Nabaz-e-punjab.com

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਪੋਲਿੰਗ ਸਟਾਫ਼ ਦੀ ਦੂਜੀ ਰੈਂਡੇਮਾਈਜੇਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਪਰੈਲ:
ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਕੌਰ ਸਪਰਾ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ਼ ਦੀ ਦੂਜੀ ਰੈਂਡੇਮਾਈਜੇਸ਼ਨ ਕਰਵਾਈ ਗਈ। ਇਸ ਮੌਕੇ ਸ੍ਰੀਮਤੀ ਸਪਰਾ ਨੇ ਕਿਹਾ ਕਿ ਦੂਜੀ ਰੈਂਡੇਮਾਈਜੇਸ਼ਨ ਮਗਰੋਂ ਪੋਲਿੰਗ ਸਟਾਫ਼ ਨੂੰ ਆਪਣੇ ਡਿਊਟੀ ਵਾਲੇ ਸਬੰਧਤ ਹਲਕੇ ਦਾ ਪਤਾ ਚੱਲੇਗਾ। ਉਨ੍ਹਾਂ ਦੱਸਿਆ ਕਿ 20 ਫੀਸਦੀ ਸਟਾਫ਼ ਨੂੰ ਐਮਰਜੈਂਸੀ ਮੰਤਵ ਲਈ ਰਾਖਵਾਂ ਰੱਖਿਆ ਜਾਵੇਗਾ। ਉਨ੍ਹਾਂ ਸਟਾਫ਼ ਨੂੰ ਜ਼ੋਰ ਦੇ ਕੇ ਆਖਿਆ ਕਿ ਆਪਣੀ ਚੋਣ ਡਿਊਟੀ ਨੂੰ ਪੂਰੇ ਸਮਰਪਣ ਨਾਲ ਨਿਭਾਉਣ। ਉਨ੍ਹਾਂ ਯਕੀਨ ਦਿਵਾਇਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਚੋਣਾਂ ਨਿਰਪੱਖ, ਭੈਅਮੁਕਤ ਤੇ ਪਾਰਦਰਸ਼ੀ ਤਰੀਕੇ ਨਾਲ ਹੋਣੀਆਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।
ਸ੍ਰੀਮਤੀ ਸਪਰਾ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਰੈਂਡੇਮਾਈਜੇਸ਼ਨ ਦੀ ਪੂਰੀ ਪ੍ਰਕਿਰਿਆ ਤੋਂ ਜਾਣੰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ਼ ਦੀ ਤੀਜੀ ਰੈਂਡੇਮਾਈਜੇਸ਼ਨ 18 ਮਈ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ’ਚੋਂ ਜੇ ਕੋਈ ਆਪਣੀ ਚੋਣ ਡਿਊਟੀ ਵਿੱਚ ਕਿਸੇ ਕਿਸਮ ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 32 ਤਹਿਤ ਕਾਰਵਾਈ ਹੋਵੇਗੀ, ਜਿਸ ਵਿੱਚ ਜੁਰਮਾਨੇ ਦੇ ਨਾਲ-ਨਾਲ ਦੋ ਸਾਲ ਤੱਕ ਦੀ ਸਜ਼ਾ ਦੀ ਤਜਵੀਜ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਬਰਦਾਸ਼ਤ ਨਹੀਂ ਕਰੇਗਾ। ਰੈਂਡੇਮਾਈਜੇਸ਼ਨ ਪ੍ਰਕਿਰਿਆ ਉੱਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਤਸੱਲੀ ਪ੍ਰਗਟਾਈ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਤਹਿਸੀਲਦਾਰ ਚੋਣਾਂ ਸੰਜੇ ਕੁਮਾਰ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਗਗਨਪ੍ਰੀਤ ਸਿੰਘ ਬੈਂਸ, ਭਾਜਪਾ ਦੇ ਜ਼ਿਲ੍ਹਾ ਇਕਾਈ ਦੇ ਵਿੱਤ ਸਕੱਤਰ ਜੋਗਿੰਦਰ ਸਿੰਘ ਕੰਵਰ, ਆਪ ਦੇ ਜ਼ਿਲ੍ਹਾ ਜਨਰਲ ਸਕੱਤਰ ਬਹਾਦਰ ਸਿੰਘ, ਬਸਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ ਚੱਪੜਚਿੜੀ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਹਰਸੰਗਤ ਸਿੰਘ ਸੋਹਾਣਾ ਅਤੇ ਕਾਂਗਰਸ ਦੇ ਰਾਜਵੀਰ ਸਿੰਘ ਰਾਜੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…