
ਫੋਰਟਿਸ ਹਸਪਤਾਲ ਦੇ ਡਾਕਟਰਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਘਰ ਭੇਜਿਆ
ਡਾਕਟਰਾਂ ਦੀ ਸਲਾਹ ਮੁਤਾਬਕ ਸਮੇਂ ਸਮੇਂ ’ਤੇ ਅਹਿਤੀਆਤ ਵਜੋਂ ਕਰਵਾਉਂਦੇ ਰਹਿੰਦੇ ਹਨ ਚੈੱਕਅਪ: ਹਰਚਰਨ ਬੈਂਸ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਇੱਥੋਂ ਦੇ ਫੋਰਟਿਸ ਹਸਪਤਾਲ ਵਿੱਚ ਮੈਡੀਕਲ ਜਾਂਚ ਲਈ ਲਿਆਂਦਾ ਗਿਆ। ਇਸ ਗੱਲ ਦੀ ਪੁਸ਼ਟੀ ਸਾਬਕਾ ਮੁੱਖ ਮੰਤਰੀ ਬਾਦਲ ਦੇ ਸਲਾਹਕਾਰ ਹਰਚਰਨ ਬੈਂਸ ਨੇ ਕੀਤੀ। ਉਨ੍ਹਾਂ ਦੱਸਿਆ ਕਿ ਸ੍ਰੀ ਬਾਦਲ ਅੱਜ ਆਪਣੇ ਰੂਟੀਨ ਚੈੱਕਅਪ ਲਈ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਆਏ ਹਨ। ਸ਼ਾਮ ਨੂੰ ਡਾਕਟਰਾਂ ਨੇ ਸ੍ਰੀ ਬਾਦਲ ਨੂੰ ਘਰ ਭੇਜ ਦਿੱਤਾ। ਮਾਹਰ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਵਾਰ ਵਾਰ ਚੈੱਕਅਪ ਕੀਤਾ ਗਿਆ। ਇਹ ਵੀ ਪਤਾ ਲੱਗਾ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਬਾਦਲ ਨੂੰ ਸਵੇਰੇ ਪੀਜੀਆਈ ਹਸਪਤਾਲ ਵਿੱਚ ਲਿਜਾਇਆ ਗਿਆ। ਉੱਥੋਂ ਦੁਪਹਿਰ ਵੇਲੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਮੁਹਾਲੀ ਲਿਆਂਦਾ ਗਿਆ। ਸਵਾਗਤੀ ਕਾਊਂਟਰ ਤੋਂ ਅੱਗੇ ਮੀਡੀਆ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਕੋਈ ਡਾਕਟਰ ਜਾਂ ਸਟਾਫ਼ ਮੈਂਬਰ ਕੁੱਝ ਦੱਸ ਰਿਹਾ ਹੈ।
ਉਧਰ, ਹਰਚਰਨ ਬੈਂਸ ਨੇ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਕਿ ਬਾਦਲ ਨੂੰ ਡਾਕਟਰ ਨੇ ਦੋ-ਦੋ ਅਤੇ ਤਿੰਨ-ਤਿੰਨ ਹਫ਼ਤਿਆਂ ਬਾਅਦ ਆਪਣਾ ਰੂਟੀਨ ਚੈੱਕਅਪ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ। ਜਿਸ ਅਨੁਸਾਰ ਉਹ ਆਪਣਾ ਰੂਟੀਨ ਚੈੱਕਅਪ ਕਰਵਾਉਂਦੇ ਹਨ। ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਕੋਵਿਡ ਤੋਂ ਪ੍ਰਭਾਵਿਤ ਹੋਣ ਮਗਰੋਂ ਇਸ ਦਾ ਉਚੇਚੇ ਤੌਰ ’ਤੇ ਧਿਆਨ ਰੱਖ ਰਹੇ ਹਨ। ਸ੍ਰੀ ਬੈਂਸ ਨੇ ਇਹ ਵੀ ਦੱਸਿਆ ਕਿ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਸਿਆਸੀ ਸਰਗਰਮੀਆਂ ਵਿੱਚ ਹਿੱਸਾ ਲੈ ਰਹੇ ਹਨ ਅਤੇ ਆਪਣਾ ਰੂਟੀਨ ਦਾ ਕੰਮ ਵੀ ਨਾਲੋਂ ਨਾਲ ਕਰ ਰਹੇ ਹਨ। ਉਹ ਰੋਜ਼ਾਨਾ ਆਮ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਮਿਲ ਕੇ ਸੂਬੇ ਵਿੱਚ ਚੋਣ ਮੁਹਿੰਮ ਵੀ ਚਲਾ ਰਹੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਜ਼ਿਆਦਾ ਖ਼ਰਾਬ ਹੋ ਗਈ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਲਿਆਂਦਾ ਗਿਆ ਸੀ। ਸੀਨੀਅਰ ਅਕਾਲੀ ਆਗੂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਪਰ ਬਾਅਦ ਵਿੱਚ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਮਗਰੋਂ ਉਨ੍ਹਾਂ ਨੂੰ ਛੁੱਟੀ ਮਿਲ ਗਈ ਸੀ, ਲੇਕਿਨ ਹੁਣ ਫਿਰ ਵੱਡੇ ਬਾਦਲ ਦੀ ਅਚਾਨਕ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ।