Nabaz-e-punjab.com

ਜ਼ਿਲ੍ਹਾ ਪੁਲੀਸ ਤੇ ਟਰਾਂਸਪੋਰਟ ਵਿਭਾਗ ਨੇ ਸਾਂਝੇ ਤੌਰ ’ਤੇ 31ਵਾਂ ਸੜਕ ਸੁਰੱਖਿਆ ਹਫ਼ਤਾ ਮਨਾਇਆ

ਸਕੂਲ ਬੱਸ ਚਾਲਕਾਂ ਤੇ ਮਹਿਲਾ ਅਟੈਂਡੈਂਟਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ

ਮੁਹਾਲੀ ਵਿੱਚ ਸੜਕ ਸੁਰੱਖਿਆ ਹਫ਼ਤਾ ਸ਼ੁਰੂ, 120 ਤੋਂ ਵੱਧ ਵਾਹਨਾਂ ’ਤੇ ਰਿਫ਼ਲੈਕਟਰ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਜ਼ਿਲ੍ਹਾ ਟਰੈਫ਼ਿਕ ਪੁਲੀਸ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਅੱਜ ਸਾਂਝੇ ਤੌਰ ’ਤੇ 31ਵਾਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ। ਇਸ ਦੌਰਾਨ ਸਕੂਲ ਬੱਸਾਂ, ਟਰੱਕਾਂ ਅਤੇ ਟਰੈਕਟਰ-ਟਰਾਲੀਆਂ ਦੇ ਡਰਾਈਵਰਾਂ, ਮਾਲਕਾਂ, ਸਕੂਲ ਬੱਸਾਂ ਦੀਆਂ ਮਹਿਲਾ ਅਟੈਂਡੈਂਟਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੱਥੋਂ ਦੇ ਫੇਜ਼-8 ਸਥਿਤ ਦਸਹਿਰਾ ਗਰਾਊਂਡ ਵਿੱਚ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁਹਾਲੀ ਦੇ ਐਸਪੀ (ਟਰੈਫ਼ਿਕ) ਕੇਸਰ ਸਿੰਘ ਅਤੇ ਸਕੱਤਰ ਆਰਟੀਏ ਸੁਖਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਹਾਜ਼ਰ ਲੋਕਾਂ ਨੂੰ ਸੜਕ ਸੁਰੱਖਿਆ ਹਫ਼ਤੇ ਦੀ ਅਹਿਮੀਅਤ ਅਤੇ ਇਹ ਦਿਹਾੜਾ ਮਨਾਉਣ ਬਾਰੇ ਜਾਣੂ ਕਰਵਾਇਆ। ਐਸਪੀ (ਟਰੈਫ਼ਿਕ) ਕੇਸਰ ਸਿੰਘ ਨੇ ਸਕੂਲ ਬੱਸਾਂ ਦੇ ਚਾਲਕਾਂ ਅਤੇ ਮਹਿਲਾ ਅਟੈਂਡੈਂਟ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਟਰੈਫ਼ਿਕ ਪੁਲੀਸ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਇਆ।
ਸਕੱਤਰ ਆਰਟੀਏ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਹਫ਼ਤੇ ਦੌਰਾਨ ਵੱਖ-ਵੱਖ ਵਿਭਾਗਾਂ ਦੇ ਤਾਲ-ਮੇਲ ਨਾਲ ਰੋਜ਼ਾਨਾ ਪ੍ਰੋਗਰਾਮ ਉਲੀਕੇ ਗਏ ਹਨ। ਜਿਨ੍ਹਾਂ ਦਾ ਮੰਤਵ ਜ਼ਿਲ੍ਹੇ ਅੰਦਰ ਆਵਾਜਾਈ ਨਿਯਮਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣਾ ਹੈ। ਡੀਐਸਪੀ (ਟਰੈਫ਼ਿਕ) ਗੁਰਇਕਬਾਲ ਸਿੰਘ, ਏਟੀਓ ਪਰਦੀਪ ਸਿੰਘ ਢਿੱਲੋਂ, ਮੋਟਰ ਵਹੀਕਲ ਇੰਸਪੈਕਟਰ ਰਣਪ੍ਰੀਤ ਸਿੰਘ ਭਿਉਰਾ ਅਤੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਜਨਕ ਰਾਜ ਅਤੇ ਟਰੈਫ਼ਿਕ ਇੰਚਾਰਜ ਨਰਿੰਦਰ ਸੂਦ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਤੋਂ ਬਾਅਦ ਕਰੀਬ 120 ਤੋਂ ਵੱਧ ਵਾਹਨਾਂ ’ਤੇ ਰਿਫ਼ਲੈਕਟਰ ਲਗਾਏ ਗਏ। ਸਕੂਲ ਬੱਸ ਅਪਰੇਟਰ ਯੂਨੀਅਨ ਮੁਹਾਲੀ ਦੇ ਅਹੁਦੇਦਾਰਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…