
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਕਾਰਵਾਈ ਤੇਜ਼
19 ਕੇਸ ਦਰਜ ਕੀਤੇ, 30 ਤੋਂ ਵੱਧ ਕਰੱਸ਼ਰ ਸੀਲ, ਕਈ ਟਿੱਪਰ, ਟਰਾਲੀਆਂ ਤੇ ਖੁਦਾਈ ਲਈ ਵਰਤੇ ਜਾਣ ਵਾਲੇ ਉਪਕਰਨ ਜ਼ਬਤ
7 ਮਹੀਨਿਆਂ ਦੀ ਮਿਆਦ ਵਿੱਚ ਵਾਤਾਵਰਨ ਨੁਕਸਾਨ ਭਰਪਾਈ ਸਬੰਧੀ 67 ਕਰੋੜ ਦੇ ਜੁਰਮਾਨੇ ਕੀਤੇ: ਡੀਸੀ ਦਿਆਲਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ। ਮਾਈਨਿੰਗ ਦੀਆਂ ਗਤੀਵਿਧੀਆਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਅਜਿਹੀ ਕੋਈ ਵੀ ਗਤੀਵਿਧੀ ਸਹਿਣ ਨਹੀਂ ਕੀਤੀ ਜਾਵੇਗੀ।
ਪਿਛਲੇ ਸੱਤ ਮਹੀਨਿਆਂ ਦਾ 15 ਅਗਸਤ ਤੱਕ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਆਰੰਭੀ ਕਾਰਵਾਈ ਦਾ ਵੇਰਵਾ ਜਾਰੀ ਕਰਦਿਆਂ ਡੀਸੀ ਦੱਸਿਆ ਕਿ ਬਲਾਕ ਮਾਜਰੀ ਅਤੇ ਮੁਬਾਰਕਪੁਰ ਖੇਤਰ ਵਿੱਚ 19 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 30 ਤੋਂ ਵੱਧ ਕਰੱਸ਼ਰ ਸੀਲ ਕੀਤੇ ਗਏ ਹਨ। ਕਈ ਟਿੱਪਰਾਂ, ਟਰਾਲੀਆਂ ਅਤੇ ਖੁਦਾਈ ਕਰਨ ਵਾਲੇ ਉਪਕਰਨਾਂ ਨੂੰ ਜ਼ਬਤ ਕਰਨ ਦੇ ਨਾਲ-ਨਾਲ ਡਿਫਾਲਟਰਾਂ ’ਤੇ 67 ਕਰੋੜ ਰੁਪਏ ਦੇ ਵਾਤਾਵਰਨ ਨੁਕਸਾਨ ਭਰਪਾਈ ਸਬੰਧੀ ਜੁਰਮਾਨੇ ਲਗਾਏ ਹਨ ਅਤੇ ਰਿਕਵਰੀ ਨੋਟਿਸ ਜਾਰੀ ਕਰ ਦਿੱਤੇ ਗਏ ਹਨ।
ਸ੍ਰੀ ਦਿਆਲਨ ਨੇ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਦੀ ਚੁਣੌਤੀ ਦੇ ਬਾਵਜੂਦ, ਸਾਰੀਆਂ ਨਿਰੀਖਣ ਟੀਮਾਂ ਸਰਗਰਮ ਕਰ ਦਿੱਤੀਆਂ ਗਈਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਪੂਰੀ ਸਖ਼ਤੀ ਨਾਲ ਕਾਰਵਾਈ ਕਰੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਮਹੱਤਵਪੂਰਨ ਥਾਵਾਂ ’ਤੇ ਸੀਸੀਟੀਵੀ ਕੈਮਰੇ ਲਗਾਏ ਹਨ ਅਤੇ ਇਨ੍ਹਾਂ ਦੀ ਜੀਓ-ਫੈਨਸਿੰਗ ਵੀ ਪ੍ਰਕਿਰਿਆ ਅਧੀਨ ਹੈ। ਡੀਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੈਰ-ਕਾਨੂੰਨੀ ਮਾਈਨਿੰਗ ਦੀ ਸੂਹ ਦੇਣ ਵਾਲਿਆਂ ਨੂੰ ਪੂਰੀ ਸੁਰੱਖਿਆ ਦੇ ਰਿਹਾ ਹੈ। ਇਸ ਲਈ ਲੋਕ ਅਜਿਹੀਆਂ ਗਤੀਵਿਧੀਆਂ ਦੀ ਰਿਪੋਰਟ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ ਨੂੰ ਕਰ ਸਕਦੇ ਹਨ। ਜਿਨ੍ਹਾਂ ਨੂੰ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਜ਼ਿਲ੍ਹਾ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਮੁਹਾਲੀ ਜ਼ਿਲੇ ਵਿੱਚ ਮਾਈਨਿੰਗ ਗਤੀਵਿਧੀਆਂ ਦੀ ਨਿਰੰਤਰ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਾਪਤ ਹੋਈਆਂ ਸ਼ਿਕਾਇਤਾਂ ’ਤੇ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ ਅਤੇ ਫਿਲਹਾਲ ਕੋਈ ਵੱਡੀ ਸ਼ਿਕਾਇਤ ਪੈਂਡਿੰਗ ਨਹੀਂ ਹੈ। ਡੀਸੀ ਨੇ ਦੱਸਿਆ ਕਿ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਤੁਰੰਤ ਪੁਲੀਸ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।