ਜ਼ਿਲ੍ਹਾ ਪ੍ਰਸ਼ਾਸਨ ਨੇ ਡੇਢ ਲੱਖ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਜ਼ਿਲ੍ਹੇ ਵਿੱਚ 0 ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਤਿੰਨ ਰੋਜ਼ਾ ਵਿਸ਼ੇਸ਼ ਮੁਹਿੰਮ 11 ਮਾਰਚ ਨੂੰ ਸ਼ੁਰੂ ਹੋਵੇਗੀ ਜੋ ਕਿ 13 ਮਾਰਚ ਤੱਕ ਚੱਲੇਗੀ। ਜਿਲ੍ਹੇ ਵਿਚ ਕਰੀਬ ਡੇਢ ਲੱਖ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱÎਥਿਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਤੋਂ ਸਹਿਯੋਗ ਲੈਣ ਸਬੰਧੀ ਜ਼ਿਲ੍ਹਾ ਟਾਸਕ ਫ਼ੋਰਸ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਮੀਟਿੰਗ ਵਿਚ ਵੱਖ-ਵੱਖ ਸਿਹਤ ਵਿਭਾਗ ਦੇ ਅਧਿਕਾਰੀਆਂ, ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਸ੍ਰੀਮਤੀ ਸਪਰਾ ਨੇ ਕਿਹਾ ਕਿ ਦੋ ਬੂੰਦਾਂ ਬੱਚਿਆਂ ਦੀ ਜ਼ਿੰਦਗੀ ਲਈ ਬੇਹੱਦ ਅਹਿਮ ਅਤੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਨੇ ਭਾਰਤ ਨੂੰ ਪੋਲੀਓ ਮੁਕਤ ਐਲਾਨਿਆ ਹੈ ਅਤੇ ਭਾਰਤ ਵਿਚ ਸਾਲ 2011 ਤੋਂ ਬਾਅਦ ਪੋਲੀਓ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ। ਦੇਸ਼ ਵਿਚੋਂ ਇਸ ਬੀਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਹੀ ਇਹ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ ਤਾਂਕਿ ਇਹ ਨਾਮੁਰਾਦ ਬੀਮਾਰੀ ਦੁਬਾਰਾ ਸਿਰ ਨਾ ਚੁੱਕ ਸਕੇ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਅਹਿਮ ਜਨਤਕ ਥਾਵਾਂ ’ਤੇ ਬੂਥ ਲਾ ਕੇ ਬੱਚਿਆਂ ਨੂੰ ਇਹ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਅਗਲੇ ਦੋ ਦਿਨ ਘਰ-ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਪਹਿਲਾਂ ਵੀ ਬੂੰਦਾਂ ਪੀ ਚੁੱਕੇ ਹਨ, ਉਨ੍ਹਾਂ ਨੂੰ ਵੀ ਬੂੰਦਾਂ ਪਿਲਾਈਆਂ ਜਾਣ ਅਤੇ ਕੋਈ ਵੀ ਬੱਚਾ ਇਨ੍ਹਾਂ ਤੋਂ ਵਾਂਝਾ ਨਾ ਰਹੇ। ਸ੍ਰੀਮਤੀ ਸਪਰਾ ਨੇ ਕਿਹਾ ਕਿ ਜੇ ਬੱਚਾ ਬੀਮਾਰ ਹੈ ਤਾਂ ਵੀ ਉਸ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣ।
ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦੱਸਿਆ ਕਿ ਪੋਲੀਓ ਰੋਕੂ ਮੁਹਿੰਮ ਸਬੰਧੀ ਸਿਹਤ ਕਾਮਿਆਂ ਅਤੇ ਅਧਿਕਾਰੀਆਂ ਦੀਆਂ ਡਿਊਟੀਆਂ ਲਾ ਦਿਤੀਆਂ ਗਈਆਂ ਹਨ। ਜ਼ਿਲ੍ਹੇ ਵਿੱਚ 18 ਟਰਾਂਜ਼ਿਟ ਬੂਥ ਸਥਾਪਤ ਕੀਤੇ ਜਾਣਗੇ। ਟਰਾਂਜ਼ਿਟ ਬੂਥਾਂ ਵਿੱਚੋਂ 5 ਬੂਥ ਡੇਰਾਬੱਸੀ ਤੇ ਲਾਲੜੂ, 2 ਢਕੌਲੀ, 1 ਬਨੂੜ, 4 ਮੁਹਾਲੀ, 2 ਖਰੜ ਅਤੇ 2 ਕੁਰਾਲੀ ਵਿੱਚ ਲਾਏ ਜਾਣਗੇ। ਘੜੂੰਆਂ ਅਤੇ ਬੂਥਗੜ੍ਹ ਵਿੱਚ ਵੀ 1-1 ਬੂਥ ਲਾਇਆ ਜਾਵੇਗਾ। ਪਹਿਲੇ ਦਿਨ ਸਿਹਤ ਕਾਮੇ ਸਕੂਲਾਂ, ਆਂਗਨਵਾੜੀ ਕੇਂਦਰਾਂ ਤੇ ਹੋਰ ਅਹਿਮ ਜਨਤਕ ਥਾਵਾਂ ’ਤੇ ਜਾ ਕੇ ਬੂੰਦਾਂ ਪਿਲਾਉਣਗੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਵੀ ਅਪਣੀ ਜ਼ਿੰਮੇਵਾਰੀ ਸਮਝਦਿਆਂ ਸਿਹਤ ਸੰਸਥਾਵਾਂ ਵਿੱਚ ਆ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ। ਮੀਟਿੰਗ ਵਿੱਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜ਼ਰੇਵਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…