
ਜ਼ਿਲ੍ਹਾ ਪ੍ਰਸ਼ਾਸਨ ਨੇ ਕਣਕ ਦੀ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਲਈ ਉੱਚ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ
ਕਣਕ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਮਾਮਲੇ ਵਿੱਚ ਅਧਿਕਾਰੀਆਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸ੍ਰੀਮਤੀ ਮਿੱਤਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾੜੀ ਦੇ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਅਤੇ ਕਣਕ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਉੱਚ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆ ਗਈਆ ਹਨ। ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਆਪਣੀ ਫਸਲ ਕੱਟ ਕੇ ਮੰਡੀਆਂ ਵਿੱਚ ਵੇਚਣ ਲਈ ਲਿਆਂਦੀ ਜਾਣੀ ਹੈ। ਕਈ ਕਾਰਨਾਂ ਕਰਕੇ ਫਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਦਾ ਕੰਮ ਸਮੇਂ ਸਿਰ ਨਹੀਂ ਹੁੰਦਾ। ਜਿਸ ਨਾਲ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਈ ਵਾਰ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਭੰਗ ਹੋਣ ਦਾ ਖ਼ਤਰਾ ਵੀ ਬਣ ਜਾਂਦਾ ਹੈ।
ਏਡੀਸੀ ਸ੍ਰੀਮਤੀ ਮਿੱਤਲ ਨੇ ਦੱਸਿਆ ਕਿ ਸਬ ਡਵੀਜ਼ਨ ਮੁਹਾਲੀ ਵਿੱਚ ਭਾਗੋਮਾਜਰਾ ਮੰਡੀ ਲਈ ਬੀਡੀਪੀਓ ਵਿਨੋਦ ਕੁਮਾਰ, ਬਨੂੜ ਤੇ ਸਨੇਟਾ ਮੰਡੀ ਲਈ ਨਾਇਬ ਤਹਿਸੀਲਦਾਰ ਬਨੂੜ ਗੁਰਪ੍ਰੀਤ ਸਿੰਘ ਦੀ ਤਾਇਨਾਤੀ ਕੀਤੀ ਗਈ ਹੈ। ਇੰਜ ਹੀ ਖਰੜ ਅਨਾਜ ਮੰਡੀ, ਦਾਊਂ ਮਾਜਰਾ ਮੰਡੀ ਲਈ ਤਹਿਸੀਲਦਾਰ ਖਰੜ ਜਸਵਿੰਦਰ ਸਿੰਘ, ਖ਼ਿਜ਼ਰਾਬਾਦ ਮੰਡੀ ਲਈ ਨਾਇਬ ਤਹਿਸੀਲਦਾਰ ਮਾਜਰੀ ਦੀਪਕ ਭਾਰਦਵਾਜ, ਕੁਰਾਲੀ ਮੰਡੀ ਲਈ ਬੀਡੀਪੀਓ ਮਾਜਰੀ ਸ੍ਰੀਮਤੀ ਜਸਪ੍ਰੀਤ ਕੌਰ, ਰੁੜਕੀ ਮੰਡੀ ਲਈ ਬੀਡੀਪੀਓ ਖਰੜ ਜਸਵਿੰਦਰ ਸਿੰਘ ਬੱਗਾ ਦੀ ਡਿਊਟੀ ਲਗਾਈ ਗਈ ਹੈ। ਡੇਰਾਬੱਸੀ ਮੰਡੀ, ਲਾਲੜੂ ਅਤੇ ਸਮਗੌਲੀ ਮੰਡੀ ਲਈ ਤਹਿਸੀਲਦਾਰ ਡੇਰਾਬੱਸੀ ਸ੍ਰੀਮਤੀ ਰਮਨਦੀਪ ਕੌਰ, ਜੜੌਤ, ਅਮਲਾਲਾ ਮੰਡੀ ਲਈ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਅਤੇ ਟਿਵਾਣਾ ਤੇ ਤਸਿੰਬਲੀ ਮੰਡੀ ਲਈ ਬੀਡੀਪੀਓ ਡੇਰਾਬੱਸੀ ਸ੍ਰੀਮਤੀ ਪਰਨੀਤ ਕੌਰ ਦੀ ਤਾਇਨਾਤੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਰੋਜ਼ਾਨਾ ਮੰਡੀ ਵਿੱਚ ਦਸਤਕ ਦੇਣਗੇ ਅਤੇ ਕਣਕ ਦੀ ਸਰਕਾਰੀ ਖ਼ਰੀਦ ਸਮੇਤ ਲਿਫ਼ਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਲਈ ਬਣਦੀ ਕਰਵਾਈ ਉਪਰੰਤ ਤੁਰੰਤ ਰਿਪੋਰਟ ਸਬੰਧਤ ਸਬ ਡਵੀਜ਼ਨ ਦੇ ਉਪ ਮੰਡਲ ਮੈਜਿਸਟ੍ਰੇਟ (ਐਸਡੀਐਮ) ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣਗੇ। ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਕਣਕ ਦੀ ਖ਼ਰੀਦ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾ ਮੰਡੀਆਂ ਵਿੱਚ ਜਾ ਕੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਅਗਾਊਂ ਪ੍ਰਬੰਧ ਵੀ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਮਾਮਲੇ ਵਿੱਚ ਅਧਿਕਾਰੀਆਂ ਦੀ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤੀ ਨਾਲ ਕਿਹਾ ਕਿ ਮੰਡੀਆਂ ਨੂੰ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।