Nabaz-e-punjab.com

ਜ਼ਿਲ੍ਹਾ ਮੈਜਿਸਟੇਰਟ ਵੱਲੋਂ ਨਾਈਟ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾਂ ਬੰਦ ਕਰਨ ਦਾ ਸਮਾਂ ਤੈਅ

ਐਸਐਸਪੀ ਦੇ ਹੁਕਮਾਂ ’ਤੇ ਬਲੌਂਗੀ ਪੁਲੀਸ ਵੱਲੋਂ ਵੱਖ-ਵੱਖ ਹੋਟਲਾਂ ਦੀ ਅਚਨਚੇਤ ਚੈਕਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਮੁਹਾਲੀ ਦੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਭਲਕੇ 31 ਦਸੰਬਰ ਅਤੇ 1 ਜਨਵਰੀ 2020 ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਚੱਲਦੇ ਨਾਈਟ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾਂ, ਸੜਕ ਤੇ ਖੜੀਆਂ ਰੇਹੜੀਆਂ-ਫੜੀਆਂ ਨੂੰ ਬੰਦ ਕਰਨ ਦਾ ਸਮਾਂ ਰਾਤ 1 ਵਜੇ ਤੱਕ ਕਰਨ ਦੇ ਹੁਕਮ ਜਾਰੀ ਕੀਤੇ ਹਨ। ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦੇਖਣ ਵਿੱਚ ਆਇਆ ਹੈ ਕਿ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ 31 ਦਸੰਬਰ ਨੂੰ ਸ਼ਾਮ ਤੋਂ ਲੈ ਕੇ ਦੇਰ ਰਾਤ ਤੱਕ ਨਾਈਟ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾਂ ਅਤੇ ਰੇਹੜੀਆਂ-ਫੜੀਆਂ ਖੁੱਲ੍ਹੀਆਂ ਰਹਿੰਦੀਆਂ ਹਨ। ਜਿਸ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਹ ਆਦੇਸ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ 17 ਨਵੰਬਰ, 2018 ਰਾਹੀਂ ਵੀ ਇਸ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਹੁਕਮ ਸਮੁੱਚੇ ਜ਼ਿਲ੍ਹੇ ਵਿੱਚ 31 ਦਸੰਬਰ ਤੋਂ 1 ਜਨਵਰੀ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ ਜਦੋਂਕਿ ਕਰ ਤੇ ਆਬਕਾਰੀ ਵਿਭਾਗ ਦੇ ਨਿਯਮ ਪਹਿਲਾਂ ਵਾਂਗ ਹੀ ਲਾਗੂ ਰਹਿਣਗੇ। ਐਸਐਸਪੀ, ਕਰ ਤੇ ਆਬਕਾਰੀ ਕਮਿਸ਼ਨਰ, ਸਮੂਹ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਪੁਲੀਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ।
ਉਧਰ, ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਬਲੌਂਗੀ ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਵੱਖ ਵੱਖ ਹੋਟਲਾਂ, ਪੀਜੀ ਸੈਂਟਰਾਂ ਅਤੇ ਮੈਰਿਜ ਪੈਲੇਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਹਦਾਇਤਾਂ ਕੀਤੀਆਂ ਗਈਆਂ। ਥਾਣਾ ਮੁਖੀ ਨੇ ਕਿਹਾ ਕਿ ਪੀਜੀ ਅਤੇ ਹੋਟਲਾਂ ਵਿੱਚ ਕੋਈ ਵੀ ਸ਼ੱਕੀ ਵਿਅਕਤੀ ਜਾਂ ਬਾਹਰਲੇ ਸੂਬੇ ਦੇ ਵਿਅਕਤੀ ਨੂੰ ਕਮਰਾ ਦੇਣ ਸਬੰਧੀ ਤੁਰੰਤ ਪੁਲੀਸ ਨੂੰ ਇਤਲਾਹ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਵੇਂ ਸਾਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਜੋ ਵੀ ਵਿਅਕਤੀ ਬਿਨਾਂ ਆਗਿਆ ਤੋਂ ਡੀਜੇ ਜਾਂ ਮਿਊਜ਼ਿਕ ਉੱਚੀ ਆਵਾਜ਼ ਵਿੱਚ ਚਲਾਉਂਦਾ ਫੜਿਆ ਗਿਆ ਤਾਂ ਉਸਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੁਲਟ ਮੋਟਰਸਾਈਕਲਾਂ ’ਤੇ ਪਟਾਕੇ ਮਾਰਨ ਵਾਲਿਆਂ ਨੂੰ ਨੱਥ ਪਾਉਣ ਲਈ ਨਾਕਾਬੰਦੀ ਕਰਕੇ ਚਲਾਨ ਕੱਟੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…