Nabaz-e-punjab.com

ਮੁਹਾਲੀ ਵਿੱਚ ਰੈਵੀਨਿਊ ਪਟਵਾਰੀਆਂ ਦਾ ਜ਼ਿਲ੍ਹਾ ਪੱਧਰੀ ਧਰਨਾ, ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ:
ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਪ੍ਰਧਾਨ ਸੋਹਨ ਸਿੰਘ ਦੀ ਅਗਵਾਈ ਹੇਠ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਤਹਿਸੀਲ ਕੰਪਲੈਕਸ ਦੇ ਬਾਹਰ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖੇੜਾ, ਜ਼ਿਲ੍ਹਾ ਵਿੱਤ ਸਕੱਤਰ ਬਚਿੱਤਰ ਸਿੰਘ, ਮੁਹਾਲੀ ਤਹਿਸੀਲ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਣਾ, ਜਰਨਲ ਸਕੱਤਰ ਸੁਰਿੰਦਰਪਾਲ ਸਿੰਘ, ਕੈਸ਼ੀਅਰ ਸਤਪਾਲ ਸਿੰਘ, ਗੁਰਜੰਟ ਸਿੰਘ ਪ੍ਰਧਾਨ ਡੇਰਾਬੱਸੀ, ਹਰਵਿੰਦਰ ਸਿੰਘ ਪ੍ਰਧਾਨ ਖਰੜ, ਜਸਪ੍ਰੀਤ ਸਿੰਘ ਜਨਰਲ ਸਕੱਤਰ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਟਵਾਰੀਆਂ ਦੀਆਂ ਮੰਨੀਆਂ ਜਾਇਜ਼ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਅੱਜ ਪਟਵਾਰੀਆਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੋਹਨ ਸਿੰਘ, ਸੀਨੀਅਰ ਆਗੂ ਜਸਵੀਰ ਸਿੰਘ ਖੇੜਾ ਅਤੇ ਮੁਹਾਲੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਣਾ ਨੇ ਨਵੇਂ ਭਰਤੀ ਹੋਏ ਪਟਵਾਰੀਆਂ ਦਾ ਪਰਖਕਾਲ ਸਮਾਂ 2 ਸਾਲ ਕਰਨ ਅਤੇ ਟਰੇਨਿੰਗ ਸਮਾਂ ਸਰਵਿਸ ਵਿੱਚ ਗਿਣੇ ਜਾਣ ਸਬੰਧੀ ਮੰਗ ਕਰਦਿਆਂ ਕਿਹਾ ਕਿ ਇੱਕੋ ਸਮੇਂ ਭਰਤੀ ਹੋਏ ਪਟਵਾਰੀਆਂ ਦੀ ਤਨਖ਼ਾਹ ’ਚ ਤਰੁੱਟੀਆਂ ਦੂਰ ਕੀਤੀਆਂ ਜਾਣ, ਸੱਤ ਪਟਵਾਰੀਆਂ ਪਿੱਛੇ ਇਕ ਕਾਨੂੰਗੋਈ ਦੀ ਤਾਇਨਾਤੀ ਸਬੰਧੀ ਵਿੱਤ ਵਿਭਾਗ ਵੱਲੋਂ ਮਨਜ਼ੂਰ ਮੰਗ ਪੁਰੀ ਕੀਤੀ ਜਾਵੇ। ਕੰਪਿਊਟਰ ਅਪਰੇਟਰ ਦਾ ਕੰਮ ਪਟਵਾਰੀਆਂ ਅਧੀਨ ਕੀਤਾ ਜਾਵੇ ਅਤੇ ਸਮੂਹ ਪਟਵਾਰੀਆਂ ਨੂੰ ਕੰਪਿਊਟਰ ਅਤੇ ਲੈਪਟਾਪ ਦਿੱਤੇ ਜਾਣ। ਉਨ੍ਹਾਂ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਕਿ ਆਉਣ ਵਾਲੇ ਦਿਨਾਂ ਵਿੱਚ ਕਾਫੀ ਪਟਵਾਰੀ ਸੇਵਾਮੁਕਤ ਹੋਣ ਵਾਲੇ ਹਨ। ਲਿਹਾਜ਼ਾ ਨਵੇਂ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ।
ਮੁਹਾਲੀ ਤਹਿਸੀਲ ਵਿੱਚ ਵਰਕ ਸਟੇਸ਼ਨ ਬਣਾਇਆ ਜਾਵੇ ਅਤੇ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਦਿੱਤਾ ਜਾਵੇ ਅਤੇ ਮਾਲ ਵਿਭਾਗ ਦੇ ਕੰਮ ਵਿੱਚ ਪੁਲੀਸ ਦੀ ਬੇਲੋੜੀ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਦਰ ਕਾਨੂੰਗੋਈ ਸ਼ਾਖ਼ਾ ਵਿੱਚ ਨਾਇਬ ਕਾਨੂੰਗੋਈ ਦੀਆਂ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਪਟਵਾਰੀਆਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਹੀਂ ਕੀਤਾ ਤਾਂ ਉਹ ਆਪਣੇ ਹੱਕਾਂ ਲਈ ਲੜੀਵਾਰ ਸੰਘਰਸ਼ ਸ਼ੁਰੂ ਕਰਨਗੇ। ਧਰਨੇ ਉਪਰੰਤ ਪਟਵਾਰੀਆਂ ਨੇ ਏਡੀਸੀ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਜੀਤ ਸਿੰਘ, ਰਾਜਿੰਦਰ ਸਿੰਘ, ਜਸਵਿੰਦਰ ਸਿੰਘ, ਅਜੀਤ ਕੌਰ, ਕਿਰਨ ਬਾਲਾ, ਡਾ. ਸੋਨਮ ਕਪੂਰ, ਕਮਲ ਸੈਣੀ, ਬਿਕਰਮ ਸਿੰਘ, ਗੁਰਕਮਲ ਸਿੰਘ, ਸੁਖਪਾਲ ਸਿੰਘ ਅਤੇ ਜ਼ਿਲ੍ਹੇ ਅਧੀਨ ਆਉਂਦੇ ਸਮੂਹ ਪਟਵਾਰ ਸਰਕਲਾਂ ਦੇ ਪਟਵਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…