Nabaz-e-punjab.com

ਪਬਲਿਕ ਤੇ ਪ੍ਰੈੱਸ ਦੇ ਸਹਿਯੋਗ ਨਾਲ ਜ਼ਿਲ੍ਹਾ ਮੁਹਾਲੀ ਨੂੰ ਅਪਰਾਧ ਮੁਕਤ ਕੀਤਾ ਜਾਵੇਗਾ: ਭੁੱਲਰ

ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਇਨਸਾਫ਼ ਦੇਣਾ ਮੇਰਾ ਮੁੱਖ ਟੀਚਾ, ਐਸਐਸਪੀ ਭੁੱਲਰ ਨੇ ਕੀਤੀ ਪਲੇਠੀ ਕਾਨਫਰੰਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਫਰਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਨੂੰ ਪਬਲਿਕ ਅਤੇ ਪ੍ਰੈੱਸ ਦੇ ਸਹਿਯੋਗ ਨਾਲ ਅਪਰਾਧ ਮੁਕਤ ਕੀਤਾ ਜਾਵੇਗਾ ਅਤੇ ਸਮੁੱਚੇ ਜ਼ਿਲੇ੍ਹ ਅੰਦਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਜ਼ਿਲ੍ਹਾ ਪੁਲੀਸ ਪੂਰੀ ਮੁਸਤੈਦੀ ਨਾਲ ਕੰਮ ਕਰੇਗੀ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਦੇ ਨਵੇਂ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਵੀਰਵਾਰ ਨੂੰ ਆਪਣੇ ਦਫ਼ਤਰ ਵਿੱਚ ਪੱਤਰਕਾਰ ਮਿਲਣੀ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਵਿੱਚ ਪਹਿਲਾਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਸਥਾਨਕ ਲੋਕਾਂ ਨਾਲ ਉਨ੍ਹਾਂ ਦਾ ਗੂੜਾ ਸਬੰਧ ਹੈ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ।
ਸ੍ਰੀ ਭੁੱਲਰ ਨੇ ਕਿਹਾ ਕਿ ਆਮ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਇਨਸਾਫ਼ ਦੇਣਾ ਉਨ੍ਹਾਂ ਮੁੱਖ ਟੀਚਾ ਹੋਵੇਗਾ ਅਤੇ ਕਿਸੇ ਨਾਲ ਵੀ ਬੇਇਨਸਾਫ਼ੀ ਅਤੇ ਪੱਖਪਾਤ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲੇ੍ਹ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨਾਲ ਨੇੜਤਾ ਕਾਇਮ ਕਰਨ ਲਈ ਪੁਲੀਸ ਪਬਲਿਕ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਟਰੀਟ ਕ੍ਰਾਈਮ ਨੂੰ ਠੱਲ੍ਹ ਪਾਉਣ ਲਈ ਪੁਲੀਸ ਨੂੰ ਸਹਿਯੋਗ ਦਿੱਤਾ ਜਾਵੇ।
ਸ੍ਰੀ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਿਰਾਏਦਾਰਾਂ ਦੀ ਪੁਲੀਸ ਵੈਰੀਫਿਕੇਸ਼ਨ ਜ਼ਰੂਰ ਕਰਾਉਣ। ਇੱਥੋਂ ਤੱਕ ਕਿ ਉਹ ਆਪਣੇ ਘਰ ਵਿੱਚ ਕਿਰਾਏਦਾਰਾਂ, ਪੀਜੀ ਰਹਿਣ ਵਾਲਿਆਂ ਦਾ ਰਜਿਸਟਰ ਮੈਨਟੇਨ ਕਰਨ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਦੇ ਵੇਰਵੇ ਵੀ ਦਰਜ ਕਰਨ ਤਾਂ ਜੋ ਅਪਰਾਧ ਕਰਨ ਵਾਲਿਆਂ ਨੂੰ ਨੱਥ ਪਾਈ ਜਾ ਸਕੇ। ਪੱਤਰਕਾਰਾਂ ਵੱਲੋਂ ਐਫ਼ਆਈਆਰ ਦੇਰ ਨਾਲ ਦਰਜ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਪੁਲੀਸ ਮੁਖੀ ਨੇ ਕਿਹਾ ਕਿ ਕਸੂਰਵਾਰਾਂ ਖ਼ਿਲਾਫ਼ ਕੇਸ ਦਰਜ ਕਰਨ ਵਿੱਚ ਦੇਰੀ ਨਹੀਂ ਹੋਵੇਗੀ।ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾਉਣ ਅਤੇ ਸ਼ਹਿਰ ਵਾਸੀਆਂ ਨੂੰ ਮੁਹੱਲਾ ਵਾਈਜ਼ ਚੌਕੀਦਾਰ ਰੱਖਣ ਦੀ ਅਪੀਲ ਕੀਤੀ ਤਾਂ ਜੋ ਭੈੜੇ ਅਨਸਰਾਂ ’ਤੇ ਨਿਗ੍ਹਾ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲੀਸ ਆਪਣੇ ਪੱਧਰ ’ਤੇ ਰਾਤ ਦੀ ਗਸ਼ਤ ਤੇਜ਼ ਕਰੇਗੀ। ਪੱਤਰਕਾਰਾਂ ਵੱਲੋਂ ਟਰੈਵਲ ਏਜੰਟਾਂ ਵੱਲੋਂ ਧੋਖਾਧੜੀ ਦੇ ਮਾਮਲਿਆਂ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…