Nabaz-e-punjab.com

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾਵਾਇਰਸ ਨਾਲ ਨਜਿੱਠਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ: ਯਸ਼ਪਾਲ ਸ਼ਰਮਾ

ਹੁਣ ਤੱਕ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦਾ ਕੋਈ ਸਕਾਰਾਤਮਿਕ ਕੇਸ ਸਾਹਮਣੇ ਨਹੀਂ ਆਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ:
ਚੀਨ ਅਤੇ ਹੋਰ ਪ੍ਰਭਾਵਿਤ ਮੁਲਕਾਂ ਤੋਂ ਕਰੋਨਾਵਾਇਰਸ ਬਾਰੇ ਮਿਲ ਰਹੀਆਂ ਰਿਪੋਰਟਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀਆਂ ਸਾਰੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਉਂਜ ਵੀ ਹੁਣ ਤੱਕ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਤੋਂ ਕੋਈ ਪੀੜਤ ਮਰੀਜ਼ ਸਾਹਮਣੇ ਨਹੀਂ ਆਇਆ ਹੈ। ਲਿਹਾਜ਼ਾ ਜ਼ਿਲ੍ਹੇ ਦੇ ਲੋਕਾਂ ਨੂੰ ਬਿਲਕੁਲ ਘਬਰਾਉਣ ਦੀ ਲੋੜ ਨਹੀਂ ਹੈ। ਅੱਜ ਇੱਥੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁਹਾਲੀ ਦੇ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਨੂੰ ਅਲੱਗ ਰੱਖਣ ਲਈ ਇਕ ਵਿਸ਼ੇਸ਼ ਵਾਰਡ ਤਿਆਰ ਕੀਤਾ ਗਿਆ ਹੈ ਅਤੇ ਇਕ ਰੈਪਿਡ ਰਿਸਪਾਂਸ ਟੀਮ ਦਸਤਾਨੇ, ਮਾਸਕ ਆਦਿ ਲੋੜੀਂਦੇ ਸਟਾਕ ਨਾਲ ਪਹਿਲਾਂ ਹੀ ਤਿਆਰ ਹੈ। ਇਸ ਟੀਮ ਵਿੱਚ ਨੋਡਲ ਅਧਿਕਾਰੀ ਵਜੋਂ ਜ਼ਿਲ੍ਹਾ ਐਪੀਡੈਮੋਲੋਜਿਸਟ ਡਾ. ਹਰਮਨਦੀਪ ਕੌਰ (9876733423), ਮੈਡੀਕਲ ਮਾਹਰ, ਬੱਚਿਆਂ ਦੇ ਮਾਹਰ, ਛਾਤੀ ਰੋਗਾਂ ਦੇ ਮਾਹਰ ਅਤੇ ਹੋਰ ਸਹਾਇਕ ਸਟਾਫ਼ ਸ਼ਾਮਲ ਹੋਣਗੇ।
ਸ੍ਰੀ ਸ਼ਰਮਾ ਨੇ ਕਿਹਾ ਕਿ ਪੂਰੇ ਜ਼ਿਲ੍ਹਾ ਖਾਸ ਕਰਕੇ ਹਸਪਤਾਲਾਂ, ਮੈਡੀਕਲ ਸੈਂਟਰਾਂ ਅਤੇ ਡਿਸਪੈਂਸਰੀਆਂ ਵਿਚ ਸਵੱਛ ਹਾਲਤਾਂ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫੌਗਿੰਗ ਜ਼ਰੂਰ ਕੀਤੀ ਜਾਣੀ ਚਾਹੀਦੀ ਹੈ। ਵਿਦੇਸ਼ਾਂ ਤੋਂ ਜ਼ਿਲ੍ਹੇ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਸਬੰਧ ਵਿੱਚ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੇ ਕਿਹਾ ਕਿ ਅਜਿਹੇ ਯਾਤਰੀਆਂ ਨੂੰ 14 ਦਿਨਾਂ ਦੀ ਮਿਆਦ ਲਈ ਅਲੱਗ ਰੱਖਿਆ ਜਾਣਾ ਚਾਹੀਦਾ ਹੈ ਭਾਵੇਂ ਉਨ੍ਹਾਂ ਵਿੱਚ ਇਸ ਵਾਇਰਸ ਦੇ ਲੱਛਣ ਨਾ ਹੋਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਿਹਤ ਸੇਵਾਵਾਂ ਖੇਤਰ ਨੂੰ ਪਹਿਲ ਦਿੰਦਾ ਹੈ ਜੋ ਲੋਕਾਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਵੱਲ ਧਿਆਨ ਨਹੀਂ ਦੇਣਾ ਚਾਹੀਦਾ ਅਤੇ ਜ਼ਿਲ੍ਹਾ ਵਿੱਚ ਹੁਣ
ਤੱਕ ਕੋਈ ਵੀ ਕਰੋਨਾਵਾਇਰਸ ਦਾ ਸਕਾਰਾਤਮਿਕ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਇਕੱਠੇ ਕੀਤੇ ਜਾਣ ਵਾਲੇ ਨਮੂਨੇ ਜਾਂਚ ਲਈ ਪੀਜੀਆਈ ਨੂੰ ਭੇਜੇ ਜਾ ਰਹੇ ਹਨ। ਅੱਜ ਵੀ ਸੰਨੀ ਇਨਕਲੇਵ ਦੀ ਵਸਨੀਕ ਇਕ ਸ਼ੱਕੀ ਅੌਰਤ ਨੂੰ ਪੀਜੀਆਈ ਰੈਫਰ ਕੀਤਾ ਗਿਆ ਹੈ। ਇਹ ਅੌਰਤ 22 ਜਨਵਰੀ ਤੋਂ 26 ਜਨਵਰੀ ਤੱਕ ਸਿੰਘਾਪੁਰ ਵਿੱਚ ਰਹੀ ਹੈ। ਏਅਰਪੋਰਟ ਅਥਾਰਟੀ ਤੋਂ ਉਕਤ ਅੌਰਤ ਦਾ ਪਤਾ ਮਿਲਣ ’ਤੇ ਅੱਜ ਪਹਿਲਾਂ ਸਰਕਾਰੀ ਹਸਪਤਾਲ ਖਰੜ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ। ਜਿੱਥੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਹਸਪਤਾਲ ਲਿਆਂਦਾ ਗਿਆ। ਫਿਰ ਉਸ ਨੂੰ ਪੀਜੀਆਈ ਭੇਜ ਦਿੱਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…