ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ 312 ਵਿਦਿਆਰਥੀਆਂ ਨੇ ਭਾਗ ਲੈ ਕੇ ਕਾਇਮ ਕੀਤੀ ਨਵੀਂ ਮਿਸਾਲ

ਜ਼ਿਲ੍ਹਾ ਪੱਧਰ ’ਤੇ ਜੇਤੂ ਵਿਦਿਆਰਥੀ ਹੁਣ ਰਾਜ ਪੱਧਰੀ ਮੁਕਾਬਲਿਆਂ ਵਿੱਚ ਕਰਨਗੇ ਸ਼ਮੂਲੀਅਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ:
ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਵੱਲੋਂ ਇੱਥੋਂ ਦੇ ਸੇਂਟ ਸੋਲਜਰ ਕਾਨਵੈਂਟ ਸਕੂਲ ਫੇਜ਼-7 ਵਿਖੇ ਦਸਵੀਂ ਜਮਾਤ ਤੱਕ ਪੜ੍ਹਨ ਵਾਲੇ ਵਿਦਿਆਰਥੀਆਂ ਦੇ ‘ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ’ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਲੇਖ ਰਚਨਾ, ਕਵਿਤਾ ਰਚਨਾ, ਕਹਾਣੀ ਰਚਨਾ ਅਤੇ ਕਵਿਤਾ ਗਾਇਨ ਦੇ ਮੁਕਾਬਲੇ ਸ਼ਾਮਲ ਸਨ। ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਸਕੂਲਾਂ ਦੇ 312 ਵਿਦਿਆਰਥੀਆਂ ਵੱਲੋਂ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ ਜਿਸ ਵਿੱਚ ਕਵਿਤਾ ਗਾਇਨ ਮੁਕਾਬਲੇ ਲਈ 122 ਵਿਦਿਆਰਥੀ, ਲੇਖ ਰਚਨਾ ਲਈ 100 ਵਿਦਿਆਰਥੀ, ਕਹਾਣੀ ਰਚਨਾ ਲਈ 62 ਵਿਦਿਆਰਥੀ ਅਤੇ ਕਵਿਤਾ ਰਚਨਾ ਲਈ 28 ਵਿਦਿਆਰਥੀ ਸ਼ਾਮਲ ਸਨ।
ਮੁਕਾਬਲੇ ਸ਼ੁਰੂ ਕਰਨ ਤੋਂ ਪਹਿਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਪਤਵੰਤਿਆਂ ਨੂੰ ਜੀ ਆਇਆ ਨੂੰ ਆਖਿਆ। ਐਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦਾ ਇਨ੍ਹਾਂ ਮੁਕਾਬਲਿਆਂ ਲਈ ਮੋਹ ਵਿਖਾਉਣ ਲਈ ਡਾ. ਬੋਹਾ ਨੇ ਇਸ ਨੂੰ ਪੰਜਾਬੀ ਮਾਂ ਬੋਲੀ ਲਈ ਸੁਨਹਿਰੇ ਭਵਿੱਖ ਲਈ ਨਵੀਂ ਆਸ ਦੀ ਸੁਨਿਹਰੀ ਕਿਰਨ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੁਆਰਾ ਤਿਆਰੀ ਕਰਵਾ ਕੇ ਭੇਜਣਾ ਸਲਾਹੁਣਯੋਗ ਕਦਮ ਹੈ। ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਦੀਆਂ ਸਰਗਰਮੀਆਂ ਤੋਂ ਵੀ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਵਿਦਿਆਰਥੀਆਂ ਅੰਦਰ ਪੁਸਤਕ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨਰੋਏ ਜੀਵਨ ਮੁੱਲਾਂ ਨੂੰ ਵਿਕਸਿਤ ਕਰਨ ਦੇ ਉਦੇਸ਼ ਨਾਲ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਵਿਦਿਆਰਥੀਆਂ ਅੰਦਰ ਇਨ੍ਹਾਂ ਮੁਕਾਬਲਿਆਂ ਨੂੰ ਲੈ ਕੇ ਉਤਸ਼ਾਹ ਦੇਖਣ ਵਾਲਾ ਸੀ। ਮੁਕਾਬਲਿਆਂ ਦੇ ਨਿਯਮਾਂ ਅਨੁਸਾਰ ਕਵਿਤਾ ਗਾਇਨ ਲਈ ਨੰਦ ਲਾਲ ਨੂਰਪੁਰੀ, ਧਨੀ ਰਾਮ ਚਾਤ੍ਰਿਕ, ਭਾਈ ਵੀਰ ਸਿੰਘ, ਸ਼ਿਵ ਕੁਮਾਰ ਬਟਾਲਵੀ, ਕਰਤਾਰ ਸਿੰਘ ਬਲੱਗਣ, ਅੰਮ੍ਰਿਤਾ ਪ੍ਰੀਤਮ, ਸੁਰਜੀਤ ਪਾਤਰ, ਗੁਰਭਜਨ ਸਿੰਘ, ਸੁਲੱਖਣ ਸਰਹੱਦੀ, ਗੁਰਤੇਜ ਕੋਹਾਰਵਾਲਾ, ਮਨਜੀਤ ਇੰਦਰਾ ਦੀਆਂ ਕਵਿਤਾਵਾਂ ਨੂੰ ਵਿਦਿਆਰਥੀਆਂ ਦੁਆਰਾ ਮੰਚ ਤੋਂ ਪੇਸ਼ ਕੀਤਾ ਗਿਆ। ਇਸੇ ਤਰ੍ਹਾਂ ਕਵਿਤਾ ਰਚਨਾ ਮੁਕਾਬਲੇ (300 ਸ਼ਬਦ) ਲਈ ਮੌਕੇ ’ਤੇ ‘ਰਾਤੀਂ ਮੈਨੂੰ ਸੁਫ਼ਨਾ ਆਇਆ’ ਅਤੇ ‘ਐ ਪੰਜਾਬ’, ਲੇਖ ਰਚਨਾ ਮੁਕਾਬਲੇ (600 ਸ਼ਬਦ) ਲਈ ‘ਮੇਰਾ ਨਾਇਕ ਕੌਣ?’ ਅਤੇ ‘ਇਹੁ ਧਰਤ ਸੁਹਾਵੀ‘ ਅਤੇ ਕਹਾਣੀ ਰਚਨਾ ਮੁਕਾਬਲੇ (600 ਸ਼ਬਦ) ਲਈ ‘ਮੈਂ ਇੰਞ ਨਹੀਂ ਹੋਣ ਦਿਆਂਗੀ‘ ਅਤੇ ‘ਉਹ ਦਿਨ ਨਹੀਂ ਭੁੱਲਦਾ’ ਵਿਸ਼ੇ ਦਿੱਤੇ ਗਏ। ਸਾਰੀਆਂ ਹੀ ਵਿਧਾਵਾਂ ਵਿੱਚ ਜ਼ਬਰਦਸਤ ਮੁਕਾਬਲਾ ਅਤੇ ਰੌਚਿਕਤਾ ਦੇਖਣ ਵਾਲੀ ਸੀ। ਇਹਨਾਂ ਬੱਚਿਆਂ ਦੇ ਕੱਦ ਭਾਵੇਂ ਨਿੱਕੇ ਸਨ ਪਰ ਜਿੱਤਾਂ ਲਈ ਹੌਸਲੇ ਵੱਡੇ ਸਨ।
ਕਵਿਤਾ ਰਚਨਾ ਵਿੱਚ ਪਹਿਲਾ ਸਥਾਨ ਹੰਸਿਕਾ ਮੇਹਰ, ਦੂਜਾ ਸਥਾਨ ਰੁਸ਼ਨੀਤ ਕੌਰ ਅਤੇ ਤੀਜਾ ਸਥਾਨ ਸਪੀਨਾ ਨੇ ਪ੍ਰਾਪਤ ਕੀਤਾ। ਕਹਾਣੀ ਰਚਨਾ ਵਿੱਚ ਪਹਿਲਾ ਸਥਾਨ ਨਿਹਾਰਕਾ ਸ਼ਰਮਾ, ਦੂਜਾ ਸਥਾਨ ਕਿੰਜਲ ਖ਼ਾਸ ਅਤੇ ਤੀਜਾ ਸਥਾਨ ਆਨਿਆ ਸ਼ਰਮਾ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਅਨੀਸ਼ਾ ਪਾਂਡੇ, ਦੂਜਾ ਸਥਾਨ ਕੋਮਲਪ੍ਰੀਤ ਕੌਰ ਅਤੇ ਤੀਜਾ ਸਥਾਨ ਅੰਤਰਜੋਤ ਸਿੰਘ ਨੇ ਪ੍ਰਾਪਤ ਕੀਤਾ। ਮੁਕਾਬਲਿਆਂ ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ, ਸ਼੍ਰੀਮਤੀ ਕੰਚਨ ਸ਼ਰਮਾ (ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਾਲੀ), ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ, ਇੰਸਟ੍ਰਕਟਰ ਜਤਿੰਦਰਪਾਲ ਸਿੰਘ ਅਤੇ ਮੁਕਾਬਲਿਆਂ ਦੇ ਜੱਜਾਂ ਵੱਲੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000 ਰੁਪਏ, 750 ਰੁਪਏ, 500 ਰੁਪਏ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਭਾਗ ਲੈਣ ਵਾਲੇ ਹਰ ਵਿਦਿਆਰਥੀ ਨੂੰ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਭਾਗੀਦਾਰੀ ਦਾ ਪ੍ਰਮਾਣ ਪੱਤਰ ਦਿੱਤਾ।
ਜ਼ਿਲ੍ਹਾ ਪੱਧਰ ’ਤੇ ਜੇਤੂ ਰਹੇ ਵਿਦਿਆਰਥੀ ਹੁਣ ਪਟਿਆਲੇ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ। ਮੁਕਾਬਲਿਆਂ ਦੌਰਾਨ ਜੱਜਮੈਂਟ ਲਈ ਸਤਪਾਲ ਭੀਖੀ, ਡਾ. ਪੁਸ਼ਪਿੰਦਰ ਕੌਰ, ਪ੍ਰੋ. ਗੁਰਜੋਧ ਕੌਰ, ਰਾਬਿੰਦਰ ਸਿੰਘ ਰੱਬੀ, ਸ੍ਰੀਮਤੀ ਸੁਖਵਿੰਦਰ ਕੌਰ, ਸੁਖਜੀਵਨ ਸਿੰਘ ਵੱਲੋਂ ਸਾਰਥਕ ਭੂਮਿਕਾ ਨਿਭਾਈ ਗਈ। ਮੰਚ ਸੰਚਾਲਨ ਦੀ ਭੂਮਿਕਾ ਸ੍ਰੀਮਤੀ ਜਗਜੀਤ ਕੌਰ ਨੇ ਬਾਖ਼ੂਬੀ ਨਿਭਾਈ। ਇਨ੍ਹਾਂ ਮੁਕਾਬਲਿਆਂ ਦੌਰਾਨ ਹਰਨੇਕ ਸਿੰਘ (ਡੀਐੱਮ ਪੰਜਾਬੀ), ਹਰਿੰਦਰ ਸਿੰਘ (ਬੀਐੱਮ ਪੰਜਾਬੀ), ਵਿਦਿਆਰਥੀਆਂ ਦੇ ਮਾਪੇ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…