ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ 10 ਗਰਾਮ ਹੈਰੋਇਨ ਨਾਲ ਦੋ ਨੌਜਵਾਨ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ ਦੇਸੀ ਪਿਸਤੌਲ, 3 ਜ਼ਿੰਦਾ ਕਾਰਤੂਸ, 40 ਹਜ਼ਾਰ 200 ਡਰੱਗ ਮਨੀ ਅਤੇ ਕੰਪਿਊਟਰਰਾਈਜ਼ ਕੰਡਾ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਦੋ ਨੌਜਵਾਨਾਂ ਨੂੰ 10 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ 315 ਬੋਰ ਦੇਸੀ ਪਿਸਤੌਲ, ਤਿੰਨ ਜ਼ਿੰਦਾ ਕਾਰਤੂਸ ਅਤੇ 40 200 ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਮੁਲਜ਼ਮਾਂ ਦੇ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਐਨਡੀਪੀਐਸ ਅਤੇ ਅਸਲਾ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਪੀ (ਡੀ) ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਜਗਦੇਵ ਸਿੰਘ ਦੀ ਨਿਗਰਾਨੀ ਹੇਠ ਏਐਸਆਈ ਜੀਵਨ ਸਿੰਘ ਤੇ ਹੋਰ ਪੁਲੀਸ ਕਰਮਚਾਰੀ ਮੁਹਾਲੀ ਏਅਰਪੋਰਟ ਸੜਕ ’ਤੇ ਪਿੰਡ ਬੱਲੋਮਾਜਰਾ ਦੀ ਹੱਦ ਅੰਦਰ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸੀ। ਇਸ ਦੌਰਾਨ ਪੁਲੀਸ ਨੇ ਇੱਕ ਲਾਲ ਰੰਗ ਦੇ ਮੋਟਰ ਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲੀਸ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗੇ ਪ੍ਰੰਤੂ ਪੁਲੀਸ ਕਰਮਚਾਰੀਆਂ ਨੂੰ ਫੁਰਤੀ ਨਾਲ ਉਨ੍ਹਾਂ ਨੂੰ ਕਾਬੂ ਕਰ ਲਿਆ।
ਪੁਲੀਸ ਅਨੁਸਾਰ ਮੋਟਰ ਸਾਈਕਲ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਟਿੰਡਵਾ ਤਹਿਸੀਲ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਚਲਾ ਰਿਹਾ ਸੀ ਜੋ ਮੌਜੂਦਾ ਸਮੇਂ ਵਿੱਚ ਕੇਂਦਰੀ ਵਿਹਾਰ, ਸੰਨੀ ਇੰਨਕਲੇਵ ਵਿੱਚ ਰਹਿ ਰਿਹਾ ਸੀ ਜਦੋਂਕਿ ਗੁਰਜੀਤ ਸਿੰਘ ਵਾਸੀ ਪਿੰਡ ਬਡਾਲਾ ਨੋ (ਬੰਬ) ਤਹਿਸੀਲ-ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਉਸ ਦੇ ਪਿੱਛੇ ਬੈਠਾ ਸੀ। ਐਸਪੀ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 10 ਗਰਾਮ ਹੈਰੋਇਨ, 315 ਬੋਰ ਦਾ ਇੱਕ ਦੇਸੀ ਪਿਸਤੌਲ, 3 ਜ਼ਿੰਦਾ ਕਾਰਤੂਸ ਅਤੇ 40 ਹਜ਼ਾਰ 200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਕੋਲੋਂ ਪਲਾਸਟਿਕ ਦੀਆਂ 10 ਛੋਟੀਆਂ ਲਿਫ਼ਾਫ਼ੀਆਂ ਅਤੇ ਇੱਕ ਕੰਪਿਊਟਰਰਾਈਜ਼ ਕੰਡਾ ਵੀ ਮਿਲਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਗੁਰਜੀਤ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਲੜਾਈ ਝਗੜੇ ਅਤੇ ਨਸ਼ਾ ਤਸਕਰੀ ਦੇ ਕੇਸ ਦਰਜ ਹਨ। ਮੁਲਜ਼ਮ ਮੁਹਾਲੀ ਅਤੇ ਖਰੜ ਇਲਾਕੇ ਵਿੱਚ ਨਸ਼ਾ ਸਪਲਾਈ ਕਰਦੇ ਸਨ। ਅੱਜ ਦੋਵੇਂ ਮੁਲਜ਼ਮਾਂ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …