
ਘਰੇਲੂ ਹਿੰਸਾ: ਸਲੂਨ ਮਾਲਕ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਇੱਥੋਂ ਦੇ ਨੇੜਲੇ ਕਸਬਾ ਨਵਾਂ ਗਾਉਂ ਵਿੱਚ ਘਰੇਲੂ ਹਿੰਸਾ ਦੇ ਚੱਲਦਿਆਂ ਇਕ ਵਿਅਕਤੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਰਦੀਪ ਕੁਮਾਰ (42) ਵਾਸੀ ਦਸਮੇਸ਼ ਨਗਰ (ਨਵਾਂ ਗਉਂ) ਵਜੋਂ ਹੋਈ ਹੈ। ਉਹ ਚੰਡੀਗੜ੍ਹ ਵਿੱਚ ਸੈਲੂਨ ਚਲਾਉਂਦਾ ਸੀ। ਪੁਲੀਸ ਦੀ ਜਾਣਕਾਰੀ ਅਨੁਸਾਰ ਪਰਦੀਪ ਕੁਮਾਰ ਦਾ 2007 ਵਿੱਚ ਸੀਮਾ ਰਾਣੀ ਨਾਲ ਵਿਆਹ ਹੋਇਆ ਸੀ ਅਤੇ ਪਿਛਲੇ ਕਾਫੀ ਸਮੇਂ ਤੋਂ ਉਨ੍ਹਾਂ ਵਿੱਚ ਅਣਬਣ ਰਹਿੰਦੀ ਸੀ ਅਤੇ ਘਰੇਲੂ ਕਲੇਸ਼ ਦੇ ਚੱਲਦਿਆਂ ਉਸ ਨੇ ਆਪਣੇ ਮਕਾਨ ਵਿੱਚ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਨਵਾਂ ਗਉਂ ਥਾਣਾ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਨੇ ਮ੍ਰਿਤਕ ਦੀ ਪਤਨੀ ਸਮੀ ਰਾਣੀ ਦੇ ਖ਼ਿਲਾਫ਼ ਆਪਣੇ ਪਤੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਧਾਰਾ 306 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਸੀਮਾ ਘਰੋਂ ਫਰਾਰ ਹੈ। ਉਨ੍ਹਾਂ ਦੱਸਿਆ ਕਿ ਭਲਕੇ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾਵੇਗਾ।