ਜ਼ਿਲ੍ਹਾ ਪੁਲੀਸ ਵੱਲੋਂ ਗੈਂਗਸਟਰ ਪ੍ਰੀਤ ਫਗਵਾੜਾ ਤੋਂ ਵੱਡੀ ਮਾਤਰਾ ਵਿੱਚ ਨਾਜਾਇਜ਼ ਅਸਲਾ ਬਰਾਮਦ

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਕਤਲ ਦੀ ਸਾਜ਼ਿਸ਼ ਹੋਈ ਬੇਨਕਾਬ: ਐਸਐਸਪੀ ਨਵਜੋਤ ਸਿੰਘ ਮਾਹਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਜ਼ਿਲ੍ਹਾ ਪੁਲੀਸ ਮੁਹਾਲੀ ਨੇ ਪ੍ਰੀਤ ਫਗਵਾੜਾ ਨਾਮੀ ਗੈਂਗਸਟਰ ਤੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਅਸਲਾ ਬਰਾਮਦ ਕਰ ਕੇ ਇਕ ਕਤਲ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਅੱਜ ਸ਼ਾਮ ਇੱਥੇ ਮੁਹਾਲੀ ਦੇ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਕੁਰਾਲੀ ਇਲਾਕੇ ਵਿੱਚ ਲੁੱਟ-ਖੋਹ ਦੀ ਵਾਰਦਾਤ ਦੀ ਤਫ਼ਤੀਸ਼ ਦੌਰਾਨ ਮਿਲੇ ਸੁਰਾਗ ਨੂੰ ਆਧਾਰ ਬਣਾ ਕੇ ਮੁਹਾਲੀ ਪੁਲੀਸ ਨੇ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਫਗਵਾੜਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਪੁੱਛਗਿੱਛ ਲਈ ਲਿਆਂਦਾ ਗਿਆ। ਜਿਸ ਦੀ ਨਿਸ਼ਾਨਦੇਹੀ ’ਤੇ ਪੁਲੀਸ 3 ਪਿਸਤੌਲ ਸਮੇਤ 75 ਕਾਰਤੂਸ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਐਸਐਸਪੀ ਨੇ ਦੱਸਿਆ ਕਿ ਗੈਂਗਸਟਰ ਪ੍ਰੀਤ ਫਗਵਾੜਾ ਦੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਸਾਲ 2014 ਵਿੱਚ ਅਪਰਾਧ ਦੀ ਦੁਨੀਆ ਵਿੱਚ ਸ਼ਾਮਲ ਹੋਇਆ ਸੀ, ਉਦੋਂ ਤੋਂ ਲੈ ਕੇ ਹੁਣ ਤੱਕ ਉਹ ਲਗਾਤਾਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਸ਼ੁਰੂਆਤੀ ਦਿਨਾਂ ਵਿੱਚ ਉਹ ਗੈਂਗਸਟਰ ਸੁੱਖਾ ਕਲਾਵਾਂ ਗਰੁੱਪ ਲਈ ਕੰਮ ਕਰਦਾ ਸੀ ਅਤੇ ਇਸ ਗਰੁੱਪ ਦੀ ਫੇਸਬੁੱਕ ਆਈਡੀ ਵੀ ਚਲਾਉਂਦਾ ਸੀ। ਪੁਲੀਸ ਅਨੁਸਾਰ ਸੁੱਖਾ ਕਲਾਵਾਂ ਦੀ ਮੌਤ ਤੋਂ ਬਾਅਦ ਉਹ ਆਪਣੇ ਸਾਥੀਆਂ ਸਮੇਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗਰੋਹ ਵਿੱਚ ਸ਼ਾਮਲ ਹੋ ਗਿਆ ਸੀ। ਉਸ ਨੇ ਜੱਗੂ ਭਗਵਾਨਪੁਰੀਆ ਦੇ ਕਹਿਣ ’ਤੇ ਆਪਣੇ ਸਾਥੀਆਂ ਨਾਲ ਮਿਲ ਕੇ ਜੱਗੂ ਦੇ ਨੇੜਲੇ ਸਾਥੀ ਅੰਕੁਲ ਖੱਤਰੀ ਨੂੰ ਨਵਾਂ ਸ਼ਹਿਰ ਪੇਸ਼ੀ ਦੌਰਾਨ ਪੁਲੀਸ ਹਿਰਾਸਤ ’ਚੋਂ ਭਜਾਇਆ ਸੀ। ਉਸ ਨੇ ਜੇਲ੍ਹ ’ਚੋਂ ਹੀ ਆਪਣੇ ਸਾਥੀਆਂ ਨਾਲ ਮਿਲ ਕੇ ਸੁਖੀ ਬਿਧੀਪੁਰੀਆ ਦੇ ਕਤਲ ਦੀ ਵੀ ਵਿਉਂਤਬੰਦੀ ਕੀਤੀ ਸੀ। ਐਸਐਸਪੀ ਮਾਹਲ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਲੁੱਟਾਂ-ਖੋਹਾਂ, ਕਤਲ ਅਤੇ ਹੋਰ ਅਪਰਾਧਿਕ ਮਾਮਲਿਆਂ ਸਬੰਧੀ ਅਹਿਮ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਹਥਿਆਰ ਮਿਲਣ ਤੋਂ ਬਾਅਦ ਕੁਰਾਲੀ ਸਿਟੀ ਥਾਣੇ ਵਿੱਚ ਨਵੇਂ ਸਿਰਿਓਂ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

Load More Related Articles

Check Also

Majitha Hooch Tragedy: Swift Government Action — All 10 Accused Arrested Within 6 Hours

Majitha Hooch Tragedy: Swift Government Action — All 10 Accused Arrested Within 6 Hours CM…