Nabaz-e-punjab.com

6 ਤੋਂ 8 ਮਾਰਚ ਤੱਕ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਉਦਯੋਗ ਸੰਮੇਲਨ: ਆਸ਼ਿਕਾ ਜੈਨ

ਵੱਖ-ਵੱਖ ਤਰ੍ਹਾਂ ਦੇ ਲਗਾਏ ਜਾਣਗੇ ਸਟਾਲ, ਟੈਕਨਾਲੋਜੀ ਦਾ ਅਦਾਨ ਪ੍ਰਦਾਨ ਕਰਨ ਲਈ ਕੀਤੇ ਜਾਣਗੇ ਉਪਰਾਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਜ਼ਿਲ੍ਹਾ ਪ੍ਰਸ਼ਾਸਨ ਨੇ ਛੋਟੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਦਾ ਬੀੜਾ ਚੁੱਕਿਆ ਹੈ। ਇਸ ਸਬੰਧੀ 6 ਮਾਰਚ ਤੋਂ 8 ਮਾਰਚ ਤੱਕ ਤਿੰਨ ਰੋਜ਼ਾ ਜ਼ਿਲ੍ਹਾ ਉਦਯੋਗ ਸੰਮੇਲਨ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਵੱਖ-ਵੱਖ ਵਿਸ਼ਿਆਂ ਦੇ ਮਾਹਰਾਂ ਵੱਲੋਂ ਉਦਯੋਗਿਕ ਧੰਦਿਆਂ ਨੂੰ ਪ੍ਰਫੁੱਲਤ ਕਰਨ ਲਈ ਵੱਖ-ਵੱਖ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਇਹ ਜਾਣਕਾਰੀ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਉਦਯੋਗ ਸੰਮੇਲਨ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਸਬੰਧੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਸੰਮੇਲਨ ਦਾ ਮੁੱਖ ਮੰਤਵ ਸਰਵਿਸ ਤੇ ਮੈਨੂਫੈਕਚਰਿੰਗ ਖੇਤਰ ਵਿੱਚ ਖ਼ਰੀਦਦਾਰ ਤੇ ਵੇਚਣ ਵਾਲਿਆਂ ਨੂੰ ਇਕੱਠਾ ਕਰਨਾ ਹੈ। ਇਸ ਤੋਂ ਇਲਾਵਾ ਟੈਕਨਾਲੋਜੀ ਦਾ ਅਦਾਨ-ਪ੍ਰਦਾਨ ਕਰਨ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਕਾਰੋਬਾਰੀ ਵਿਅਕਤੀਆਂ ਅਤੇ ਖਪਤਕਾਰਾਂ ਨੂੰ ਇਕ ਮੰਚ ’ਤੇ ਲਿਆਂਦਾ ਜਾਵੇਗਾ ਤਾਂ ਜੋ ਛੋਟੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਖਪਤਕਾਰਾਂ ਦੀਆਂ ਮੁਸ਼ਕਲਾਂ ਦਾ ਵੀ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮੁਹਾਲੀ ਉਦਯੋਗ ਜਗਤ ਦਾ ਹੱਬ ਬਣਦਾ ਜਾ ਰਿਹਾ ਹੈ ਅਤੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਵੱਲੋਂ ਵੀ ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਮਾਗਮ ਵਿੱਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਜੈਵਿਕ ਖੇਤੀ ਅਤੇ ਹੱਥੀਂ ਕਢਾਈ ਦੇ ਨਾਲ-ਨਾਲ ਹੋਰ ਖੇਤਰਾਂ ਨੂੰ ਵੀ ਉੱਚਾ ਚੁੱਕਣ ਦੇ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਾਣਾ ਹਰਪ੍ਰੀਤ ਕੌਰ ਬਰਾੜ ਸਮੇਤ ਉਦਯੋਗ, ਡੇਅਰੀ ਵਿਕਾਸ, ਸਮਾਜਿਕ ਸੁਰੱਖਿਆ, ਪੰਜਾਬ ਹੁਨਰ ਵਿਕਾਸ ਮਿਸ਼ਨ, ਕਿਰਤ, ਮੱਛੀ ਪਾਲਣ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਹਿਕਾਰਤਾ ਵਿਭਾਗ, ਜ਼ਿਲ੍ਹਾ ਉੱਦਮਤਾ ਤੇ ਰੁਜ਼ਗਾਰ ਬਿਊਰੋ ਅਤੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਤੀਨਿਧੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…