Nabaz-e-punjab.com

ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰਸ-ਕੋਵ 2 ਨਾਲ ਨਜਿੱਠਣ ਲਈ ਖਿੱਚੀ ਤਿਆਰੀ

ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੇ ਸਾਰੇ ਯਾਤਰੀਆਂ ਦੀ ਟਰੇਸਿੰਗ/ਟੈਸਟਿੰਗ ਯਕੀਨੀ ਬਣਾਉਣ ਦੇ ਹੁਕਮ

ਹਵਾਈ ਅੱਡੇ ’ਤੇ ਤੁਰੰਤ ਪ੍ਰਭਾਵ ਨਾਲ ਨਿਗਰਾਨੀ ਤੇ ਮੈਡੀਕਲ ਟੀਮਾਂ ਤਾਇਨਾਤ, ਸ਼ੱਕੀ ਮਰੀਜ਼ਾਂ ਲਈ ਕੁਆਰੰਟੀਨ ਦੀ ਸੁਵਿਧਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ:
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰਸ-ਕੋਵ 2 ਵਾਇਰਸ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਖਿੱਚ ਲਈ ਗਈ ਹੈ। ਇਹ ਜਾਣਕਾਰੀ ਮੁਹਾਲੀ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਇੰਗਲੈਂਡ ਤੋਂ ਭਾਰਤ ਪਰਤੇ ਸਾਰੇ ਯਾਤਰੀਆਂ ਦਾ ਵਾਇਰਸ ਸਬੰਧੀ ਟੈਸਟ ਕੀਤਾ ਜਾਵੇਗਾ। ਦੇਸ਼ ਵਿੱਚ ਆਏ ਇਨ੍ਹਾਂ ਯਾਤਰੀਆਂ ਦਾ ਕੋਵਿਡ-19 ਦੇ ਪ੍ਰੋਟੋਕਾਲ ਅਨੁਸਾਰ ਟੈਸਟ, ਇਕਾਂਤਵਾਸ ਕੀਤਾ ਜਾਵੇਗਾ। ਇਸ ਸਬੰਧੀ ਭਾਰਤ ਸਰਕਾਰ ਵੱਲੋਂ ਇੱਕ ਐਸਓਪੀ ਜਾਰੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀਮਤੀ ਜੈਨ ਨੇ ਦੱਸਿਆ ਕਿ 25 ਨਵੰਬਰ ਤੋਂ ਹੁਣ ਤੱਕ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੇ ਸਾਰੇ ਯਾਤਰੀਆਂ ਦੀ ਟਰੇਸਿੰਗ/ਟੈਸਟਿੰਗ ਲਈ ਟੀਮ ਭੇਜੀ ਗਈ ਹੈ। ਉਕਤ ਟੀਮ ਦਾ ਨੋਡਲ ਅਧਿਕਾਰੀ ਅੰਤਰਰਾਸ਼ਟਰੀ ਏਅਰ ਲਾਈਨਜ਼ ਤੋਂ ਯਾਤਰੀ ਮੈਨੀਫੈਸਟ ਸੂਚੀ ਪ੍ਰਾਪਤ ਕਰਕੇ ਇਸ ਨੂੰ ਟਰੇਸਿੰਗ ਅਤੇ ਮੈਡੀਕਲ ਟੀਮਾਂ ਨੂੰ ਸੌਂਪੇਗਾ ਜੋ ਸ਼ੱਕੀ ਮਾਮਲਿਆਂ ਦੀ ਪਛਾਣ ਕਰਨ ਲਈ ਅੱਗੇ ਕੰਮ ਕਰਨਗੀਆਂ। ਉਨ੍ਹਾਂ ਦੱਸਿਆ ਕਿ ਗਿਆਨ ਸਾਗਰ ਹਸਪਤਾਲ ਵਿਖੇ ਸ਼ੱਕੀ ਮਰੀਜ਼ਾਂ ਲਈ ਸੰਸਥਾਗਤ ਕੁਆਰੰਟੀਨ ਸਹੂਲਤ ਦੀ ਵਿਵਸਥਾ ਕੀਤੀ ਗਈ ਹੈ ਅਤੇ ਜਿਹੜੇ ਅੰਤਰਰਾਸ਼ਟਰੀ ਯਾਤਰੀ ਪ੍ਰਾਈਵੇਟ ਇਕਾਈਆਂ ਵਿੱਚ ਇਕਾਂਤਵਾਸ ਰਹਿਣਾ ਚਾਹੁੰਦੇ ਹਨ। ਉਨ੍ਹਾਂ ਲਈ ਅਦਾਇਗੀ ਵਾਲੇ ਸੰਸਥਾਗਤ ਕੁਆਰੰਟੀਨ ਸੈਂਟਰ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਨਿਗਰਾਨੀ ਅਤੇ ਮੈਡੀਕਲ ਟੀਮਾਂ ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਤਾਇਨਾਤ ਕੀਤਾ ਗਿਆ ਹੈ ਜੋ ਯਾਤਰੀਆਂ ਦੀ ਨਿਗਰਾਨੀ ਕਰਨਗੇ ਅਤੇ ਉਨ੍ਹਾਂ ਦੀ ਸਕਰੀਨਿੰਗ/ਜਾਂਚ ਨੂੰ ਯਕੀਨੀ ਬਣਾਉਣਗੇ।
ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਸਾਰੇ ਸ਼ੱਕੀ ਕੇਸਾਂ ਅਤੇ ਉਨ੍ਹਾਂ ਦੇ ਸੰਪਰਕਾਂ ਵਿੱਚ ਆਉਣ ਵਾਲੇ ਵਿਅਕਤੀਆਂ ਦਾ ਪਤਾ ਲਗਾਉਣ ਲਈ ਸਾਰਜ-ਕੋਵ-2 ਕੰਟਰੋਲ ਰੂਮ ਨਿੱਜੀ ਤੌਰ ’ਤੇ ਜ਼ਿਲ੍ਹਾ ਮਹਾਮਾਰੀ ਮਾਹਰ (ਐਪੀਡੈਮੋਲੋਜਿਸਟ) ਅਤੇ ਉਨ੍ਹਾਂ ਦੀ ਟੀਮ ਵੱਲੋਂ ਚਲਾਇਆ ਜਾਵੇਗਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵੱਲੋਂ ਇਸ ਵਿੱਚ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਸਬੰਧੀ ਡਿਊਟੀ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …