
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਹ ਕਮੇਟੀ ਸਮੂਹ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਪਹਿਲ ਦੇ ਅਧਾਰ ’ਤੇ ਹੱਲ ਕਰੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਕੋਮਲ ਮਿੱਤਲ ਚੇਅਰਪਰਸਨ ਹੋਣਗੇ ਜਦਕਿ ਐਸਪੀ (ਐੱਚ) ਮੈਂਬਰ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ, ਮੈਂਬਰ ਸਕੱਤਰ, ਜ਼ਿਲ੍ਹਾ ਮੰਡੀ ਅਫ਼ਸਰ, ਕਿਸਾਨ ਯੂਨੀਅਨ ਦੇ ਆਗੂ ਸ਼ਮਸ਼ੇਰ ਸਿੰਘ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪੁਨੀਤ ਜੈਨ ਵੀ ਕਮੇਟੀ ਦੇ ਮੈਂਬਰ ਵਜੋਂ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਕੋਲ ਜਦੋਂ ਵੀ ਕਿਸੇ ਕਿਸਾਨ ਵੱਲੋਂ ਆਪਣੀ ਫ਼ਸਲ ਮੰਡੀਆਂ ਵਿੱਚ ਵੇਚਣ ਸਮੇਂ ਦਰਪੇਸ਼ ਮੁਸ਼ਕਲਾਂ ਬਾਰੇ ਸ਼ਿਕਾਇਤ ਦਿੱਤੀ ਜਾਵੇਗੀ ਤਾਂ ਇਹ ਕਮੇਟੀ ਉਸ ’ਤੇ ਤੁਰੰਤ ਕਾਰਵਾਈ ਕਰਕੇ ਸਬੰਧਤ ਸਮੱਸਿਆ ਨੂੰ ਹੱਲ ਕਰੇਗੀ।