵੰਡ ਕੀਤੀ ਜਾਵੇਗੀ। ਇਸ ਨਾਲ ਜਨਤਕ ਵੰਡ ਪ੍ਰਣਾਲੀ ਵਿੱਚ ਪੁਰੀ ਪਾਰਦਰਸ਼ਤਾ ਆਵੇਗੀ ਅਤੇ ਲੋੜਵੰਦ ਲੋਕ ਵੀ ਖੱਜਲ ਖੁਆਰੀ ਤੋਂ ਬਚ ਸਕਣਗੇ। ਇਸ ਗੱਲ ਦੀ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੋਂ ਦੇ ਫੇਜ਼-11 ਤੋਂ ਸਸਤੇ ਸਰਕਾਰੀ ਰਾਸ਼ਨ ਡਿੱਪੂ ਤੋਂ ਬਾਇਓਮੈਟ੍ਰਿਕ ਪ੍ਰਣਾਲੀ ਰਾਹੀਂ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਕਣਕ ਵੰਡਣ ਦੀ ਰਸਮੀ ਸ਼ੁਰੂਆਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ।
ਸ੍ਰੀ ਸਿਨਹਾ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਤੋਂ ਜਨਤਕ ਵੰਡ ਪ੍ਰਣਾਲੀ ਵਿੱਚ ਰਾਸ਼ਨ ਡਿੱਪੂਆਂ ਤੋਂ ਬਾਇਓਮੈਟ੍ਰਿਕ ਸਿਸਟਮ ਸ਼ੁਰੂ ਕੀਤਾ ਗਿਆ ਹੈ ਅਤੇ 31 ਮਾਰਚ ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿੱਪੂਆਂ ਵਿੱਚ ਇਹ ਸਿਸਟਮ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਆਟਾ ਦਾਲ ਦੇ ਲਾਭਪਾਤਰੀਆਂ ਵੱਲੋਂ ਕਣਕ ਵਿੱਚ ਹੇਰਾਫੇਰੀ ਅਤੇ ਕਣਕ ਸਮੇਂ ਸਿਰ ਨਾ ਮਿਲਣ ਦੀਆਂ ਸ਼ਿਕਾਇਤਾਂ ਮਿਲਦੀਆਂ ਸਨ। ਇਨ੍ਹਾਂ ਸਾਰੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਬਾਇਓਮੈਟ੍ਰਿਕ ਸਿਸਟਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਸਰਕਾਰੀ ਡਿੱਪੂਆਂ ਵਿੱਚ ਇਹ ਪ੍ਰਣਾਲੀ ਸ਼ੁਰੂ ਹੋਣ ਨਾਲ ਜਨਤਕ ਵੰਡ ਪ੍ਰਣਾਲੀ ਵਿੱਚ ਪੁਰੀ ਪਾਰਦਰਸ਼ਤਾ ਆਵੇਗੀ ਅਤੇ ਹੁਣ ਕਿਸੇ ਕਿਸਮ ਦੀ ਹੇਰਾਫੇਰੀ ਨਹੀਂ ਹੋ ਸਕੇਗੀ।
ਸ੍ਰੀ ਸਿਨਹਾ ਨੇ ਦੱਸਿਆ ਕਿ ਪੰਜਾਬ ਵਿੱਚ ਕਰੀਬ 17 ਹਜ਼ਾਰ ਸਸਤੇ ਸਰਕਾਰੀ ਰਾਸ਼ਨ ਦੇ ਡਿੱਪੂ ਹਨ। ਜਿੱਥੇ ਕਿ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਸਾਲਾਨਾ 8 ਲੱਖ 70 ਹਜ਼ਾਰ ਮੀਟਰਿਕ ਟਨ ਕਣਕ ਵੰਡੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਕਣਕ 2 ਰੁਪਏ ਕਿੱਲੋ ਅਤੇ ਪ੍ਰਤੀ ਮੈਂਬਰ ਨੂੰ 5 ਕਿੱਲੋ ਪ੍ਰਤੀ ਮਹੀਨਾ ਅਤੇ ਪੰਜਾਬ ਵਿੱਚ 6 ਮਹੀਨੇ ਦੀ ਇਕੱਠੀ ਕਣਕ ਜੋ ਕਿ 30 ਕਿੱਲੋ ਬਣਦੀ ਹੈ ਦਿੱਤੀ ਜਾਂਦੀ ਹੈ।
ਇਸ ਤੋਂ ਪਹਿਲਾਂ ਵਿਭਾਗ ਦੀ ਸੰਯੁਕਤ ਡਾਇਰਕੈਟਰ ਸ੍ਰੀਮਤੀ ਸਿਮਰਨਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਤੋਂ ਇਹ ਪ੍ਰਣਾਲੀ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕੀਤੀ ਗਈ ਹੈ। ਹੁਣ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਲਿਆਉਣ ਦੀ ਲੋੜ ਨਹੀਂ ਹੋਵੇਗੀ ਸਗੋਂ ਹੁਣ ਉਹ ਆਪਣਾ ਆਧਾਰ ਕਾਰਡ ਨੰਬਰ ਅਤੇ ਆਪਣੇ ਫਿੰਗਰ ਪ੍ਰਿੰਟ ਦੇ ਕੇ ਕਣਕ ਪ੍ਰਾਪਤ ਕਰ ਸਕਣਗੇ।
ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਸ੍ਰੀਮਤੀ ਹਰਜੀਤ ਕੌਰ ਨੇ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿੱਚ 264 ਸਸਤੇ ਰਾਸ਼ਨ ਦੇ ਸਰਕਾਰੀ ਡਿੱਪੂ ਹਨ ਅਤੇ ਕਰੀਬ 99 ਹਜ਼ਾਰ ਆਟਾ ਦਾਲ ਸਕੀਮ ਦੇ ਕਾਰਡ ਹੋਲਡਰ ਹਨ। ਜਿਨ੍ਹਾਂ ਨੂੰ ਛੇ ਮਹੀਨੇ ਬਾਅਦ 11 ਹਜ਼ਾਰ 218 ਮੀਟਰਿਕ ਟਨ ਕਣਕ 2 ਰੁਪਏ ਕਿੱਲੋ ਦੇ ਹਿਸਾਬ ਨਾਲ ਦਿੱਤੀ ਜਾਂਦੀ ਹੈ। ਇਸ ਮੌਕੇ ਡੀਐਫਐਸਓ ਸੰਜੀਵ ਗੁਪਤਾ, ਹੇਮ ਰਾਜ ਸ਼ਰਮਾ, ਏ.ਐਫ.ਐਸ.ਓ. ਰਾਜਨ ਗੁਪਤਾ, ਅਨਿਲ ਬਾਵਾ, ਪਰਮਿੰਦਰ ਸਿੰਘ, ਇੰਸਪੈਕਟਰ ਸਿੰਘ ਬਿਕਰਮ, ਰੇਣੁਕਾ ਬੱਤਰਾ, ਸਿਮਰਨਜੀਤ ਸਿੰਘ ਅਤੇ ਟੈਕਨੀਕਲ ਟੀਮ ਦੇ ਗੌਰਵ ਅਤੇ ਪੁਨਿਤ ਕੁਮਾਰ ਅਤੇ ਅਮਿਤ ਕੁਮਾਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…