
ਜ਼ਿਲ੍ਹਾ ਪ੍ਰਸ਼ਾਸਨ ਕੋਵਿਡ ਸਬੰਧੀ ਹਰ ਕਿਸਮ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡੀਸੀ
ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਮਹਾਮਾਰੀ ਨੇ ਮੁੜ ਦਸਤਕ ਦਿੱਤੀ, ਸੈਂਪਲਿੰਗ ’ਚ ਢਾਈ ਗੁਣਾ ਵਾਧਾ
ਅਪਰੈਲ ਵਿੱਚ ਹੁਣ ਤੱਕ 4845 ਕੋਵਿਡ ਸੈਂਪਲ ਲਏ, 611 ਪਾਜ਼ੇਟਿਵ ਕੇਸ ਆਏ ਸਾਹਮਣੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਨੇ ਮੁੜ ਦਸਤਕ ਦੇ ਦਿੱਤੀ ਹੈ। ਰੋਜ਼ਾਨਾ ਕੋਵਿਡ ਕੇਸ ਵਧ ਰਹੇ ਹਨ। ਇਸ ਦੇ ਮੱਦੇਨਜ਼ਰ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਲੋਕਾਂ ਨੂੰ ਜਨਤਕ ਥਾਵਾਂ ’ਤੇ ਮਾਸਕ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਕੇਸਾਂ ਦੀ ਗਿਣਤੀ ਵਧਣ ਕਾਰਨ ਸਿਹਤ ਟੀਮਾਂ ਨੂੰ ਸੈਂਪਲਿੰਗ ਵਧਾਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਪਿਛਲੇ 15 ਦਿਨਾਂ ਵਿੱਚ ਸੈਂਪਲਿੰਗ ਵਿੱਚ ਢਾਈ ਗੁਣਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਦਾਖ਼ਲ ਮਰੀਜ਼ਾਂ ਦੀ ਜਾਂਚ ਯਕੀਨੀ ਬਣਾਉਣ ਅਤੇ ਓਪੀਡੀਜ਼ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਜਾਂਚ ਨੂੰ ਤਰਜ਼ੀਹ ਦੇਣ।
ਡੀਸੀ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ ਕੋਵਿਡ ਸਬੰਧੀ 22,323 ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 763 ਪਾਜ਼ੇਟਿਵ ਪਾਏ ਗਏ ਹਨ। ਜਦੋਂਕਿ ਅਪਰੈਲ ਵਿੱਚ 4845 ਸੈਂਪਲ ਲਏ ਗਏ ਹਨ। ਜਿਨ੍ਹਾਂ ’ਚੋਂ 611 ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਨਾਲ ਲੜਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਇਸ ਬਿਮਾਰੀ ਸਬੰਧੀ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਆਰਏਟੀ ਦੀ ਥਾਂ ਆਰਟੀਪੀਸੀਆਰ ਟੈਸਟ ਲਈ ਅੱਗੇ ਆਉਣ। ਉਨ੍ਹਾਂ ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਅਤੇ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਕੋਵਿਡ ਨਾਲ ਸਬੰਧਤ ਕਿਸੇ ਵੀ ਪੁੱਛਗਿੱਛ ਲਈ ਹੈਲਪਲਾਈਨ ਨੰਬਰ 06239116649 ’ਤੇ ਸੰਪਰਕ ਕਰਨ ਕੀਤਾ ਜਾ ਸਕਦਾ ਹੈ।
ਸ੍ਰੀਮਤੀ ਆਸ਼ਿਕਾ ਜੈਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੋਵਿਡ ਕੇਸਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਹਾਮਾਰੀ ਨਾਲ ਲੜਨ ਲਈ ਮੁਹਾਲੀ ਜ਼ਿਲ੍ਹੇ ਵਿੱਚ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਸਮੇਤ ਬਾਕੀ ਹਸਪਤਾਲਾਂ ਵਿੱਚ ਕੋਵਿਡ ਮਰੀਜ਼ਾਂ ਲਈ ਆਈਸੋਲੇਸ਼ਨ ਵਾਰਡ, ਦਵਾਈਆਂ, ਬੈੱਡ ਅਤੇ ਆਕਸੀਜਨ ਦੀ ਵਿਵਸਥਾ ਕੀਤੀ ਗਈ ਹੈ।