ਜ਼ਿਲ੍ਹਾ ਅਕਾਲੀ ਦਲ ਦੀ ਜਥੇਦਾਰੀ ਹਥਿਆਉਣ ਲਈ ਸੀਨੀਅਰ ਆਗੂਆਂ ’ਚ ਲੱਗੀ ਦੌੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀਆਂ ਜੜ੍ਹਾਂ ਮਜ਼ਬੂਤ ਕਰਨ ਲਈ ਭਾਵੇਂ ਹਾਲ ਹੀ ਵਿੱਚ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ ਅਤੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀਆਂ ਵੀ ਨਿਯੁਕਤੀਆਂ ਕਰ ਦਿੱਤੀਆਂ ਗਈਆਂ ਹਨ ਪ੍ਰੰਤੂ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਜ਼ਿਲ੍ਹਾ ਸ਼ਹਿਰੀ ਅਤੇ ਦਿਹਾਤੀ ਪ੍ਰਧਾਨਾਂ ਦੀ ਨਿਯੁਕਤੀ ਨੂੰ ਲੈ ਕੇ ਅਜੇ ਤਾਈਂ ਭੰਬਲਭੂਸਾ ਬਣਿਆ ਹੋਇਆ ਹੈ। ਮੌਜੂਦਾ ਸਮੇਂ ਵਿੱਚ ਅਕਾਲੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਵੀ ਹਨ ਅਤੇ ਹਾਈ ਕਮਾਂਡ ਉਨ੍ਹਾਂ ਨੂੰ ਹੀ ਇਹ ਜ਼ਿੰਮੇਵਾਰੀ ਦੇ ਕੇ ਰੱਖਣਾ ਚਾਹੁੰਦੀ ਹੈ। ਉਂਜ ਵੀ ਉਹ ਪਹਿਲੇ ਅਜਿਹੇ ਪ੍ਰਧਾਨ ਹਨ, ਜਿਨ੍ਹਾਂ ਨੇ ਆਪਣੇ ਬਲਬੂਤੇ ’ਤੇ ਜ਼ਿਲ੍ਹਾ ਪੱਧਰੀ ਦਫ਼ਤਰ ਖੋਲ੍ਹਿਆ ਹੋਇਆ ਹੈ। ਜਦੋਂ ਕਿ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਦਾ ਅਹੁਦਾ ਕਾਫੀ ਸਮੇਂ ਤੋਂ ਖਾਲੀ ਪਿਆ ਹੈ। ਵਿਧਾਨ ਸਭਾ ਚੋਣਾਂ ਵਿੱਚ ਟਿਕਟ ਨਾ ਮਿਲਣ ਕਾਰਨ ਉਨ੍ਹਾਂ ਨੂੰ ਪਾਰਟੀ ਉਮੀਦਵਾਰ ਰਣਜੀਤ ਸਿੰਘ ਗਿੱਲ ਦੀ ਖ਼ਿਲਾਫ਼ਤ ਕਰਨ ਦੇ ਕਥਿਤ ਦੋਸ਼ ਹੇਠ ਪਾਰਟੀ ’ਚੋਂ ਬਾਹਰ ਕਰ ਦਿੱਤਾ ਸੀ।
ਉਧਰ, ਜ਼ਿਲ੍ਹਾ ਪ੍ਰਧਾਨ ਦਾ ਅਹੁਦਾ ਲੈਣ ਲਈ ਸੀਨੀਅਰ ਆਗੂਆਂ ਵਿੱਚ ਦੌੜ ਲੱਗ ਗਈ ਹੈ ਅਤੇ ਐਤਕੀਂ ਤਿੰਨ ਟਕਸਾਲੀ ਅਕਾਲੀ ਪਰਿਵਾਰਾਂ ਦੇ ਮੈਂਬਰ ਵੀ ਜ਼ਿਲ੍ਹਾ ਪ੍ਰਧਾਨਗੀ ਲਈ ਸਰਗਰਮ ਹੋ ਗਏ ਹਨ। ਜਿਨ੍ਹਾਂ ਵਿੱਚ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਪਾਰਟੀ ਦੇ ਜਥੇਬੰਦਕ ਸਕੱਤਰ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ ਸ਼ਾਮਲ ਹਨ। ਇਨ੍ਹਾਂ ਆਗੂਆਂ ਵੱਲੋਂ ਜਥੇਦਾਰੀ ਹਾਸਲ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਜਥੇਦਾਰ ਤਸਿੰਬਲੀ ਟਕਸਾਲੀ ਪਰਿਵਾਰ ਦੀ ਤੀਜੀ ਪੀੜ੍ਹੀ ’ਚੋਂ ਪ੍ਰਮੁੱਖ ਆਗੂ ਹਨ। ਜਦੋਂ ਕਿ ਜਥੇਦਾਰ ਕੁੰਭੜਾ ਸਾਬਕਾ ਵਿੱਤ ਕੈਪਟਨ ਕੰਵਰਜੀਤ ਸਿੰਘ, ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੇ ਨੇੜਲੇ ਸਾਥੀਆਂ ’ਚੋਂ ਇੱਕ ਹਨ ਉਹ ਲੰਮੇ ਅਰਸੇ ਤੋਂ ਅਕਾਲੀ ਦਲ ਦੀ ਸੇਵਾ ਕਰਦੇ ਆ ਰਹੇ ਹਨ।
ਉਧਰ, ਪਰਵਿੰਦਰ ਸਿੰਘ ਬੈਦਵਾਨ ਟਕਸਾਲੀ ਪਰਿਵਾਰਾਂ ਦੀ ਦੂਜੀ ਪੀੜ੍ਹੀ ’ਚੋਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਵੀ ਟਕਸਾਲੀ ਆਗੂ ਸਨ। ਉਹ ਜਥੇਦਾਰ ਗੁਰਚਰਨ ਸਿੰਘ ਟੌਹੜਾ, ਸਾਬਕਾ ਵਿਧਾਇਕ ਮਰਹੂਮ ਜਥੇਦਾਰ ਬਚਿੱਤਰ ਸਿੰਘ ਪਡਿਆਲਾ, ਸਵਰਗੀ ਰਾਜਬੀਰ ਸਿੰਘ ਪਡਿਆਲਾ ਦੇ ਕਾਫੀ ਨੇੜਲਿਆਂ ’ਚੋਂ ਹਨ। ਕੁੱਝ ਸਮਾਂ ਪਹਿਲਾਂ ਸ੍ਰੀ ਰਾਮੂਵਾਲੀਆ ਦੇ ਕਾਫੀ ਨੇੜੇ ਸਨ ਅਤੇ ਹੁਣ ਇਸ ਸਮੇਂ ਉਹ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਕਾਫੀ ਨਜ਼ਦੀਕੀ ਸਮਝੇ ਜਾਂਦੇ ਹਨ। ਉਂਜ ਮੁਹਾਲੀ ਤੋਂ ਵਿਧਾਨ ਦੀ ਚੋਣ ਲੜ ਚੁੱਕੇ ਸਾਬਕਾ ਡਿਪਟੀ ਕਮਿਸ਼ਨਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਹਲਕਾ ਖਰੜ ਦੇ ਇੰਚਾਰਜ ਤੇ ਕਲੋਨਾਈਜਰ ਰਣਜੀਤ ਸਿੰਘ ਗਿੱਲ ਵੀ ਜ਼ਿਲ੍ਹਾ ਪ੍ਰਧਾਨਗੀ ਦੇ ਚਾਹਵਾਨ ਹਨ। ਕੈਪਟਨ ਸਿੱਧੂ ਰਾਜ ਸਭਾ ਦੇ ਮੈਂਬਰ ਜਥੇਦਾਰ ਸੁਖਦੇਵ ਸਿੰਘ ਢੀਂਡਸਾ ਦੇ ਜਵਾਈ ਹਨ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਵੀ ਜ਼ਿਲ੍ਹਾ ਪ੍ਰਧਾਨਗੀ ਲਈ ਮਜ਼ਬੂਤ ਦਾਅਵੇਦਾਰ ਦੱਸੇ ਜਾ ਰਹੇ ਹਨ। ਉਨ੍ਹਾਂ ਨੂੰ ਬੀਬੀ ਜਗੀਰ ਕੌਰ ਸਮੇਤ ਐਸਜੀਪੀਸੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਡੇਰਾਬੱਸੀ ਦੇ ਅਕਾਲੀ ਵਿਧਾਇਕ ਐਨ.ਕੇ. ਸ਼ਰਮਾ ਅਤੇ ਮੇਅਰ ਕੁਲਵੰਤ ਸਿੰਘ ਦਾ ਵੀ ਥਾਪੜਾ ਹੈ। ਦਲਿਤ ਆਗੂ ਦਰਸ਼ਨ ਸਿੰਘ ਸ਼ਿਵਜੋਤ, ਐਸਜੀਪੀਸੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਅਜਮੇਰ ਸਿੰਘ ਖੇੜਾ ਅਤੇ ਜਥੇਦਾਰ ਅਮਰੀਕ ਸਿੰਘ ਮੁਹਾਲੀ ਸਮੇਤ ਵੀ ਇਸ ਦੌੜ ਵਿੱਚ ਸ਼ਾਮਲ ਹਨ।
ਉਧਰ, ਅਕਾਲੀ ਕੌਂਸਲਰ ਕਮਲਜੀਤ ਸਿੰਘ ਰੂਬੀ, ਸੁਖਦੇਵ ਸਿੰਘ ਪਟਵਾਰੀ ਅਤੇ ਗੁਰਮੁੱਖ ਸਿੰਘ ਸੋਹਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਲਈ ਭੱਜ ਨੱਠ ਕਰ ਰਹੇ ਹਨ। ਸ੍ਰੀ ਰੂਬੀ ਸਮਾਜ ਸੇਵੀ ਆਗੂ ਵਜੋਂ ਵੀ ਜਾਣੇ ਜਾਂਦੇ ਹਨ। ਉਹ ਸਰਬੱਤ ਦਾ ਭਲਾ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਵੀ ਹਨ। ਹਾਲਾਂਕਿ ਸੁਖਬੀਰ ਬਾਦਲ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ ਕਰਨ ਵੇਲੇ ਇਹ ਆਖਿਆ ਗਿਆ ਸੀ ਕਿ ਮੁਹਾਲੀ ਸਮੇਤ ਬਾਕੀ ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀ ਘੋਸ਼ਣਾ ਵੀ ਇੱਕ ਦੋ ਦਿਨਾਂ ਵਿੱਚ ਕਰ ਦਿੱਤੀ ਜਾਵੇਗੀ ਪ੍ਰੰਤੂ ਹਾਈ ਕਮਾਂਡ ਨੇ ਅਜੇ ਤਾਈਂ ਕਿਸੇ ਆਗੂ ਨੂੰ ਜ਼ਿਲ੍ਹੇ ਦੀ ਜਥੇਦਾਰੀ ਨਹੀਂ ਸੌਂਪੀ ਹੈ। ਜਿਸ ਕਾਰਨ ਚਾਹਵਾਨ ਆਗੂਆਂ ਦੀ ਉਡੀਕ ਲੰਮੀ ਹੁੰਦੀ ਜਾ ਰਹੀ ਹੈ। ਇਸ ਭੰਬਲਭੂਸੇ ਕਾਰਨ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੇ ਸਰਕਲ ਮੁਹਾਲੀ, ਖਰੜ, ਕੁਰਾਲੀ, ਜ਼ੀਰਕਪੁਰ, ਲਾਲੜੂ, ਡੇਰਾਬੱਸੀ, ਮਾਜਰੀ, ਮੁੱਲਾਂਪੁਰ ਗਰੀਬਦਾਸ, ਨਵਾਂ ਗਰਾਓਂ ਅਤੇ ਨਿਊ ਚੰਡੀਗੜ੍ਹ ਦੇ ਪ੍ਰਧਾਨਾਂ ਸਮੇਤ ਬਾਕੀ ਅਹੁਦੇਦਾਰਾਂ ਦੀ ਚੋਣ ਦਾ ਕੰਮ ਲਮਕ ਗਿਆ ਹੈ।

Load More Related Articles
Load More By Nabaz-e-Punjab
Load More In Important Stories

Check Also

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ?

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ? ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗ…