Share on Facebook Share on Twitter Share on Google+ Share on Pinterest Share on Linkedin ਘਰੇਲੂ ਹਿੰਸਾ: ਹਾਈ ਕੋਰਟ ਵੱਲੋਂ ਡੀਐਸਪੀ ਅਤੁਲ ਸੋਨੀ ਦੀ ਗ੍ਰਿਫ਼ਤਾਰੀ ’ਤੇ 31 ਤੱਕ ਰੋਕ ਹਾਈ ਕੋਰਟ ਨੇ ਮੁਹਾਲੀ ਪੁਲੀਸ ਨੂੰ ਕੇਸ ਸਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ, ਸਰਕਾਰ ਨੂੰ ਨੋਟਿਸ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ: ਮੁਹਾਲੀ ਵਿੱਚ ਘਰੇਲੂ ਝਗੜੇ ਦੌਰਾਨ ਆਪਣੀ ਪਤਨੀ ’ਤੇ ਕਥਿਤ ਤੌਰ ’ਤੇ ਫਾਇਰਿੰਗ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲੀਸ ਦੇ ਡੀਐਸਪੀ ਅਤੁਲ ਸੋਨੀ ਨੂੰ ਹਾਈ ਕੋਰਟ ਨੇ ਰਾਹਤ ਦਿੰਦਿਆਂ 31 ਜਨਵਰੀ ਤੱਕ ਪੁਲੀਸ ਅਧਿਕਾਰੀ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈ ਹੈ। ਪਿਛਲੀ ਦਿਨੀਂ ਮੁਹਾਲੀ ਅਦਾਲਤ ਨੇ ਜਾਂਚ ਅਧਿਕਾਰੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਡੀਐਸਪੀ ਸੋਨੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਇਸ ਮਗਰੋਂ ਡੀਐਸਪੀ ਸੋਨੀ ਨੇ ਹਾਈ ਕੋਰਟ ਦਾ ਬੂਹਾ ਖੜਕਾਇਆ ਅਤੇ ਆਪਣੇ ਵਕੀਲ ਸੰਤਪਾਲ ਸਿੰਘ ਸਿੱਧੂ ਰਾਹੀਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ। ਅੱਜ ਹਾਈ ਕੋਰਟ ਵਿੱਚ ਡੀਐਸਪੀ ਦੀ ਪਤਨੀ ਸ੍ਰੀਮਤੀ ਸੁਨੀਤਾ ਸੋਨੀ ਵੀ ਅਦਾਲਤ ਵਿੱਚ ਮੌਜੂਦ ਸਨ। ਸ੍ਰੀਮਤੀ ਸੋਨੀ ਅਤੇ ਉਨ੍ਹਾਂ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਡੀਐਸਪੀ ਸੋਨੀ ਵੱਲੋਂ ਫਾਇਰਿੰਗ ਕਰਨ ਵਾਲੀ ਗੱਲ ਬਿਲਕੁਲ ਗਲਤ ਹੈ। ਉਨ੍ਹਾਂ ਦਾ ਸਿਰਫ਼ ਆਪਸ ਵਿੱਚ ਪਤੀ-ਪਤਨੀ ਦਾ ਮਾਮੂਲੀ ਝਗੜਾ ਜ਼ਰੂਰ ਹੋਇਆ ਸੀ ਪਰ ਫਾਇਰਿੰਗ ਵਾਲੀ ਕੋਈ ਗੱਲ ਨਹੀਂ ਹੈ। ਇਸ ਮਾਮਲੇ ਨੂੰ ਐਵੇਂ ਹੀ ਗਲਤ ਰੰਗਤ ਦਿੱਤੀ ਜਾ ਰਹੀ ਹੈ। ਉਧਰ, ਡੀਐਸਪੀ ਦੇ ਵਕੀਲ ਸੰਤਪਾਲ ਸਿੰਘ ਸਿੱਧੂ ਨੇ ਵੀ ਮਿਲਦੀ-ਜੁਲਦੀ ਦਲੀਲਾਂ ਪੇਸ਼ ਕੀਤੀਆਂ। ਉਨ੍ਹਾਂ ਹਾਈ ਕੋਰਟ ਨੂੰ ਦੱਸਿਆ ਕਿ ਮਾਮਲੇ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ ਜਦੋਂਕਿ ਅਜਿਹਾ ਕੁਝ ਵੀ ਨਹੀਂ ਹੋਇਆ ਸੀ ਕਿ ਪੁਲੀਸ ਅਧਿਕਾਰੀ ਖ਼ਿਲਾਫ਼ ਏਨੀ ਸਖ਼ਤ ਧਰਾਵਾਂ ਤਹਿਤ ਕੇਸ ਦਰਜ ਕੀਤਾ ਜਾਂਦਾ। ਇਹੀ ਨਹੀਂ ਹਾਲਾਂਕਿ ਬਾਅਦ ਵਿੱਚ ਡੀਐਸਪੀ ਦੀ ਪਤਨੀ ਸ੍ਰੀਮਤੀ ਸੋਨੀ ਨੇ ਖ਼ੁਦ ਪੁਲੀਸ ਅਧਿਕਾਰੀਆਂ ਨੂੰ ਹਲਫ਼ੀਆ ਬਿਆਨ ਭੇਜ ਕੇ ਸਾਰੀ ਸਥਿਤੀ ਸਪੱਸ਼ਟ ਕਰ ਦਿੱਤੀ ਸੀ ਪ੍ਰੰਤੂ ਇਸ ਦੇ ਬਾਵਜੂਦ ਪੁਲੀਸ ਉਨ੍ਹਾਂ ਦੀ ਕੋਈ ਗੱਲ ਮੰਨਣ ਨੂੰ ਤਿਆਰ ਨਹੀਂ ਹੈ। ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਹਾਈ ਕੋਰਟ ਦੇ ਜਸਟਿਸ ਜੈਸ੍ਰੀ ਠਾਕੁਰ ਨੇ ਸ਼ੁੱਕਰਵਾਰ ਤੱਕ ਡੀਐਸਪੀ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਉਂਦਿਆਂ ਮੁਹਾਲੀ ਪੁਲੀਸ ਨੂੰ ਉਕਤ ਕੇਸ ਦੇ ਵੱਖ-ਵੱਖ ਪਹਿਲੂਆਂ ਬਾਰੇ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਹਨ ਅਤੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਹਾਈ ਕੋਰਟ ਨੇ ਪਟੀਸ਼ਨ ਦੀਆਂ ਕਾਪੀਆਂ ਸਰਕਾਰ ਨੂੰ ਦੇਣ ਲਈ ਵੀ ਆਖਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁਹਾਲੀ ਪੁਲੀਸ ਵੱਲੋਂ ਡੀਐਸਪੀ ਅਤੁਲ ਸੋਨੀ ਦੇ ਖ਼ਿਲਾਫ਼ ਇੱਥੋਂ ਦੇ ਸੈਂਟਰਲ ਥਾਣਾ ਫੇਜ਼8 ਵਿੱਚ ਧਾਰਾ 307, 323, 498ਏ ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਅਧਿਕਾਰੀ ’ਤੇ ਘਰੇਲੂ ਝਗੜੇ ਦੌਰਾਨ ਆਪਣੀ ਪਤਨੀ ’ਤੇ ਫਾਇਰਿੰਗ ਕਰਨ ਦਾ ਦੋਸ਼ ਹੈ। ਉਧਰ, ਬੀਤੇ ਦਿਨੀਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਪੁਲੀਸ ਵੱਲੋਂ ਡੀਐਸਪੀ ਅਤੁਲ ਸੋਨੀ ਨੂੰ ਮੁਅੱਤਲ ਕਰਨ ਅਤੇ ਉਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ