
ਜ਼ਿਲ੍ਹਾ ਮੁਹਾਲੀ ਪੁਲੀਸ ਵੱਲੋਂ ਨਾਜਾਇਜ਼ ਸ਼ਰਾਬ ਦੀਆਂ 150 ਪੇਟੀਆਂ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ
ਪੁਲੀਸ ਨੇ ਮੁਲਜ਼ਮਾਂ ਦੀ ਮਹਿੰਦਰਾ ਪਿੱਕਅੱਪ ਗੱਡੀ ਵੀ ਕੀਤੀ ਜ਼ਬਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਦਸੰਬਰ:
ਜ਼ਿਲ੍ਹਾ ਸੀਆਈਏ ਸਟਾਫ਼ (ਮੁਹਾਲੀ) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਦੋ ਵਿਅਕਤੀਆਂ ਨੂੰ 150 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਐਸਐਸਪੀ ਸਤਿੰਦਰ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਲਈ ਵਰਤੀ ਜਾਂਦੀ ਮਹਿੰਦਰਾ ਪਿਕਅੱਪ ਗੱਡੀ ਵੀ ਕਬਜ਼ੇ ਵਿੱਚ ਲਈ ਗਈ ਹੈ। ਇਸ ਸਬੰਧੀ ਮੁਲਜ਼ਮ ਅਜੇ ਭੱਟੀ ਰਫ਼ਿਊਜੀ ਕੈਂਪ ਬਟਾਲਾ ਅਤੇ ਸਿਮਰਨਜੀਤ ਸਿੰਘ ਬਟਾਲਾ (ਜ਼ਿਲ੍ਹਾ ਗੁਰਦਾਸਪੁਰ) ਦੇ ਖ਼ਿਲਾਫ਼ ਖਰੜ ਸਿਟੀ ਥਾਣੇ ਵਿੱਚ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਐਸਐਸਪੀ ਨੇ ਦੱਸਿਆ ਕਿ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀਐਸਪੀ (ਡੀ) ਗੁਰਚਰਨ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀ.ਆਈ.ਏ. ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਟੀਮ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਵਿਅਕਤੀ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦੇ ਹਨ, ਜੋ ਅੱਜ ਚੰਡੀਗੜ੍ਹ ਤੋਂ ਖਰੜ ਵੱਲ ਆ ਰਹੇ ਹਨ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਅਜੇ ਭੱਟੀ ਅਤੇ ਸਿਮਰਨਜੀਤ ਨੂੰ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਮਹਿੰਦਰਾ ਪਿੱਕਅੱਪ ਵਿੱਚ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਮਹਿੰਗੇ ਭਾਅ ਵੇਚਣ ਦਾ ਨਾਜਾਇਜ਼ ਧੰਦਾ ਕਰਦੇ ਹਨ।
ਐਸਐਸਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਪਤਾ ਲੱਗਾ ਕਿ ਮੁਲਜ਼ਮ ਚੰਡੀਗੜ੍ਹ ਤੋਂ ਸ਼ਰਾਬ ਦੀ ਖੇਪ ਲੈ ਕੇ ਬਟਾਲਾ ਇਲਾਕੇ ਵਿੱਚ ਲਿਜਾ ਰਹੇ ਸੀ ਜੋ ਆਪਣੇ ਹੋਰ ਸਾਥੀਆਂ ਦੇ ਸਪੁਰਦ ਕਰ ਦਿੰਦੇ ਸਨ। ਜਿਨ੍ਹਾਂ ਵੱਲੋਂ ਉੱਥੇ ਸ਼ਹਿਰੀ ਅਤੇ ਦਿਹਾਤੀ ਇਲਾਕੇ ਵਿੱਚ ਮਹਿੰਗੇ ਭਾਅ ’ਤੇ ਵੇਚੀ ਜਾਂਦੀ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਕੋਲੋਂ ਬਰਾਮਦ ਹੋਈ ਮਹਿੰਦਰਾ ਪਿੱਕ-ਅੱਪ ਗੱਡੀ ਪਿੰਡ ਸੇਖਵਾਂ (ਜ਼ਿਲ੍ਹਾ ਗੁਰਦਾਸਪੁਰ) ਦੇ ਵਸਨੀਕ ਮਨਵਿੰਦਰ ਸਿੰਘ ਦੇ ਨਾਮ ’ਤੇ ਰਜਿਸਟਰ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਪੁਲੀਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲੀਸ ਨੂੰ ਸ਼ਰਾਬ ਤਸਕਰੀ ਮਾਮਲੇ ਵਿੱਚ ਹੋਰ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।