
ਮੁਹਾਲੀ ਵਿੱਚ ਦੁਕਾਨਾਂ ਖੋਲ੍ਹਣ ਦਾ ਸਮਾਂ ਵਧਾਏ ਜ਼ਿਲ੍ਹਾ ਪ੍ਰਸ਼ਾਸਨ: ਸਰਬਜੀਤ ਪਾਰਸ
ਵਪਾਰ ਮੰਡਲ ਮੁਹਾਲੀ ਦੇ ਵਫ਼ਦ ਨੇ ਡੀਸੀ ਮੁਹਾਲੀ ਨੂੰ ਦਿੱਤਾ ਮੰਗ ਪੱਤਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਈ:
ਲੌਕਡਾਊਨ ਕਾਰਨ ਬਾਜਾਰ ਬੰਦ ਰੱਖਣ ਅਤੇ ਆਡ ਈਵਨ ਤਹਿਤ ਦੁਕਾਨਾਂ ਖੋਲ੍ਹੇ ਜਾਣ ਦੀ ਇਜਾਜ਼ਤ ਮਿਲਣ ਕਾਰਨ ਵਪਾਰੀਆਂ ਨੂੰ ਹੋ ਰਹੇ ਭਾਰੀ ਨੁਕਸਾਨ ਨੂੰ ਮੁੱਖ ਰੱਖਦਿਆਂ ਵਪਾਰ ਮੰਡਲ ਮੁਹਾਲੀ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਦੀ ਅਗਵਾਈ ਹੇਠ ਵਪਾਰੀਆਂ ਦਾ ਇੱਕ ਵਫਦ ਮੁਹਾਲੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਜ਼ਿਲ੍ਹੇ ਵਿੱਚ ਕਰੋਨਾ ਦੇ ਲਗਾਤਾਰ ਘੱਟ ਹੁੰਦੇ ਜਾ ਰਹੇ ਕੇਸਾਂ ਨੂੰ ਮੁੱਖ ਰੱਖਦਿਆਂ ਲੌਕਡਾਊਨ ਦੀਆਂ ਪਾਬੰਦੀਆਂ ਹਟਾਈਆਂ ਜਾਣ ਅਤੇ ਵਪਾਰੀਆਂ ਨੂੰ ਪੂਰਾ ਦਿਨ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਮੌਕੇ ਵਪਾਰੀਆਂ ਵੱਲੋਂ ਡਿਪਟੀ ਮਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਸ੍ਰੀ ਪਾਰਸ ਨੇ ਦੱਸਿਆ ਕਿ ਪ੍ਰਸ਼ਾਸ਼ਨ ਵਲੋੱ ਦੁਕਾਨਦਾਰਾਂ ਨੂੰ ਸਿਰਫ ਦੋ ਜਾਂ ਤਿੰਨ ਦਿਨ ਹੀ ਦੁਕਾਨਾਂ ਖੋਲ੍ਹਣ ਦੀ ਇਜਾਜਤ ਦਿੱਤੀ ਗਈ ਹੈ ਅਤੇ ਸ਼ਾਮ 5 ਵਜੇ ਇਹ ਦੁਕਾਨਾਂ ਵੀ ਬੰਦ ਕਰਵਾ ਦਿੱਤੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਗਰਮੀ ਵੱਧ ਹੋਣ ਕਾਰਨ ਲੋਕ ਦਿਨ ਵਿੱਚ ਘਰਾਂ ਤੋਂ ਬਾਹਰ ਨਹੀਂ ਨਿਕਲਦੇ ਅਤੇ ਇਸ ਕਾਰਨ ਦੁਕਾਨਦਾਰਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਅਗਲੇ ਦਿਨਾਂ ਵਿੱਚ ਪੂਰੇ ਜਿਲ੍ਹੇ ਦੀ ਮੀਟਿੰਗ ਵਿੱਚ ਹਾਲਾਤ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਵਪਾਰੀਆਂ ਨੂੰ ਬਣਦੀ ਰਾਹਤ ਦਿੱਤੀ ਜਾਵੇਗੀ।