Nabaz-e-punjab.com

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਾਲੀ ਵਿੱਚ ਆਵਾਜਾਈ ਪ੍ਰਣਾਲੀ ਦਰੁਸਤ ਕਰਨ ਦੀ ਕਵਾਇਦ

ਡੀਸੀ ਵੱਲੋਂ ਐਸਐਸਪੀ, ਕਮਿਸ਼ਨਰ, ਆਰਟੀਏ ਤੇ ਹੋਰਨਾਂ ਉੱਚ ਅਧਿਕਾਰੀਆਂ ਨਾਲ ਬਲੈਕ ਸਪੌਟਸ ਦਾ ਦੌਰਾ

ਤੈਅ ਸਮਾਂ ਹੱਦ ਵਿੱਚ ਸਮੁੱਚੀ ਆਵਾਜਾਈ ਪ੍ਰਣਾਲੀ ਨੂੰ ਦਰੁਸਤ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਅਤੇ ਸੜਕ ਦੁਰਘਟਨਾਵਾਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਮੀਡੀਆ ਟੀਮ ਨੂੰ ਆਪਣੇ ਨਾਲ ਲੈ ਕੇ ਬਲੈਕ ਸਪੌਟਸ (ਜ਼ਿਆਦਾ ਹਾਦਸੇ ਵਾਪਰਨ ਵਾਲੀਆਂ ਥਾਵਾਂ) ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਤੈਅ ਸਮਾਂ ਹੱਦ ਵਿੱਚ ਸਮੁੱਚੀ ਆਵਾਜਾਈ ਪ੍ਰਣਾਲੀ ਨੂੰ ਦਰੁਸਤ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਐਸਐਸਪੀ ਹਰਚਰਨ ਸਿੰਘ ਭੁੱਲਰ ਅਤੇ ਮੁਹਾਲੀ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ, ਆਰਟੀਏ ਦੇ ਸਕੱਤਰ ਸੁਖਵਿੰਦਰ ਕੁਮਾਰ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲੀਸ ਪ੍ਰਸ਼ਾਸਨ, ਨਗਰ ਨਿਗਮ ਤੇ ਹੋਰ ਵਿਭਾਗ ਆਵਾਜਾਈ ਦਾ ਪ੍ਰਵਾਹ ਸੁਚਾਰੂ ਤਰੀਕੇ ਨਾਲ ਯਕੀਨੀ ਬਣਾਉਣ ਲਈ ਸਾਂਝੇ ਯਤਨ ਕਰਨ।
ਡੀਸੀ ਗਿਰੀਸ਼ ਦਿਆਲਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਲਿੱਪ ਰੋਡ, ਡਿਵਾਈਡਰ ਅਤੇ ਟਰੈਫ਼ਿਕ ਲਾਈਟਾਂ ਲਗਾਉਣ ਵਰਗੇ ਲੋੜੀਂਦੇ ਕਦਮ ਤੁਰੰਤ ਚੁੱਕੇ ਜਾਣ ਅਤੇ ਟਰੈਫ਼ਿਕ ਲਾਈਟ ਚੌਕਾਂ ਨੇੜੇ ਜ਼ੈਬਰਾ ਕਰਾਸਿੰਗ ਯਕੀਨੀ ਬਣਾਈ ਜਾਵੇ। ਇਸ ਦੌਰਾਨ ਫੈਸਲਾ ਲਿਆ ਕਿ ਸੜਕਾਂ ਵਿਚਲੀਆਂ ਤਕਨੀਕੀ ਖਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਣਗਹਿਲੀ ਤੇ ਤੇਜ਼ ਰਫ਼ਤਾਰ ਡਰਾਈਵਿੰਗ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਰਾਹਗੀਰਾਂ ਨੂੰ ਬਲੈਕ ਸਪੌਟਸ ਬਾਰੇ ਜਾਗਰੂਕ ਕਰਨ ਲਈ ਸੜਕਾਂ ਉੱਤੇ ਆਵਾਜਾਈ ਚਿੰਨ੍ਹ ਲਗਾਏ ਜਾਣਗੇ।
ਸ੍ਰੀ ਦਿਆਲਨ ਨੇ ਅਧਿਕਾਰੀਆਂ ਨੂੰ ਰਫ਼ਤਾਰ ਹੱਦ ਬਾਰੇ ਬੋਰਡ ਲਾਉਣ, ਸੜਕਾਂ ’ਤੇ ਕਤਾਰਾਂ ਦੀ ਨਿਸ਼ਾਨਦੇਹੀ ਕਰਨ ਅਤੇ ਸੜਕਾਂ ਦੇ ਦੋਵੇਂ ਪਾਸੇ ਪੌਦੇ ਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਹਾਦਸੇ ਲਾਪ੍ਰਵਾਹੀ ਨਾਲ ਗੱਡੀ ਚਲਾਉਣ, ਵੱਧ ਰਫ਼ਤਾਰ, ਖ਼ਤਰਨਾਕ ਤਰੀਕੇ ਨਾਲ ਓਵਰਟੇਕ ਕਰਨ ਅਤੇ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਨਾਲ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਕਈ ਥਾਈਂ ਖਰਾਬ ਸੜਕਾਂ ਅਤੇ ਸਪੀਡ ਬਰੇਕਰਾਂ ਦੀ ਅਣਹੋਂਦ ਕਾਰਨ ਵੀ ਹਾਦਸੇ ਵਾਪਰਦੇ ਹਨ। ਜਿਨ੍ਹਾਂ ਵਿੱਚ ਕੀਮਤੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਜ਼ਿਲ੍ਹੇ ਵਿੱਚ 20 ਅਜਿਹੀਆਂ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਹੈ। ਜਿੱਥੇ ਅਕਸਰ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ। ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣਗੇ।
ਇਸ ਦੌਰਾਨ ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਨ ਰਾਜੇਸ਼ ਧੀਮਾਨ, ਏਡੀਸੀ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਐਸਪੀ (ਟਰੈਫ਼ਿਕ) ਕੇਸਰ ਸਿੰਘ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਐਸਡੀਐਮ ਡੇਰਾਬੱਸੀ ਪੂਜਾ ਸਿਆਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਹੁੰਦਲ, ਐਸਡੀਓ ਹਰਪ੍ਰੀਤ ਸਿੰਘ ਸਮੇਤ ਹੋਰ ਵੱਖ ਵੱਖ ਅਧਿਕਾਰੀ ਹਾਜ਼ਰ ਸਨ।
(ਬਾਕਸ ਆਈਟਮ)
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਇਸੇ ਦੌਰਾਨ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸ਼ਹਿਰ ਵਿੱਚ ਬਰਸਾਤੀ ਪਾਣੀ ਜਮ੍ਹਾ ਹੋਣ ਨਾਲ ਦਰਪੇਸ਼ ਮੁਸ਼ਕਲਾਂ ਦਾ ਪਤਾ ਲਾਉਣ ਲਈ ਕਈ ਨੀਵੀਆਂ ਥਾਵਾਂ ਵੀ ਦੇਖੀਆਂ ਅਤੇ ਅਧਿਕਾਰੀਆਂ ਨੂੰ ਇਸ ਸਮੱਸਿਆ ਨਾਲ ਜੰਗੀ ਪੱਧਰ ’ਤੇ ਨਜਿੱਠਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੀਸੀਏ ਸਟੇਡੀਅਮ ਨੇੜਿਓਂ ਲੰਘਦੇ ਗੰਦੇ ਪਾਣੀ ਦੇ ਨਾਲੇ, ਲਖਨੌਰ ਚੋਅ, ਪਟਿਆਲਾ ਦੀ ਰਾਓ ਅਤੇ ਹੋਰ ਨਿਕਾਸੀ ਨਾਲਿਆਂ ਅਤੇ ਰੋਡ ਗਲੀਆਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਸ਼ਹਿਰ ਵਾਸੀਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

Load More Related Articles
Load More By Nabaz-e-Punjab
Load More In General News

Check Also

NIFT celebrated the festival of Basant Panchami with enthusiasm and cultural favour

NIFT celebrated the festival of Basant Panchami with enthusiasm and cultural favour Nabaz-…