ਡਾ. ਅੰਬੇਡਕਰ ਨੇ ਦੱਬੇ ਕੁਚਲੇ ਲੋਕਾਂ ਨੂੰ ਬਰਾਬਰੀ ਦੇ ਹੱਕ ਦਿਵਾਏ: ਕੁਲਵੰਤ ਸਿੰਘ

ਮੁਹਾਲੀ ਵਿੱਚ ਕਈ ਥਾਵਾਂ ’ਤੇ ਡਾ. ਬੀਆਰ ਅੰਬੇਡਕਰ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 14 ਅਪਰੈਲ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ 134ਵਾਂ ਜਨਮ ਦਿਨ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਵਿਖੇ ਭਾਰਤ ਰਤਨ ਡਾ. ਬੀਆਰ ਅੰਬੇਡਕਰ ਦਾ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।
ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਦਲਿਤ ਸਮਾਜ ਨੂੰ ਡਾ. ਅੰਬੇਡਕਰ ਦੀ ਬਹੁਤ ਵੱਡੀ ਦੇਣ ਹੈ। ਬਾਬਾ ਸਾਹਿਬ ਦੀ ਬਦੌਲਤ ਹੀ ਗਰੀਬ ਵਰਗ ਦੇ ਲੋਕਾਂ ਖਾਸ ਕਰਕੇ ਦੱਬੇ ਕੁਚਲੇ ਲੋਕਾਂ ਨੂੰ ਸਮਾਜ ਵਿੱਚ ਬਰਾਬਰੀ ਦੇ ਹੱਕ ਮਿਲੇ ਹਨ। ਉਨ੍ਹਾਂ ਪਛੜੇ ਵਰਗਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਸਮਾਜ ਵਿੱਚ ਸਿਰ ਉੱਚਾ ਚੁੱਕਾ ਕਰਕੇ ਚੱਲਣ ਲਈ ਆਪਣੇ ਬੱਚਿਆਂ ਨੂੰ ਕਿਸੇ ਵੀ ਕਿਸਮ ’ਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਉੱਚ ਸਿੱਖਿਆ ਲਈ ਸਕਾਲਰਸ਼ਿਪ ਦੀ ਵਿਵਸਥਾ ਹੈ।

ਇਸੇ ਦੌਰਾਨ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਦਲਿਤ ਆਗੂ ਸ਼ਮਸ਼ੇਰ ਸਿੰਘ ਪੁਰਖਾਲਵੀ, ਤਰਸੇਮ ਸਿੰਘ ਗੰਦੋਂ, ਕੌਂਸਲਰ ਪਰਮਜੀਤ ਸਿੰਘ ਹੈਪੀ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ। ਮਹਾਰਾਸ਼ਟਰ ਦੇ ਸਾਬਕਾ ਏਡੀਜੀਪੀ ਕੁਲਵੰਤ ਸਾਰੰਗਲ ਮੁੱਖ ਮਹਿਮਾਨ ਸਨ ਜਦੋਂਕਿ ਪ੍ਰਧਾਨਗੀ ਲਾਅ ਯੂਨੀਵਰਸਿਟੀ ਕੁਰਕਸ਼ੇਤਰਾ ਦੇ ਪ੍ਰੋਫੈਸਰ ਡਾ. ਅਜੀਤ ਸਿੰਘ ਚਾਹਲ ਨੇ ਕੀਤੀ। ਉਨ੍ਹਾਂ ਨੇ ਡਾ. ਬੀਆਰ ਅੰਬੇਡਕਰ ਦੇ ਜੀਵਨ ਫ਼ਲਸਫ਼ੇ ’ਤੇ ਚਾਨਣਾ ਪਾਇਆ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸਭਾ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਭਟਵਾ ਨੇ ਨਿਭਾਈ। ਅਖੀਰ ਵਿੱਚ ਸਭਾ ਦੇ ਕਾਨੂੰਨੀ ਸਲਾਹਕਾਰ ਆਰ.ਏ. ਸੁਮਨ ਅਤੇ ਬੀਡੀ ਸਵੈਨ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਡੀਪੀ ਹੁਸ਼ਿਆਰਪੁਰੀ, ਸਤਨਾਮ ਸਿੰਘ ਸੱਤਾ, ਸੰਗਠਨ ਸਕੱਤਰ ਨਿਰੰਜਨ ਲਾਲ ਮਾਹੀ, ਆਡੀਟਰ ਹਰਬਿਲਾਸ ਚੰਦ ਅਤੇ ਪ੍ਰੈਸ ਸਕੱਤਰ ਗੁਰਜਿੰਦਰ ਸਿੰਘ ਵੀ ਮੌਜੂਦ ਸਨ। ਪ੍ਰਬੰਧਕਾਂ ਵੱਲੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਸਮੇਤ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਅਕਾਲੀ ਆਗੂ ਪਰਵਿੰਦਰ ਸੋਹਾਣਾ, ਦਲਿਤ ਆਗੂ ਸ਼ਮਸ਼ੇਰ ਸਿੰਘ ਪੁਰਖਾਲਵੀ, ਤਰਸੇਮ ਸਿੰਘ ਗੰਦੋਂ, ਕੌਂਸਲਰ ਪਰਮਜੀਤ ਸਿੰਘ ਹੈਪੀ ਅਤੇ ਹੋਰਨਾਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।

Load More Related Articles

Check Also

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ 21 ਅਪਰੈਲ: ਗੁਰਦੁਆ…