ਜ਼ਿਲ੍ਹਾ ਪੁਲੀਸ ਵੱਲੋਂ ਸ਼ਾਂਤਮਈ ਚੋਣਾਂ ਲਈ ਤਿਆਰੀਆਂ ਤੇ ਪ੍ਰਬੰਧ ਮੁਕੰਮਲ: ਐਸਐਸਪੀ ਸਤਿੰਦਰ ਸਿੰਘ

ਕਾਨੂੰਨ ਵਿਵਸਥਾ ਦੀ ਸਥਿਤੀ ਬਣਾਏ ਰੱਖਣ ਲਈ ਉਮੀਦਵਾਰਾਂ ਨਾਲ ਰੱਖਿਆ ਜਾ ਰਿਹਾ ਹੈ ਤਾਲਮੇਲ

ਮੁਹਾਲੀ ਜ਼ਿਲ੍ਹੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਦੀ ਕੀਤੀ ਜਾ ਰਹੀ ਹੈ ਸਖ਼ਤ ਚੈਕਿੰਗ

ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਅਸਲਾ, ਤੇਜ਼ਧਾਰ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਲਾਗੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਜ਼ਿਲ੍ਹਾ ਪੁਲੀਸ ਵੱਲੋਂ ਮੁਹਾਲੀ ਨਗਰ ਨਿਗਮ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਹੋ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਅਤੇ ਬਾਹਰੀ ਵਿਅਕਤੀਆਂ ਦੀ ਸਖ਼ਤ ਚੈਕਿੰਗ ਯਕੀਨੀ ਬਣਾਉਣ ਲਈ ਸਮੂਹ ਐਂਟਰੀ ਪੁਆਇੰਟਾਂ ਅਤੇ ਮੁੱਖ ਸੜਕਾਂ ’ਤੇ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਨਾਕਿਆਂ ’ਤੇ ਤਾਇਨਾਤ ਕਰਮਚਾਰੀਆਂ ਨੂੰ ਵਾਹਨਾਂ ਦੀ ਚੈਕਿੰਗ ਦੌਰਾਨ ਨਗਦੀ, ਸ਼ਰਾਬ ਦੀ ਢੋਅ ਢੁਆਈ ਆਦਿ ’ਤੇ ਸਖ਼ਤ ਨਜ਼ਰ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਅੰਤਰਰਾਜੀ ਨਾਕਿਆਂ ਨੂੰ ਵੀ ਪੂਰਨ ਤੌਰ ’ਤੇ ਮਜ਼ਬੂਤ ਕੀਤਾ ਗਿਆ ਹੈ ਅਤੇ ਬਾਹਰਲੇ ਰਾਜਾਂ ਤੋਂ ਨਗਦੀ, ਸ਼ਰਾਬ, ਹਥਿਆਰ ਜਾਂ ਕਿਸੇ ਹੋਰ ਤਰ੍ਹਾਂ ਦੀ ਤਸਕਰੀ ਰੋਕਣ ਲਈ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਦੇ ਨਾਲ ਚੋਣਾਂ ਲੜ ਰਹੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਣਾਈ ਰੱਖਣ ਲਈ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾ ਰਿਹਾ ਹੈ ਅਤੇ ਲੋੜ ਅਨੁਸਾਰ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।
ਐਸਐਸਪੀ ਨੇ ਦੱਸਿਆ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੁਹਾਲੀ ਦੀ ਹੱਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਾਸਤਰ, ਅਸਲਾ, ਵਿਸਫੋਟਕ, ਜਲਨਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਚੱੁਕ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੋਲਿੰਗ ਸਟੇਸ਼ਨਾਂ/ਬੂਥਾਂ ਉੱਤੇ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਅਤੇ ਪੰਜਾਬ ਮਿਉਂਸਪਲ ਚੋਣ ਨਿਯਮ 1994 ਦੇ ਨਿਯਮ 98 ਅਨੁਸਾਰ ਚੋਣਾਂ ਤੋਂ 48 ਘੰਟੇ ਪਹਿਲਾਂ ਜਨਤਕ ਮੀਟਿੰਗਾਂ ਜਾਂ ਚੋਣ ਜਲਸਿਆਂ ਅਤੇ ਬਾਹਰੀ ਵਿਅਕਤੀਆਂ ਦੀ ਆਵਾਜਾਈ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਪੋਲਿੰਗ ਸਟੇਸ਼ਨਾਂ ਦੇ ਆਸਪਾਸ ਅਣਅਧਿਕਾਰਤ ਲੋਕਾਂ ਨੂੰ ਆਗਿਆ ਨਹੀਂ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…