ਜ਼ਿਲ੍ਹਾ ਪ੍ਰਸ਼ਾਸਨ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀਆਂ ਮਾਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਸ਼ਿਕੰਜਾ ਕੱਸਿਆ

ਧੋਖਾਧੜੀ ਦਾ ਕੇਸ ਦਰਜ ਹੋਣ ਮਗਰੋਂ ਨਵੀਂ ਇਮੀਗਰੇਸ਼ਨ ਕੰਪਨੀ ਖੋਲ੍ਹਣ ਵਾਲੇ ਇਮੀਗਰੇਸ਼ਨ ਏਜੰਟਾਂ ਖ਼ਿਲਾਫ਼ ਜਾਂਚ ਆਰੰਭੀ

ਮੁਹਾਲੀ ਜ਼ਿਲ੍ਹੇ ਹੁਣ ਤੱਕ ਕਰੀਬ 42 ਇਮੀਗਰੇਸ਼ਨ ਏਜੰਟਾਂ ਦੀਆਂ ਫ਼ਰਮਾਂ ਦੇ ਲਾਇਸੈਂਸ ਮੁਅੱਤਲ ਕੀਤੇ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਜ਼ਿਲ੍ਹਾ ਪ੍ਰਸ਼ਾਸਨ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਭੋਲੇ ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਸ਼ਿਕੰਜਾ ਕੱਸ ਦਿੱਤਾ ਹੈ। ਧੋਖਾਧੜੀ ਦਾ ਪਰਚਾ ਦਰਜ ਹੋਣ ਤੋਂ ਬਾਅਦ ਸਬੰਧਤ ਏਜੰਟ ਵੱਲੋਂ ਨਵੀਂ ਕੰਪਨੀ ਖੋਲ੍ਹ ਕੇ ਮੁੜ ਕਾਰੋਬਾਰ ਸ਼ੁਰੂ ਕਰਨ ਸਬੰਧੀ ਪ੍ਰਸ਼ਾਸਨ ਨੇ ਹੁਣ ਪੁਰਾਣੀ ਫਾਈਲਾਂ ਤੋਂ ਮਿੱਟੀ ਝਾੜਨੀ ਸ਼ੁਰੂ ਕਰ ਦਿੱਤੀ ਹੈ। ਜਿਸ ਕਾਰਨ ਅਣਅਧਿਕਾਰਤ ਤੌਰ ’ਤੇ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲੇ ਧੋਖੇਬਾਜ਼ ਏਜੰਟਾਂ ਦੀ ਨੀਂਦ ਉੱਡ ਗਈ ਹੈ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਮੀਡੀਆ ਨੂੰ ਦੱਸਿਆ ਕਿ ਅਣਅਧਿਕਾਰਤ ਇਮੀਗ੍ਰੇਸ਼ਨ ਦੇ ਕਾਰੋਬਾਰ ਅਤੇ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨਾਲ ਠੱਗੀਆਂ ਮਾਰਨ ਬਾਰੇ ਹੁਣ ਤੱਕ ਕਈ ਸ਼ਿਕਾਇਤਾਂ ਮਿਲ ਚੁੱਕੀਆਂ ਹਨ। ਇਮੀਗ੍ਰੇਸ਼ਨ ਕੰਪਨੀ ਵਿਰੁੱਧ ਅਪਰਾਧਿਕ ਕੇਸ ਦਰਜ ਹੋਣ ਤੋਂ ਬਾਅਦ ਟਰੈਵਲ ਏਜੰਟ ਨੂੰ ਨਵੀਂ ਕੰਪਨੀ ਖੋਲ੍ਹਣ ਲਈ ਲਾਇਸੈਂਸ ਜਾਰੀ ਕਰਨ ਬਾਰੇ ਪੁੱਛੇ ਜਾਣ ’ਤੇ ਡੀਸੀ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਜਿਨ੍ਹਾਂ ਟਰੈਵਲ ਏਜੰਟਾਂ ਦੀਆਂ ਪੁਰਾਣੀ ਕੰਪਨੀ ਵਿਰੁੱਧ ਪੁਲੀਸ ਕੇਸ ਦਰਜ ਹੋਏ ਹਨ ਅਤੇ ਬਾਅਦ ਵਿੱਚ ਉਨ੍ਹਾਂ ਨੇ ਆਪਣੀ ਕੰਪਨੀ ਦਾ ਨਾਂ ਬਦਲ ਕੇ ਨਵੇਂ ਸਿਰਿਓਂ ਲਾਇਸੈਂਸ ਹਾਸਲ ਕਰਕੇ ਮੁੜ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲੇ ਏਜੰਟਾਂ ਦੀਆਂ ਫ਼ਰਮਾਂ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਡੀਸੀ ਨੇ ਦੱਸਿਆ ਕਿ ਹੁਣ ਤੱਕ ਮੁੱਢਲੀ ਜਾਂਚ ਤੋਂ ਬਾਅਦ ਕਰੀਬ 42 ਇਮੀਗਰੇਸ਼ਨ ਕੰਪਨੀਆਂ ਦੇ ਲਾਇਸੈਂਸ ਮੁਅੱਤਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੇਮਾਂ ਦੇ ਉਲਟ ਅਤੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਸ਼ਰ੍ਹੇਆਮ ਠੱਗੀਆਂ ਮਾਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਇਮੀਗ੍ਰੇਸ਼ਨ ਦਾ ਕਾਫ਼ੀ ਗੰਭੀਰ ਮੁੱਦਾ ਹੈ। ਇਸ ਸਬੰਧੀ ਐਸਐਸਪੀ ਵਿਵੇਕ ਸ਼ੀਲ ਸੋਨੀ ਨਾਲ ਵੀ ਗੱਲ ਕੀਤੀ ਗਈ ਹੈ ਅਤੇ ਪੁਲੀਸ ਨੇ ਕਾਫ਼ੀ ਸੰਜੀਦਗੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਆਧਾਰ ’ਤੇ ਪ੍ਰਸ਼ਾਸਨ ਵੱਲੋਂ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਦੀ ਜਾਂਚ ਸ਼ੁਰੂ ਕਰ ਕੇ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ। ਅਜਿਹੇ ਕਿੰਨੇ ਵਿਅਕਤੀ ਨਾਲ ਜਿਨ੍ਹਾਂ ਨੇ ਆਪਣੀ ਪੁਰਾਣੀ ਕੰਪਨੀ ਵਿਰੁੱਧ ਅਪਰਾਧਿਕ ਪਰਚਾ ਦਰਜ ਹੋਣ ਤੋਂ ਬਾਅਦ ਕਿਤੇ ਨਵੀਂ ਕੰਪਨੀ ਖੋਲ੍ਹ ਕੇ ਦੁਬਾਰਾ ਤਾਂ ਇਹ ਕੰਮ ਨਹੀਂ ਕੀਤਾ ਜਾ ਰਿਹਾ ਹੈ। ਮੁੱਢਲੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਇਮੀਗਰੇਸ਼ਨ ਦਾ ਕਾਰੋਬਾਰ ਕਰਨ ਅਤੇ ਲਾਇਸੈਂਸ ਨੀਤੀ ਨੂੰ ਆਨਲਾਈਨ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਟਰੈਵਲ ਏਜੰਟ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ ਠੱਗੀਆਂ ਨਾ ਮਾਰ ਸਕੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …