Nabaz-e-punjab.com

ਘਰੇਲੂ ਹਿੰਸਾ: ਡੀਐਸਪੀ ਅਤੁਲ ਸੋਨੀ ਪ੍ਰੋਡਕਸ਼ਨ ਵਰੰਟ ’ਤੇ ਗ੍ਰਿਫ਼ਤਾਰ, ਦੋ ਰੋਜ਼ਾ ਪੁਲੀਸ ਰਿਮਾਂਡ

ਆਮ ਕੈਦੀਆਂ ਵਾਂਗ ਅਦਾਲਤੀ ਬਖਸ਼ੀਖਾਨੇ ਵਿੱਚ ਬੰਦ ਕਰਨ ਦੀ ਬਜਾਏ ਵਕੀਲ ਦੇ ਚੈਂਬਰ ’ਚ ਬਿਠਾਇਆ

ਪੁੱਛਗਿੱਛ ਦੌਰਾਨ ਡੀਐਸਪੀ ਅਤੁਲ ਸੋਨੀ ਜਾਂਚ ’ਚ ਸਹਿਯੋਗ ਨਹੀਂ ਦੇ ਰਿਹਾ: ਐਸਐਸਪੀ ਚਾਹਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਘਰੇਲੂ ਝਗੜੇ ਦੌਰਾਨ ਆਪਣੀ ਪਤਨੀ ’ਤੇ ਕਥਿਤ ਤੌਰ ’ਤੇ ਫਾਇਰਿੰਗ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲੀਸ ਦੇ ਮੁਅੱਤਲੀ ਅਧੀਨ ਡੀਐਸਪੀ ਅਤੁਲ ਸੋਨੀ ਨੂੰ ਪੁੱਛਗਿੱਛ ਲਈ ਮੁਹਾਲੀ ਪੁਲੀਸ ਨੇ ਅੱਜ ਪ੍ਰੋਡਕਸ਼ਨ ਵਰੰਟ ’ਤੇ ਗ੍ਰਿਫ਼ਤਾਰ ਕੀਤਾ ਗਿਆ। ਡੀਐਸਪੀ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਉਸ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ। ਹਾਲਾਂਕਿ ਪੁਲੀਸ ਨੇ ਡੀਐਸਪੀ ਸੋਨੀ ਦੇ ਸੱਤ ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਅਦਾਲਤ ਨੇ ਸਿਰਫ਼ ਦੋ ਦਿਨ ਪੁਲੀਸ ਰਿਮਾਂਡ ਦਿੱਤਾ।
ਇਸ ਦੌਰਾਨ ਪੁਲੀਸ ਵੱਲੋਂ ਮੁਲਜ਼ਮ ਡੀਐਸਪੀ ਨੂੰ ਵੀਆਈਪੀ ਟਰੀਟਮੈਂਟ ਵੀ ਦਿੱਤਾ ਗਿਆ। ਨਿਯਮਾਂ ਮੁਤਾਬਕ ਹਰੇਕ ਮੁਲਜ਼ਮ ਨੂੰ ਜੇਲ੍ਹ ’ਚੋਂ ਲਿਆ ਕੇ ਅਦਾਲਤ ਵਿੱਚ ਪੇਸ਼ ਕਰਨ ਸਮੇਂ ਉਨ੍ਹਾਂ ਨੂੰ ਹੋਰਨਾਂ ਕੈਦੀਆਂ ਵਾਂਗ ਅਦਾਲਤ ਵਿੱਚ ਸਥਿਤ ਬਖਸ਼ੀਖਾਨੇ ਵਿੱਚ ਰੱਖਿਆ ਜਾਂਦਾ ਹੈ, ਪ੍ਰੰਤੂ ਡੀਐਸਪੀ ਸੋਨੀ ਨਾਲ ਨਰਮੀ ਵਰਤਦਿਆਂ ਪੁਲੀਸ ਨੇ ਉਨ੍ਹਾਂ ਨੂੰ ਬਖਸ਼ੀਖਾਨੇ ਦੀ ਥਾਂ ਵਕੀਲ ਦੇ ਚੈਂਬਰ ਵਿੱਚ ਬਿਠਾ ਕੇ ਆਊ ਭਗਤ ਕੀਤੀ ਗਈ। ਅਦਾਲਤੀ ਪੇਸ਼ੀ ਮਗਰੋਂ ਡੀਐਸਪੀ ਨੂੰ ਮੀਡੀਆ ਦੀ ਨਜ਼ਰ ਤੋਂ ਬਚਾਉਣ ਲਈ ਬੇਸਮੈਂਟ ਦੇ ਰਸਤੇ ਸੈਂਟਰਲ ਥਾਣਾ ਫੇਜ਼-8 ਵਿੱਚ ਲਿਜਾਇਆ ਗਿਆ। ਉਸ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਡੀਐਸਪੀ ਸੋਨੀ ਖ਼ਿਲਾਫ਼ ਉਸ ਦੀ ਪਤਨੀ ਸ੍ਰੀਮਤੀ ਸੁਨੀਤਾ ਸੋਨੀ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਬੀਤੀ 19 ਜਨਵਰੀ ਨੂੰ ਸੈਂਟਰਲ ਥਾਣਾ ਫੇਜ਼-8 ਵਿੱਚ ਧਾਰਾ 307, 323, 498ਏ ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਾਂਚ ਅਧਿਕਾਰੀ ਦੀ ਅਪੀਲ ’ਤੇ ਮੁਹਾਲੀ ਅਦਾਲਤ ਨੇ ਬੀਤੀ 5 ਫਰਵਰੀ ਨੂੰ ਸੋਨੀ ਦੇ ਗੈਰ ਜ਼ਮਾਨਤੀ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਗਏ ਸੀ। ਪਿਛਲੇ ਦਿਨੀਂ ਉਸ ਨੇ ਪੁਲੀਸ ਨੂੰ ਝਕਾਨੀ ਦੇ ਕੇ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਗਿਆ ਸੀ। ਸੋਮਵਾਰ ਤੋਂ ਉਹ ਰੂਪਨਗਰ ਜੇਲ੍ਹ ਵਿੱਚ ਬੰਦ ਸੀ।
ਉਧਰ, ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਡੀਐਸਪੀ ਅਤੁਲ ਸੋਨੀ ਦਾ ਪੁਲੀਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ, ਪ੍ਰੰਤੂ ਉਹ (ਸੋਨੀ) ਪੁਲੀਸ ਨੂੰ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੇ ਹਨ। ਪੁਲੀਸ ਅਧਿਕਾਰੀ ਦੇ ਘਰ ’ਚੋਂ ਬਰਾਮਦ ਹੋਏ ਕਥਿਤ ਨਾਜਾਇਜ਼ ਅਸਲੇ ਵੀ ਪੁੱਛਗਿੱਛ ਕੀਤੀ ਜਾਣੀ ਹੈ। ਕਿਉਂਕਿ ਸਰਕਾਰੀ ਹਥਿਆਰ ਹੋਣ ਦੇ ਬਾਵਜੂਦ ਉਸ ਨੇ ਆਪਣੇ ਕੋਲ ਨਾਜਾਇਜ਼ ਅਸਲਾ ਕਿਸ ਮੰਤਵ ਲਈ ਰੱਖਿਆ ਹੋਇਆ ਸੀ ਅਤੇ ਉਸ ਨੇ ਇਹ ਅਸਲਾ ਕਿੱਥੋਂ ਲਿਆਂਦਾ ਸੀ। ਇਨ੍ਹਾਂ ਸਾਰੇ ਪਹਿਲੂਆਂ ’ਤੇ ਪੁੱਛਗਿੱਛ ਕੀਤੀ ਜਾਵੇਗੀ। ਘਰੇਲੂ ਹਿੰਸਾ ਦੇ ਮਾਮਲੇ ਵਿੱਚ ਪਹਿਲਾਂ ਉਸ ਤੋਂ ਇਕੱਲਿਆਂ ਪੁੱਛਗਿੱਛ ਕੀਤੀ ਜਾਵੇਗੀ। ਇਸ ਮਗਰੋਂ ਉਸ ਦੀ ਪਤਨੀ ਨੂੰ ਆਹਮੋ ਸਾਹਮਣੇ ਬਿਠਾ ਕੇ ਕਰਾਸ ਪੁੱਛਗਿੱਛ ਕੀਤੀ ਜਾਵੇਗੀ ਕਿਉਂਕਿ ਝਗੜੇ ਤੋਂ ਬਾਅਦ ਸ੍ਰੀਮਤੀ ਸੋਨੀ ਵੱਲੋਂ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਗੰਭੀਰ ਦੋਸ਼ ਲਗਾਏ ਗਏ ਸੀ।
ਉਧਰ, ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਦਾ ਕਹਿਣਾ ਹੈ ਕਿ ਡੀਐਸਪੀ ਦੀ ਪਤਨੀ ਸ੍ਰੀਮਤੀ ਸੁਨੀਤਾ ਸੋਨੀ ਵੀ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੀ ਹੈ। ਉਸ ਨੂੰ ਪਹਿਲਾਂ ਵੀ ਆਪਣੇ ਬਿਆਨ ਕਰਵਾਉਣ ਲਈ ਸੰਮਨ ਕਰਕੇ ਥਾਣੇ ਤਲਬ ਕੀਤਾ ਗਿਆ ਸੀ ਲੇਕਿਨ ਉਹ ਪੁਲੀਸ ਸਾਹਮਣੇ ਪੇਸ਼ ਨਹੀਂ ਹੋਏ। ਹੁਣ ਉਨ੍ਹਾਂ ਨੂੰ ਦੁਬਾਰਾ ਸੱਦਿਆ ਜਾਵੇਗਾ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …