
ਛੁੱਟੀਆਂ ਦੌਰਾਨ ਸਕੂਲਾਂ ਦੀ ਸਫਾਈ ਤੇ ਫਰਨੀਚਰ ਦੀ ਮੁਰੰਮਤ ਦਾ ਕੰਮ ਖ਼ਤਮ ਕਰਨ ਦੇ ਆਦੇਸ਼
ਸਕੂਲਾਂ ’ਚ ਖਾਲੀ ਪਈਆਂ ਥਾਵਾਂ ਤੇ ਵੱਧ ਤੋਂ ਵੱਧ ਰੁੱਖ ਲਗਾਉਣ, ਮਿਸ਼ਨ ਪੁਸ਼ਤਕ ਮੁਹਿੰਮ ’ਚ ਅਧਿਆਪਕ ਵਰਗ ਨੂੰ ਯੋਗਦਾਨ ਪਾਉਣ ਦੀ ਅਪੀਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ:
ਪੰਜਾਬ ਸਰਕਾਰ ਵੱਲੋਂ ਸਿੱਖਿਅਕ ਢਾਂਚੇ ਨੂੰ ਮਜਬੂਤ ਕਰਨ ਲਈ ਸਮੇਂ ਸਮੇਂ ਤੇ ਵਿਸੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਖਾਲੀ ਥਾਵਾਂ ਤੇ ਪੌਦੇ ਲਗਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾਣਗੇ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਭਾਸ਼ ਮਹਾਜਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਕੂਲ ਮੁਖੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਜ਼ਿਲ੍ਹਾ ਸਿੱਖਿਆ ਅਫਸਰ ਨੇ ਇਸ ਮੌਕੇ ਪਿੰ੍ਰਸੀਪਲਾਂ, ਹਾਈ ਸਕੂਲਾਂ ਦੇ ਮੁਖੀਆਂ ਅਤੇ ਮਿਡਲ ਸਕੂਲ ਦੇ ਮੁਖੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਨਿਰਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰਨ ਲਈ ਉਸਾਰੂ ਮਾਹੌਲ ਸਿਰਜਨ ਦੀ ਲੋੜ ਤੇ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਛੁੱਟੀਆਂ ਦੌਰਾਨ ਸਕੂਲਾਂ ਦੀ ਸਫਾਈ, ਫਰਨੀਚਰ ਦੀ ਮੁਰੰਮਤ ਅਤੇ ਬੁਨਿਆਦੀ ਢਾਂਚੇ ਦੀ ਮਜਬੂਤੀ ਲਈ ਕੀਤੇ ਜਾਣ ਵਾਲੇ ਕੰਮਾਂ ਨੂੰ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਇਸ ਮੌਕੇ ਮੁਹਾਲੀ ਜ਼ਿਲ੍ਹੇ ਦੇ ਮਾੜੇ ਨਤੀਜਿਆਂ ਸਬੰਧੀ ਵੀ ਸਵੈ ਪੜਚੋਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਕਲਾਂ ਦੇ ਚੰਗੇ ਨਤੀਜੇ ਸਾਹਮਣੇ ਆਉਣ। ਉਨ੍ਹਾਂ ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸ਼ੁਰੂ ਕੀਤੀ ਮਿਸ਼ਨ ਪੁਸ਼ਤਕ ਮੁਹਿੰਮ ਵਿੱਚ ਸਮੂਹ ਅਧਿਆਪਕ ਵਰਗ ਨੂੰ ਆਪਣਾ ਯੋਗਦਾਨ ਪਾਉਣ ਲਈ ਵੀ ਆਖਿਆ। ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਹਰਵਿੰਦਰ ਸਿੰਘ ਖਹਿਰਾ ਨੇ ਬੱਚਿਆਂ ਦੇ ਆਮ ਗਿਆਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ ਉਪਰਾਲੇ ਕਰਨ ਲਈ ਪ੍ਰੇਰਿਆ ਅਤੇ ਕੈਰੀਅਰ ਅਧਿਆਪਕਾਂ ਦੇ ਕੰਮ ਦੀ ਮੁਖੀਆ ਵੱਲੋਂ ਪੜਚੋਲ ਕਰਨ ਤੇ ਜੋਰ ਦਿੱਤਾ। ਮੀਟਿੰਗ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਰਵਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਵਿਦਿਆਰਥੀਆਂ ਵਿੱਚ ਜਾਗਰੂਕਤਾ ਮੁਹਿੰਮ ਵਿੰਢਣ ਲਈ ਆਖਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਨੇ ਸਕੂਲ ਮੁਖੀਆਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ।