
ਆਜ਼ਾਦ ਗਰੁੱਪ ਤੇ ‘ਆਪ’ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਦੇ ਹੱਕ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਇੱਥੋਂ ਦੇ ਵਾਰਡ ਨੰਬਰ-10 ਤੋਂ ਆਜ਼ਾਦ ਗਰੁੱਪ ਅਤੇ ‘ਆਪ’ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਨੇ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਆਪਣੀ ਸਾਰੀ ਤਾਕਤ ਲਗਾ ਦਿੱਤੀ। ਸਾਬਕਾ ਮੇਅਰ ਕੁਲਵੰਤ ਸਿੰਘ ਅਤੇ ‘ਆਪ’ ਆਗੂ ਡਾ. ਦਲੇਰ ਸਿੰਘ ਮੁਲਤਾਨੀ ਤੇ ਹੋਰਨਾਂ ਆਗੂਆਂ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ੍ਰੀ ਕਾਹਲੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਵਿਕਾਸ ਪੱਖੋਂ ਸਮੁੱਚੇ ਵਾਰਡ ਦੀ ਕਾਇਆ ਕਲਪ ਕੀਤੀ ਜਾ ਸਕੇ।
ਇਸ ਮੌਕੇ ਪਰਮਜੀਤ ਸਿੰਘ ਕਾਹਲੋਂ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਅਤੇ ‘ਆਪ’ ਦੀ ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਪਿਛਲੇ ਸਮੇਂ ਦੌਰਾਨ ਜਿੰਨੇ ਵੀ ਵਿਕਾਸ ਕਾਰਜ ਹੋਏ ਹਨ ਉਹ ਸਾਰੇ ਕੁਲਵੰਤ ਸਿੰਘ ਦੀ ਯੋਗ ਅਗਵਾਈ ਹੇਠ ਕੀਤੇ ਗਏ ਹਨ ਅਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਹੀ ਆਮ ਸ਼ਹਿਰੀ ਆਜ਼ਾਦ ਗਰੁੱਪ ਨੂੰ ਸਹਿਯੋਗ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦ ਗਰੁੱਪ ਤੇ ‘ਆਪ’ ਦੇ ਸਾਂਝੇ ਉਮੀਦਵਾਰ ਹੂੰਝਾਫੇਰ ਜਿੱਤ ਹਾਸਲ ਕਰਕੇ ਮੁਹਾਲੀ ਵਿੱਚ ਨਵਾਂ ਇਤਿਹਾਸ ਸਿਰਜਣਗੇ।
ਇਸ ਮੌਕੇ ਸਾਬਕਾ ਕੌਂਸਲਰ ਫੂਲਰਾਜ ਸਿੰਘ, ਕੇਸਰ ਸਿੰਘ, ਅੰਮ੍ਰਿਤਪਾਲ ਸਿੰਘ, ਹਰਮਿੰਦਰ ਸਿੰਘ, ਤਜਿੰਦਰ ਸਿੰਘ, ਬਲਬੀਰ ਸਿੰਘ, ਕਰਤਾਰ ਸਿੰਘ ਸੈਣੀ, ਬਲਵਿੰਦਰ ਸਿੰਘ, ਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸ੍ਰੀ ਕਾਹਲੋਂ ਅਤੇ ਆਜ਼ਾਦ ਗਰੁੱਪ ਦੇ ਸਮਰਥਕ ਹਾਜ਼ਰ ਸਨ।