
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਤੋਂ ਪੀੜਤ ਮਰੀਜ਼ਾਂ ਲਈ ਲੋੜ ਅਨੁਸਾਰ ਬੈੱਡਾਂ ਦੀ ਗਿਣਤੀ ਵਧਾਉਣ ਦੇ ਆਦੇਸ਼
ਮੁਹਾਲੀ ਪ੍ਰਸ਼ਾਸਨ ਨੇ ਡੇਂਗੂ ਦੀ ਰੋਕਥਾਮ ਲਈ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਸੌਂਪੀ ਜ਼ਿੰਮੇਵਾਰੀ
ਹਸਪਤਾਲਾਂ ਵਿੱਚ ਰੋਜ਼ਾਨਾ ਬੈੱਡਾਂ ਦੀ ਉਪਲਬਧਤਾ ਬਾਰੇ ਪਤਾ ਲਗਾਉਣ ਲਈ ਗੂਗਲ ਸ਼ੀਟ ਤਿਆਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਕਤੂਬਰ:
ਮੁਹਾਲੀ ਵਿੱਚ ਕਰੋਨਾ ਮਹਾਮਾਰੀ ਤੋਂ ਬਾਅਦ ਲਗਾਤਾਰ ਵਧ ਰਹੇ ਡੇਂਗੂ ਦੇ ਪ੍ਰਕੋਪ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਬੰਧਕਾਂ ਅਤੇ ਅਧਿਕਾਰਤ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਡੇਂਗੂ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਡੇਂਗੂ ਦੀ ਰੋਕਥਾਮ ਗਤੀਵਿਧੀਆਂ ਵਿੱਚ ਸਹਿਯੋਗ ਦੇਣ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਿਹਤ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਫੌਗਿੰਗ, ਕੰਟੇਨਰ ਸਰਵੇ ਅਤੇ ਜਾਗਰੂਕਤਾ ਮੁਹਿੰਮ ਤੋਂ ਇਲਾਵਾ ਡੇਂਗੂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਠੋਸ ਕਦਮਾਂ ਸਬੰਧੀ ਪ੍ਰਾਈਵੇਟ ਹਸਪਤਾਲਾਂ ਦਾ ਸਹਿਯੋਗ ਲੈਣ ਦਾ ਫੈਸਲਾ ਕੀਤਾ ਹੈ।
ਡੀਸੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਬੀਮਾਰੀ ਦੇ ਹਾਟ ਸਪਾਟ ਦੀ ਸ਼ਨਾਖ਼ਤ ਕਰਨ ਅਤੇ ਫੌਗਿੰਗ, ਕੰਟੇਨਰ ਸਰਵੇਖਣ ਤੇ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਅਤੇ ਇਨ੍ਹਾਂ ਗਤੀਵਿਧੀਆਂ ਵਿੱਚ ਪ੍ਰਾਈਵੇਟ ਹਸਪਤਾਲਾਂ ਦੇ ਸਟਾਫ਼ ਦੀਆਂ ਸੇਵਾਵਾਂ ਲੈਣ ’ਤੇ ਜ਼ੋਰ ਦਿੱਤਾ। ਜ਼ਿਲ੍ਹੇ ਵਿੱਚ ਡੇਂਗੂ ਦੇ ਹਮਲੇ ਨਾਲ ਨਜਿੱਠਣ ਲਈ ਚੁੱਕੇ ਕਦਮਾਂ ਬਾਰੇ ਦੱਸਦਿਆਂ ਸ੍ਰੀਮਤੀ ਕਾਲੀਆ ਨੇ ਕਿਹਾ ਕਿ ਸਮੂਹ ਮਲਟੀ ਪਰਪਜ਼ ਹੈਲਥ ਵਰਕਰਾਂ ਨੂੰ ਪਹਿਲਾਂ ਹੀ ਡੇਂਗੂ ਦੀ ਰੋਕਥਾਮ ਅਤੇ ਜਾਗਰੂਕਤਾ ਗਤੀਵਿਧੀਆਂ ਦੇ ਕੰਮ ਲਗਾਇਆ ਗਿਆ ਹੈ। ਉਨ੍ਹਾਂ ਮੱਛਰ ਦੇ ਪ੍ਰਜਣਨ ਵਾਲੀਆਂ ਥਾਵਾਂ ਦੀ ਜਾਂਚ ਕਰਨ ਅਤੇ ਸਫ਼ਾਈ ਮੁਹਿੰਮ ਚਲਾਉਣ ਦੇ ਆਦੇਸ਼ ਵੀ ਦਿੱਤੇ।
ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਐਪੇਡੈਮੋਲੋਜਿਸਟ ਡਾ. ਵਿਕਰਾਂਤ ਨਾਗਰਾ ਦੀ ਮੌਜੂਦਗੀ ਵਾਲੀ ਇਸ ਮੀਟਿੰਗ ਦੌਰਾਨ ਡੀਸੀ ਨੇ ਪ੍ਰਾਈਵੇਟ ਹਸਪਤਾਲਾਂ ਦੀ ਮੈਨੇਜਮੈਂਟ ਨੂੰ ਡੇਂਗੂ ਪੀੜਤਾਂ ਲਈ ਲੋੜ ਅਨੁਸਾਰ ਬੈੱਡਾਂ ਦੀ ਗਿਣਤੀ ਵਧਾਉਣ ਅਤੇ ਕਿਸੇ ਨੂੰ ਵੀ ਇਲਾਜ ਤੋਂ ਇਨਕਾਰ ਨਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪ੍ਰਾਈਵੇਟ ਹਸਪਤਾਲ ਕੋਲ ਡੇਂਗੂ ਮਰੀਜ਼ਾਂ ਲਈ ਜ਼ਿਆਦਾ ਬੈੱਡ ਨਹੀਂ ਹਨ ਤਾਂ ਮਰੀਜ਼ਾਂ ਨੂੰ ਅਗਲੇ ਇਲਾਜ ਲਈ ਗਾਈਡ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਕਾਰਡ ਆਧਾਰਿਤ ਟੈਸਟਿੰਗ ’ਤੇ ਪਹਿਲਾਂ ਹੀ ਪਾਬੰਦੀ ਲਗਾਈ ਗਈ ਹੈ ਅਤੇ ਹੁਣ ਸਿਰਫ਼ ਐਂਜਾਈਮ ਆਧਾਰਿਤ ਇਮੋਨੋਐਸੇ ਟੈੱਸਟ (ਐਲੀਸਾ) ਨੂੰ ਮਾਨਤਾ ਦਿੱਤੀ ਗਈ ਹੈ। ਜੇ ਕਿਸੇ ਪ੍ਰਾਈਵੇਟ ਹਸਪਤਾਲ ਕੋਲ ਐਲੀਸਾ ਟੈੱਸਟ ਦੀ ਸੁਵਿਧਾ ਨਹੀਂ ਹੈ ਤਾਂ ਉਹ ਮਰੀਜ਼ਾਂ ਨੂੰ ਸਰਕਾਰੀ ਹਸਪਤਾਲ ਵਿੱਚ ਟੈਸਟਿੰਗ ਲਈ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਡੇਂਗੂ ਦੇ ਟੈੱਸਟ ਦੀ ਵੱਧ ਤੋਂ ਵੱਧ ਫੀਸ 600 ਰੁਪਏ ਨਿਰਧਾਰਿਤ ਕੀਤੀ ਹੈ।
ਸ੍ਰੀਮਤੀ ਕਾਲੀਆ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਪ੍ਰਾਈਵੇਟ ਹਸਪਤਾਲਾਂ ਲਈ ਗੂਗਲ ਸ਼ੀਟ ਤਿਆਰ ਕੀਤੀ ਗਈ ਹੈ, ਜਿਸ ਵਿੱਚ ਉਹ ਆਪਣੇ ਕੋਲ ਉਪਲਬਧ ਬੈੱਡਾਂ ਬਾਰੇ ਡਾਟਾ ਰੋਜ਼ਾਨਾ ਅਪਡੇਟ ਕਰਨਗੇ ਅਤੇ ਗੂਗਲ ਸ਼ੀਟ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ https://sasnagar.nic.in ਉੱਤੇ ਅਪਲੋਡ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਫੌਗਿੰਗ, ਕੰਟੇਨਰ ਸਰਵੇਖਣ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਅਤੇ ਸ਼ਿਕਾਇਤ ਲਈ ਹੈਲਪਲਾਈਨ ਨੰਬਰ 0172-2219506 ਅਤੇ ਈਮੇਲ sasnagarhelpline0gmail.com ਜਾਰੀ ਕੀਤੀ ਗਈ ਹੈ। ਮੀਟਿੰਗ ਵਿੱਚ ਫੋਰਟਿਸ ਹਸਪਤਾਲ ਸਮੇਤ ਏਸ ਹਰਟ, ਸ਼ੈਲਬੀ, ਗਰੇਸ਼ੀਅਨ, ਆਈਵੀ, ਗੁਰੂ ਹਰਕ੍ਰਿਸ਼ਨ ਹਸਪਤਾਲ, ਮੈਕਸ, ਇੰਡਸ, ਮਿਹਰ ਸੁਪਰ ਸਪੈਸ਼ਲਿਟੀ, ਇੰਡਸ ਤੇ ਚੀਮਾ ਹਸਪਤਾਲ ਦੇ ਪ੍ਰਬੰਧਕ ਅਤੇ ਅਧਿਕਾਰਤ ਨੁਮਾਇੰਦੇ ਹਾਜ਼ਰ ਸਨ।