ਸਰਕਾਰੀ ਕਾਲਜ ਵਿੱਚ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ

ਡੀਸੀ ਆਸ਼ਿਕਾ ਜੈਨ ਨੇ ਪਲੇਠੀ ਮੀਟਿੰਗ ਕਰਕੇ ਵੱਖ-ਵੱਖ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ

ਮਾਰਚ ਪਾਸਟ, ਝਾਕੀਆਂ ਤੇ ਸਭਿਆਚਾਰਕ ਗਤੀਵਿਧੀਆਂ ਹੋਣਗੀਆਂ ਖਿੱਚ ਦਾ ਕੇਂਦਰ

ਨਬਜ਼-ਏ-ਪੰਜਾਬ, ਮੁਹਾਲੀ, 25 ਜੁਲਾਈ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਫੇਜ਼-6 ਦੇ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ। ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਵਿਭਾਗਾਂ ਨਾਲ ਪਲੇਠੀ ਮੀਟਿੰਗ ਕਰਕੇ ਵੱਖ-ਵੱਖ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ। ਉਨ੍ਹਾਂ ਕਿਹਾ ਕਿ ਇਹ ਦਿਨ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਆਜ਼ਾਦੀ ਘੁਲਾਟੀਆਂ ਦੇ ਬੇਮਿਸਾਲ ਯੋਗਦਾਨ ਦੀ ਯਾਦ ਨੂੰ ਤਾਜ਼ਾ ਕਰਦਾ ਹੈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ਮੀਟਿੰਗ ਦੌਰਾਨ ਡੀਸੀ ਨੇ ਮਾਰਚ ਪਾਸਟ, ਪਾਰਕਿੰਗ, ਝਾਕੀਆਂ ਅਤੇ ਸਭਿਆਚਾਰ ਪ੍ਰੋਗਰਾਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁਹਾਲੀ ਦੇ ਏਡੀਸੀ (ਪੇਂਡੂ ਵਿਕਾਸ), ਏਡੀਸੀ (ਸ਼ਹਿਰੀ ਵਿਕਾਸ), ਏਡੀਸੀ (ਜਨਰਲ), ਐਸਡੀਐਮ ਅਤੇ ਜ਼ਿਲ੍ਹਾ ਪੁਲੀਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ। ਉਨ੍ਹਾਂ ਕਿਹਾ ਕਿ ਫੁਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ, ਜਦੋਂਕਿ ਸਟੇਡੀਅਮ ਵਿੱਚ ਪਹਿਲਾਂ 12 ਅਗਸਤ ਨੂੰ ਡਰਿੱਲ ਕੀਤੀ ਜਾਵੇਗੀ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਰਿਹਰਸਲ ਤੋਂ ਪਹਿਲਾਂ ਗਰਾਊਂਡ ਦੀ ਸਫ਼ਾਈ ਕਰਨ ਅਤੇ ਰਿਹਰਸਲ ਅਤੇ ਮੁੱਖ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਬੈਠਣ, ਪੀਣ ਵਾਲੇ ਪਾਣੀ ਅਤੇ ਮੈਡੀਕਲ ਟੀਮ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਆਸ਼ਿਕਾ ਜੈਨ ਨੇ ਕਿਹਾ ਕਿ ਸਮਾਗਮ ਦੌਰਾਨ ਵਿਸ਼ੇਸ਼ ਸੇਵਾਵਾਂ ਲਈ ਪ੍ਰਸ਼ੰਸਾ ਪੱਤਰ ਪ੍ਰਦਾਨ ਕਰਨ ਲਈ 7 ਅਗਸਤ ਤੱਕ ਅਰਜ਼ੀਆਂ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ। ਅਰਜ਼ੀਆਂ ਨਾਲ ਮਹੱਤਵਪੂਰਨ ਪ੍ਰਾਪਤੀਆਂ ਦਾ ਵੇਰਵਾ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੂੰ ਸਮਾਗਮ ਵਿੱਚ ਮਾਣ ਤੇ ਸਤਿਕਾਰ ਨਾਲ ਬੁਲਾਇਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
ਮੀਟਿੰਗ ਵਿੱਚ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਏਡੀਸੀ (ਡੀ) ਅਮਿਤ ਬੈਂਬੀ, ਏਡੀਸੀ (ਜਰਨਲ) ਪਰਮਦੀਪ ਸਿੰਘ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਐਸਡੀਐਮ ਸਰਬਜੀਤ ਕੌਰ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐਸਡੀਐਮ ਖਰੜ ਰਵਿੰਦਰ ਸਿੰਘ, ਸੀਐਮ ਫੀਲਡ ਅਫ਼ਸਰ ਇੰਜ. ਇੰਦਰਪਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…