Nabaz-e-punjab.com

ਜ਼ਿਲ੍ਹਾ ਪੁਲੀਸ ਵੱਲੋਂ ਨਾਜਾਇਜ਼ ਸ਼ਰਾਬ ਦੀਆਂ 217 ਪੇਟੀਆਂ ਤੇ 20 ਗਰਾਮ ਹੈਰੋਇਨ ਸਣੇ ਅੱਠ ਮੁਲਜ਼ਮ ਕਾਬੂ

ਵੱਖ ਵੱਖ ਥਾਵਾਂ ’ਤੇ ਚੈਕਿੰਗ ਦੌਰਾਨ ਇੱਕ ਕੈਂਟਰ, ਵਰਨਾ ਕਾਰ ਅਤੇ ਥ੍ਰੀ-ਵੀਲ੍ਹਰ ਜ਼ਬਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਿਲ੍ਹਾ ਪੁਲੀਸ ਨੇ ਨਸ਼ਿਆਂ ਦੀ ਤਸਕਰੀ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਆਰੰਭੀ ਵਿਸ਼ੇਸ਼ ਮੁਹਿੰਮ ਦੇ ਤਹਿਤ ਵੱਖ ਵੱਖ ਥਾਵਾਂ ’ਤੇ ਨਾਕਾਬੰਦੀ ਦੌਰਾਨ ਨਾਜਾਇਜ਼ ਸ਼ਰਾਬ ਦੀਆਂ 217 ਪੇਟੀਆਂ ਅਤੇ 20 ਗਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਵੱਲੋਂ ਇੱਕ ਕੈਂਟਰ, ਇੱਕ ਵਰਨਾ ਕਾਰ ਅਤੇ ਇੱਕ ਥ੍ਰੀ-ਵੀਲ੍ਹਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਐਸਐਸਪੀ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਦੀ ਤਸਕਰੀ ਬਾਰੇ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਨੂੰ ਆਧਾਰ ਬਣਾ ਕੇ ਸੀਆਈਏ ਸਟਾਫ਼ ਮੁਬਾਰਕਪੁਰ ਦੇ ਇੰਚਾਰਜ ਥਾਣੇਦਾਰ ਪ੍ਰਕਾਸ਼ ਮਸੀਹ ਦੀ ਅਗਵਾਈ ਵਾਲੀ ਟੀਮ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡਾ ਸੜਕ ’ਤੇ ਟਰੈਫ਼ਿਕ ਲਾਈਟ ਪੁਆਇੰਟ ’ਤੇ (ਜ਼ੀਰਕਪੁਰ-ਪਟਿਆਲਾ ਹਾਈਵੇਅ) ਦੇ ਨਾਕਾਬੰਦੀ ਕਰਕੇ ਚੈਕਿੰਗ ਦੌਰਾਨ ਇੱਕ ਕੈਂਟਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕੈਂਟਰ ’ਚੋਂ ਨਾਜਾਇਜ਼ ਸ਼ਰਾਬ ਦੀਆਂ 200 ਪੇਟੀਆਂ ਬਰਾਮਦ ਕਰਕੇ ਕੈਂਟਰ ਚਾਲਕ ਬਲਦੇਵ ਰਾਜ ਵਾਸੀ ਮੁਬਾਰਕਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸ੍ਰੀ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਬਲਦੇਵ ਰਾਜ ਨੇ ਮੁੱਢਲੀ ਪੁੱਛ-ਪੜਤਾਲ ਦੌਰਾਨ ਦੱਸਿਆ ਕਿ ਉਸ ਨੇ ਇਹ ਸ਼ਰਾਬ ਪੰਚਕੂਲਾ ਤੋਂ ਲੋਡ ਕੀਤੀ ਸੀ ਅਤੇ ਲੁਧਿਆਣਾ ਵਿੱਚ ਸਪਲਾਈ ਕਰਨ ਲਈ ਲਿਜਾਈ ਜਾ ਰਹੀ ਸੀ। ਇਸੇ ਤਰ੍ਹਾਂ ਜ਼ਿਲ੍ਹਾ ਸੀਆਈਏ ਸਟਾਫ਼ ਖਰੜ ਨੇ ਚੈਕਿੰਗ ਦੌਰਾਨ ਥ੍ਰੀ-ਵੀਲ੍ਹਰ ’ਚੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਪੁਲੀਸ ਨੇ ਥ੍ਰੀ-ਵੀਲ੍ਹਰ ਦੇ ਮਾਲਕ ਜਸਵਿੰਦਰ ਸਿੰਘ, ਰਾਜਪਾਲ ਸਿੰਘ ਅਤੇ ਸ਼ੇਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇੰਝ ਹੀ ਖਰੜ ਪੁਲੀਸ ਨੇ ਵਿੱਕੀ ਸਿੰਘ, ਮਨੋਜ ਸ਼ਰਮਾ ਅਤੇ ਟੀਨੂੰ ਨਾਂ ਦੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 20 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਐਸਐਸਪੀ ਨੇ ਦੱਸਿਆ ਕਿ ਇਸੇ ਤਰ੍ਹਾਂ ਡੇਰਾਬੱਸੀ ਪੁਲੀਸ ਨੇ ਚੈਕਿੰਗ ਦੌਰਾਨ ਇੱਕ ਵਰਨਾ ਕਾਰ ’ਚੋਂ ਸੱਤ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਕਾਰ ਦੇ ਮਾਲਕ ਸਲਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਸਾਰੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਖ਼ਿਲਾਫ਼ ਜ਼ੀਰਕਪੁਰ, ਖਰੜ ਅਤੇ ਡੇਰਾਬੱਸੀ ਥਾਣਿਆਂ ਵਿੱਚ ਐਕਸਾਈਜ਼ ਅਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਮੁਖੀ ਨੇ ਦੱਸਿਆ ਕਿ ਸਮੂਹ ਉੱਚ ਅਧਿਕਾਰੀਆਂ ਅਤੇ ਥਾਣਿਆਂ ਦੇ ਐਸਐਚਓਜ਼ ਅਤੇ ਚੌਕੀ ਇੰਚਾਰਜਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੀ ਹੱਦ ਅੰਦਰ ਹਰ ਕਿਸਮ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾਉਂਦਿਆਂ ਦਿਨ ਅਤੇ ਰਾਤ ਨੂੰ ਪੁਲੀਸ ਗਸ਼ਤ ਤੇਜ਼ ਕੀਤੀ ਜਾਵੇ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …