
ਜ਼ਿਲ੍ਹਾ ਪ੍ਰਸ਼ਾਸਨ ਨੇ ਧੋਖੇਬਾਜ਼ ਟਰੈਵਲ ਏਜੰਟਾਂ ਖ਼ਿਲਾਫ਼ ਸ਼ਿਕੰਜਾ ਕੱਸਿਆ
ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿੱਚ ਦਰਜ ਹੋਣਗੀਆਂ ਟਰੈਵਲ ਏਜੰਟਾਂ ਵਿਰੁੱਧ ਸ਼ਿਕਾਇਤਾਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਕਤੂਬਰ:
ਜ਼ਿਲ੍ਹਾ ਪ੍ਰਸ਼ਾਸਨ ਨੇ ਮੁਹਾਲੀ ਵਿੱਚ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾ ਦੇਣ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਧੋਖੇਬਾਜ਼ ਏਜੰਟਾਂ ਖ਼ਿਲਾਫ਼ ਹੋਰ ਸਖ਼ਤ ਕਾਰਵਾਈ ਸਬੰਧੀ ਪੀੜਤ ਵਿਅਕਤੀ ਆਪਣੀਆਂ ਸ਼ਿਕਾਇਤਾਂ ਹੁਣ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿੱਚ ਦਰਜ ਕਰਵਾ ਸਕਦੇ ਹਨ। ਇਸ ਤੋਂ ਪਹਿਲਾਂ ਪੀੜਤ ਲੋਕ ਸਿਰਫ਼ ਪੁਲੀਸ ਕੋਲ ਹੀ ਆਪਣੀ ਸ਼ਿਕਾਇਤ ਲੈ ਕੇ ਜਾਂਦੇ ਸਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਗੋਇਲ ਨੇ ਦੱਸਿਆ ਕਿ ਸ਼ਿਕਾਇਤਾਂ ਨਾਲ ਨਜਿੱਠਣ ਅਤੇ ਗਲਤ ਟਰੈਵਲ ਏਜੰਟਾਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਬਿਊਰੋ ਨੂੰ ਇਕ ਨੋਡਲ ਏਜੰਸੀ ਦੇ ਰੂਪ ਵਿੱਚ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਊਰੋ ਨੂੰ ਪੰਜਾਬ ਸਰਕਾਰ ਦੁਆਰਾ ਮਨੁੱਖੀ ਤਸਕਰੀ ਰੋਕਥਾਮ ਐਕਟ 2012/ਪੰਜਾਬ ਟਰੈਵਲਜ਼ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਰਾਹੀਂ ਵਿਦੇਸ਼ ਯਾਤਰਾ, ਵਿਦੇਸ਼ੀ ਪੜ੍ਹਾਈ ਅਤੇ ਰੁਜ਼ਗਾਰ ਨਾਲ ਸਬੰਧਤ ਧੋਖਾਧੜੀ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਨੋਡਲ ਏਜੰਸੀ ਬਣਾਇਆ ਗਿਆ ਹੈ।
ਸ੍ਰੀਮਤੀ ਗੋਇਲ ਨੇ ਦੱਸਿਆ ਕਿ ਪੀੜਤ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਪਛਾਣ ਪੱਤਰ ਦੇ ਨਾਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ, ਕਮਰਾ ਨੰਬਰ-455, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਟਰੈਵਲ ਏਜੰਟ ਬਿਨਾਂ ਲਾਇਸੈਂਸ ਜਾਂ ਮਿਆਦ ਖਤਮ ਹੋਏ ਲਾਇਸੈਂਸ ਜਾਂ ਕੋਈ ਗੈਰ-ਰਜਿਸਟਰਡ ਏਜੰਟ ਸਾਡੇ ਨੋਟਿਸ ਵਿੱਚ ਆਉਂਦਾ ਹੈ ਤਾਂ ਦੋਸ਼ੀ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇਗੀ। ਇਸ ਤੋਂ ਇਲਾਵਾ ਟਰੈਵਲ ਏਜੰਟਾਂ ਦੀ ਜਾਣਕਾਰੀ ਦੇ ਨਾਲ ਐਫਆਈਆਰ ਦੀਆਂ ਕਾਪੀਆਂ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀਆਂ ਜਾਣਗੀਆਂ ਤਾਂ ਜੋ ਦੂਜਿਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਸਿੱਧੂ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਫ਼ਸਰ ਅਤੇ ਸਿਖਲਾਈ ਅਫ਼ਸਰ ਮੁਹਾਲੀ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।