Nabaz-e-punjab.com

ਘਰੇਲੂ ਹਿੰਸਾ: ਮੁਹਾਲੀ ਅਦਾਲਤ ਵੱਲੋਂ ਡੀਐਸਪੀ ਅਤੁਲ ਸੋਨੀ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ

ਡੀਐਸਪੀ ਦੀ ਪਤਨੀ ਸ੍ਰੀਮਤੀ ਸੋਨੀ ਨੇ ਦੁਖੀ ਮਨ ਨਾਲ ਜੱਜ ਨੂੰ ਲਗਾਈ ਘਰ ਵਸਾਉਣ ਦੀ ਗੁਹਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਾਰਚ:
ਮੁਹਾਲੀ ਅਦਾਲਤ ਨੇ ਘਰੇਲੂ ਝਗੜੇ ਦੌਰਾਨ ਆਪਣੀ ਪਤਨੀ ’ਤੇ ਕਥਿਤ ਤੌਰ ’ਤੇ ਫਾਇਰਿੰਗ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲੀਸ ਦੇ ਮੁਅੱਤਲ ਡੀਐਸਪੀ ਅਤੁਲ ਸੋਨੀ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਪਹਿਲਾਂ ਪੁਲੀਸ ਅਧਿਕਾਰੀ ਦੀ ਜ਼ਮਾਨਤ ਦੀ ਅਰਜ਼ੀ ’ਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਗਿਰੀਸ਼ ਦੀ ਅਦਾਲਤ ਵਿੱਚ ਸੁਣਵਾਈ ਚਲ ਰਹੀ ਸੀ ਪ੍ਰੰਤੂ ਅੱਜ ਐਨ ਮੌਕੇ ਮਹਿਲਾ ਜੱਜ ਨੇ ਇਹ ਕੇਸ ਸੁਣਵਾਈ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਦੀ ਅਦਾਲਤ ਵਿੱਚ ਭੇਜ ਦਿੱਤਾ। ਅੱਜ ਸੁਣਵਾਈ ਦੌਰਾਨ ਡੀਐਸਪੀ ਦੀ ਪਤਨੀ ਸ੍ਰੀਮਤੀ ਸੁਨੀਤਾ ਸੋਨੀ ਵੀ ਅਦਾਲਤ ਵਿੱਚ ਮੌਜੂਦ ਸਨ। ਉਨ੍ਹਾਂ ਨੇ ਵੀ ਜੱਜ ਅੱਗੇ ਪੇਸ਼ ਹੋ ਕੇ ਆਪਣਾ ਘਰ ਵਸਾਉਣ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਘਰੇਲੂ ਝਗੜੇ ਦੀ ਮਾਮੂਲੀ ਜਿਹੀ ਗੱਲ ਐਵੇਂ ਹੀ ਜ਼ਿਆਦਾ ਵਧ ਗਈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਅਚਾਨਕ ਅਣਜਾਣੇ ਵਿੱਚ ਪਤਾ ਹੀ ਨਹੀਂ ਚੱਲਿਆ ਕਿਵੇਂ ਹੋ ਗਿਆ।
ਸ੍ਰੀਮਤੀ ਸੋਨੀ ਦੇ ਵਕੀਲ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਡੀਐਸਪੀ ਖ਼ਿਲਾਫ਼ ਉਸ ਦੀ ਪਤਨੀ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਸੀ ਅਤੇ ਅਗਲੇ ਹੀ ਉਨ੍ਹਾਂ ਨੇ ਆਪਣੀ ਸ਼ਿਕਾਇਤ ਵੀ ਵਾਪਸ ਲੈ ਲਈ ਸੀ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਹਰੇਕ ਘਰ ਵਿੱਚ ਪਤੀ ਪਤਨੀ ਵਿੱਚ ਝਗੜੇ ਹੁੰਦੇ ਹਨ ਪ੍ਰੰਤੂ ਇਸ ਮਾਮਲੇ ਨੂੰ ਕੁਝ ਜ਼ਿਆਦਾ ਹੀ ਤੱੁਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਡੀਐਸਪੀ ਨੂੰ ਪੱਕੀ ਜ਼ਮਾਨਤ ਦਿੱਤੀ ਜਾਵੇ। ਬਚਾਅ ਪੱਖ ਦੇ ਵਕੀਲ ਐਚਐਸ ਧਨੋਆ ਨੇ ਜਿਰ੍ਹਾ ਕਰਦਿਆਂ ਕਿਹਾ ਕਿ ਡੀਐਸਪੀ ਖ਼ਿਲਾਫ਼ ਉਸ ਦੀ ਪਤਨੀ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਸੀ ਪ੍ਰੰਤੂ ਹੁਣ ਸ਼ਿਕਾਇਤਕਰਤਾ ਖ਼ੁਦ ਇਹ ਕਹਿ ਰਹੀ ਹੈ ਕਿ ਉਨ੍ਹਾਂ ਦਾ ਮਾਮੂਲੀ ਘਰੇਲੂ ਝਗੜਾ ਸੀ ਅਤੇ ਡੀਐਸਪੀ ਨੇ ਉਸ ’ਤੇ ਪਿਸਤੌਲ ਨਹੀਂ ਤਾਣੀ ਸੀ। ਉਂਜ ਵੀ ਪਤੀ ਪਤਨੀ ਸਮਾਜਿਕ ਜ਼ਾਬਤੇ ਵਿੱਚ ਇਕੱਠੇ ਰਹਿਣਾ ਚਾਹੁੰਦੇ ਹਨ। ਲਿਹਾਜ਼ਾ ਡੀਐਸਪੀ ਸੋਨੀ ਨੂੰ ਪੱਕੀ ਜ਼ਮਾਨਤ ਦਿੱਤੀ ਜਾਵੇ।
ਉਧਰ, ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਡੀਐਸਪੀ ਨੂੰ ਜ਼ਮਾਨਤ ਦੇਣ ਦਾ ਵਿਰੋਧ ਕਰਦਿਆਂ ਕਿਹਾ ਕਿ ਪੁਲੀਸ ਅਧਿਕਾਰੀ ਦੇ ਖ਼ਿਲਾਫ਼ ਗੰਭੀਰ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਘਰੋਂ ਨਾਜਾਇਜ਼ ਅਸਲਾ ਵੀ ਮਿਲਿਆ ਹੈ। ਉਹ ਬਾਹਰ ਆ ਕੇ ਕੇਸ ਦੀ ਜਾਂਚ ਨੂੰ ਪ੍ਰਭਾਵਿਤ ਕਰ ਸਕਦੇ ਹਨ ਅਤੇ ਸ਼ਿਕਾਇਤਕਰਤਾ ਅਤੇ ਗਵਾਹਾਂ ਨੂੰ ਡਰਾ ਧਮਕਾ ਸਕਦੇ ਹਨ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਡੀਐਸਪੀ ਅਤੁਲ ਸੋਨੀ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰਕੇ ਉਨ੍ਹਾਂ ਨੂੰ ਜੇਲ੍ਹ ’ਚੋਂ ਰਿਹਾਅ ਕਰਨ ਲਈ ਜੇਲ੍ਹ ਸੁਪਰਡੈਂਟ ਨੂੰ ਆਦੇਸ਼ ਜਾਰੀ ਕੀਤੇ ਗਏ।
ਡੀਐਸਪੀ ਅਤੁਲ ਸੋਨੀ ਖ਼ਿਲਾਫ਼ ਉਸ ਦੀ ਪਤਨੀ ਸ੍ਰੀਮਤੀ ਸੁਨੀਤਾ ਸੋਨੀ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਬੀਤੀ 19 ਜਨਵਰੀ ਨੂੰ ਸੈਂਟਰਲ ਥਾਣਾ ਫੇਜ਼-8 ਵਿੱਚ ਧਾਰਾ 307, 323, 498ਏ ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …