nabaz-e-punjab.com

ਸਰਕਾਰੀ ਹਸਪਤਾਲ ਮੁਹਾਲੀ ਵਿੱਚ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਰਵਾਇਆ ਡੋਪ ਟੈਸਟ

ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਕੌਮਾਂਤਰੀ ਸਰਹੱਦ ’ਤੇ ਚੌਕਸੀ ਹੋਰ ਮਜ਼ਬੂਤ ਕਰਨ ਦੀ ਲੋੜ: ਰਾਣਾ ਕੇਪੀ

ਪੰਜਾਬ ਵਾਸੀਆਂ ਅਤੇ ਸਾਰੀ ਰਾਜਸੀ ਧਿਰਾਂ ਨੂੰ ਮਿਲ ਜੁੱਲ ਕੇ ਨਸ਼ਿਆਂ ਦਾ ਖਾਤਮਾ ਕਰਨ ਦਾ ਸੱਦਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਨੂੰ ਜੜੋਂ ਪੁੱਟਣ ਦੀ ਮੁਹਿੰਮ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਮੋਹਾਲੀ ਦੇ ਸਿਵਲ ਹਸਪਤਾਲ ਵਿੱਚ ਆਪਣਾ ਡੋਪ ਟੈਸਟ ਕਰਗਾਇਆ। ਉਹ ਝੰਡੀ ਵਾਲੀ ਕਾਰ ਵਿੱਚ ਸਿਵਲ ਹਸਪਤਾਲ ਪੁੱਜੇ ਅਤੇ ਸਿੱਧਾ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ) ਡਾ. ਮਨਜੀਤ ਸਿੰਘ ਦੇ ਦਫ਼ਤਰ ਵਿੱਚ ਪਹੁੰਚ ਗਏ। ਜਿੱਥੇ ਉਨ੍ਹਾਂ ਨੇ ਡੋਪ ਟੈਸਟ ਕਰਵਾਉਣ ਲਈ ਲੋੜੀਂਦੀ ਕਾਰਵਾਈ ਨੂੰ ਸਮੇਟਦਿਆਂ 1500 ਰੁਪਏ ਸਰਕਾਰੀ ਫੀਸ ਜਮ੍ਹਾਂ ਕਰਵਾਈ। ਇਸ ਤੋਂ ਬਾਅਦ ਸਪੀਕਰ ਦਾ ਡੋਪ ਟੈਸਟ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਮੌਜੂਦਾ ਸਮੇਂ ਰਾਜ ਲਈ ਗੰਭੀਰ ਸਮੱਸਿਆ ਬਣੀ ਹੋਈ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਹਿਰਦ ਯਤਨਾਂ ਸਦਕਾ ਨਸ਼ਿਆਂ ਦਾ ਖਾਤਮਾ ਕਰਨ ਲਈ ਭਰਪੂਰ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਸੱਦਾ ਦਿੱਤਾ ਕਿ ਇਸ ਬੁਰਾਈ ਨੂੰ ਖਤਮ ਕਰਨ ਲਈ ਸਾਰੇ ਵਰਗਾਂ ਨੂੰ ਮਿਲ ਕੇ ਹੰਭਲਾ ਮਾਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚ ਚੇਤਨਾ ਪੈਦਾ ਕਰਨ ਦੇ ਨਾਲ-ਨਾਲ ਪਾਕਿਸਤਾਨ-ਭਾਰਤ ਦੀ ਪੰਜਾਬ ਨਾਲ ਲੱਗਦੀ ਕੌਮਾਂਤਰੀ ਸਰਹੱਦ ’ਤੇ ਵੀ ਚੌਕਸੀ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਕਿਉਂ ਕਿ ਸਰਹੱਦ ਪਾਰ ਤੋਂ ਆ ਰਿਹਾ ਨਸ਼ਾ ਵੱਡਾ ਅਤੇ ਗੰਭੀਰ ਮਸਲਾ ਹੈ। ਸਪੀਕਰ ਨੇ ਕਿਹਾ ਕਿ ਨਸ਼ਿਆਂ ਦੀ ਵਰਤੋਂ ਕਿਸੇ ਇਕ ਖਾਸ ਵਰਗ, ਗਰੁੱਪ ਜਾਂ ਉਮਰ ਵਰਗ ਦੀ ਸਮੱਸਿਆ ਨਹੀਂ ਅਤੇ ਇਸ ਨੂੰ ਦੂਰ ਕਰਨ ਲਈ ਵੀ ਸਾਂਝੇ ਯਤਨ ਕਰਨੇ ਹੋਣਗੇ।
ਉਨ੍ਹਾਂ ਦਾਗੀ ਪੁਲੀਸ ਅਫ਼ਸਰਾਂ ’ਤੇ ਹੋ ਰਹੀ ਕਾਰਵਾਈ ਦੇ ਸੰਦਰਭ ਵਿੱਚ ਕਿਹਾ ਕਿ ਸਾਰੇ ਪੁਲੀਸ ਮੁਲਾਜ਼ਮਾਂ ਅਤੇ ਅਫ਼ਸਰਾਂ ਨੂੰ ਗਲਤ ਠਹਿਰਾਉਣਾ ਜਾਇਜ਼ ਨਹੀਂ ਕਿਉਂਕਿ ’ਕਾਲੀਆ ਭੇਡਾਂ’ ਕਿਸੇ ਵੀ ਥਾਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਪੁਲੀਸ ਨੇ ਅੱਤਵਾਦ ਖ਼ਿਲਾਫ਼ ਡਟ ਕੇ ਲੜਾਈ ਲੜੀ ਅਤੇ ਸੂਬੇ ’ਚ ਸ਼ਾਂਤੀ ਕਾਇਮ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਉਸੇ ਤਰ੍ਹਾਂ ਉਮੀਦ ਹੈ ਨਸ਼ਿਆਂ ਖਿਲਾਫ ਵੀ ਪੰਜਾਬ ਪੁਲਿਸ ਵਧੀਆ ਕਾਰਜ ਕਰਕੇ ਸਾਰਥਕ ਨਤੀਜੇ ਸਾਹਮਣੇ ਲਿਆਵੇਗੀ।
ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸਿਆਸੀ ਆਗੂਆਂ ਨੂੰ ਵੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਖ਼ਿਲਾਫ਼ ਜੰਗ ਲੜਨੀ ਚਾਹੀਦੀ ਹੈ ਅਤੇ ਆਪੋ-ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਇਕ ਗੁੰਝਲਦਾਰ ਸਮੱਸਿਆ ਹਨ ਅਤੇ ਇਸ ’ਤੇ ਤੁਰੰਤ ਕਾਬੂ ਪਾਉਣਾ ਮੁਮਕਿਨ ਨਹੀਂ ਪਰ ਸਾਂਝੇ ਹੰਭਲਿਆ ਨਾਲ ਇਨ੍ਹਾਂ ਦਾ ਖ਼ਾਤਮਾ ਕੀਤਾ ਜਾ ਸਕਦਾ ਹੈ। ਸਪੀਕਰ ਨੇ ਕਿਹਾ ਕਿ ਨਸ਼ੱਈਆ ਨੂੰ ਹੌਂਸਲਾ ਦੇ ਕੇ ਮਜ਼ਬੂਤ ਇੱਛਾ ਸ਼ਕਤੀ ਨਾਲ ਨਸ਼ੇ ਛੱਡਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਨਾ ਕਿ ਉਨ੍ਹਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ। ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਰੀਰ ’ਤੇ ਕੋਈ ਜ਼ਖ਼ਮ ਹੋ ਜਾਂਦਾ ਹੈ ਤਾਂ ਅਸੀਂ ਉਸ ਦਾ ਇਲਾਜ ਕਰਦੇ ਹਾਂ ਨਾ ਕਿ ਉਸ ਅੰਗ ਨੂੰ ਕੱਟ ਦਿੰਦੇ ਹਾਂ। ਇਸ ਮੌਕੇ ਜ਼ਿਲ੍ਹਾ ਕਾਂਗਰਸ ਸ੍ਰੀ ਅੰਮਿਤਸਰ ਸਾਹਿਬ ਦੇ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ, ਸੀਨੀਅਰ ਕਾਂਗਰਸ ਆਗੂ ਕੰਵਲਜੀਤ ਸਿੰਘ ਚਾਵਲਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…