Share on Facebook Share on Twitter Share on Google+ Share on Pinterest Share on Linkedin ਡਾ. ਭੀਮ ਰਾਓ ਅੰਬੇਦਕਰ ਮਿਊਜ਼ੀਅਮ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ: ਮੁੱਖ ਮੰਤਰੀ ਬਾਬਾ ਸਾਹਿਬ ਦੀ ਮਹਾਨ ਵਿਰਾਸਤ ਦਾ ਪਸਾਰ ਕਰੇਗੀ ਇਹ ਯਾਦਗਾਰ: ਚੰਨੀ ਸੂਬਾ ਸਰਕਾਰ ਵੱਲੋਂ ਕਪੂਰਥਲਾ ਵਿਖੇ ਉਸਾਰੇ ਜਾਣ ਵਾਲੇ ਇਸ ਅਜਾਇਬ ਘਰ ‘ਤੇ 150 ਕਰੋੜ ਰੁਪਏ ਖਰਚੇ ਜਾਣਗੇ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਤਹਿਤ ਨੌਜਵਾਨਾਂ ਨੂੰ ਨੌਕਰੀ ਦੇ ਸਰਟੀਫਿਕੇਟ ਵੰਡੇ ਨਬਜ਼-ਏ-ਪੰਜਾਬ ਬਿਊਰੋ, ਕਪੂਰਥਲਾ, 23 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਨਾਂ ‘ਤੇ ਕਪੂਰਥਲਾ ਵਿਖੇ ਉਸਾਰਿਆ ਜਾਣ ਵਾਲਾ ਅਤਿ ਆਧੁਨਿਕ ਅਜਾਇਬ ਘਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਬਾਬਾ ਸਾਹਿਬ ਦੀ ਸ਼ਾਨਾਮਤੀ ਦੇਣ ਦਾ ਪ੍ਰਚਾਰ ਕਰਨ ਵਾਲਾ ਸਿੱਧ ਹੋਵੇਗਾ। ਸਥਾਨਕ ਆਈ.ਕੇ.ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਇਸ ਮਿਊਜ਼ੀਅਮ ਦਾ ਨੀਂਹ ਪੱਥਰ ਰੱਖਣ ਅਤੇ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਮੌਕੇ ਨੌਜਵਾਨਾਂ ਨੂੰ ਨੌਕਰੀ ਦੇ ਸਰਟੀਫਿਕੇਟ ਵੰਡਣ ਮਗਰੋਂ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਮਾਣਮਤੇ ਪ੍ਰਾਜੈਕਟ ‘ਤੇ 150 ਕਰੋੜ ਰੁਪਏ ਖਰਚੇ ਜਾਣਗੇ ਅਤੇ ਇਹ ਪ੍ਰਾਜੈਕਟ ਇਸ ਮਹਾਨ ਆਗੂ ਲਈ ਇਕ ਨਿਮਾਣੀ ਪਰ ਢੁੱਕਵੀ ਸ਼ਰਧਾਂਜਲੀ ਸਿੱਧ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਯਾਦਗਾਰ ਨਾਲ ਬਾਬਾ ਸਾਹਿਬ, ਜਿਨ੍ਹਾਂ ਨੇ ਗਰੀਬਾਂ ਵਿਚੋਂ ਅਤਿ ਗਰੀਬ ਵਰਗ ਦੀ ਭਲਾਈ ਵਿੱਚ ਅਹਿਮ ਰੋਲ ਅਦਾ ਕੀਤਾ, ਦੇ ਜੀਵਨ ਅਤੇ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਬਹੁਤ ਮਦਦ ਮਿਲੇਗੀ। ਸ. ਚੰਨੀ ਨੇ ਅੱਗੇ ਕਿਹਾ ਕਿ ਇਹ ਮਿਊਜ਼ੀਅਮ ਡਾ. ਅੰਬੇਦਕਰ ਦੇ ਜੀਵਨ, ਕਾਰਜ ਅਤੇ ਵਿਚਾਰਧਾਰਾ ਨਾਲ ਸਬੰਧਤ ਵਿਸ਼ਿਆਂ ਦੇ ਤੱਥਾਂ ਦਾ ਇੱਕ ਨਿਵੇਕਲਾ ਸੁਮੇਲ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੁਹਜਾਤਮਕ ਢੰਗ ਨਾਲ ਡਿਜ਼ਾਈਨ ਕੀਤੇ ਜਾਣ ਵਾਲੇ ਇਸ ਮਿਊਜ਼ੀਅਮ ਦਾ ਦਾਇਰਾ 25 ਏਕੜ ਰਕਬੇ ਵਿੱਚ ਫੈਲਿਆ ਹੋਵੇਗਾ ਅਤੇ ਇਸ ਦੀ ਉਸਾਰੀ 150 ਕਰੋੜ ਰੁਪਏ ਦੇ ਨਿਵੇਸ਼ ਨਾਲ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਿਊਜ਼ੀਅਮ ਨੂੰ 5 ਗੈਲਰੀਆਂ ਵਿਚਾਲੇ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ ਬਾਬਾ ਸਾਹਿਬ ਦੇ ਜੀਵਨ, ਫਲਸਫੇ, ਕਾਰਜ, ਨਿੱਜੀ ਜ਼ਿੰਦਗੀ ਅਤੇ ਵਿਚਾਰਧਾਰਾ ਦੇ ਸਮਾਜਿਕ ਤੇ ਆਰਥਿਕ ਅਸਰ ਨੂੰ ਰੂਪਮਾਨ ਕੀਤਾ ਜਾਵੇਗਾ। ਡਾ. ਅੰਬੇਦਕਰ ਨੂੰ ਨਿੱਘੀ ਸ਼ਰਧਾਂਜਲੀ ਦਿੰਦੇ ਹੋਏ ਸ. ਚੰਨੀ ਨੇ ਉਨ੍ਹਾਂ ਨੂੰ ਇਕ ਮਹਾਨ ਵਿਦਵਾਨ, ਕਾਨੂੰਨੀ ਮਾਮਲਿਆਂ ਦੇ ਮਾਹਿਰ, ਅਰਥਸ਼ਾਸਤਰੀ, ਸਮਾਜ ਸੁਧਾਰਕ ਅਤੇ ਕੂਟਨੀਤੀਵਾਨ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਦੇ ਇਤਿਹਾਸ ਵਿਚ ਡਾ.ਅੰਬੇਦਕਰ ਮਹਾਨ ਸਖਸ਼ੀਅਤ ਸਨ। ਉਹ ਬਹੁਤ ਹੀ ਨਿਮਰ ਪਰਿਵਾਰ ਨਾਲ ਸਬੰਧਿਤ ਸਨ ਪਰ ਉਨ੍ਹਾਂ ਦੀਆਂ ਪ੍ਰਾਪਤੀਆਂ ਨੇ ਉਨ੍ਹਾਂ ਨੂੰ ਵਿਸ਼ਵ ਆਗੂ ਵਜੋਂ ਸਥਾਪਿਤ ਕੀਤਾ । ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ.ਅੰਬੇਦਕਰ ਦੀ ਮਿਹਨਤ, ਸਮਰਪਣ ਦਾ ਨਤੀਜਾ ਸੀ ਅਤੇ ਉਨ੍ਹਾਂ ਨੇ ਇਸ ਰਾਹੀਂ ਪੂਰੀ ਮਨੁੱਖਤਾ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਡਾ.ਅੰਬੇਦਕਰ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ ਕਿ ਕਿਵੇਂ ਔਖੇ ਹਾਲਾਤਾਂ ਵਿੱਚ ਵੀ ਉੱਚੇ ਮੁਕਾਮ ਹਾਸਲ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵਲੋਂ ਸਿੱਖਿਆ ਦੀ ਮਹੱਤਤਾ ਬਾਰੇ ਦਿੱਤਾ ਗਿਆ ਸੰਦੇਸ਼ ਤਕਦੀਰਾਂ ਬਦਲਣ ਦੇ ਸਮਰੱਥ ਹੈ। ਨਵੇਂ ਨਿਯੁਕਤ ਹੋਏ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਚੰਗੀ ਸ਼ੁਰੂਆਤ ਹੈ ਪਰ ਉਨ੍ਹਾਂ ਨੂੰ ਐਨੇ ਨਾਲ ਹੀ ਸੰਤੁਸ਼ਟ ਨਹੀਂ ਹੋ ਜਾਣਾ ਚਾਹੀਦਾ ਸਗੋਂ ਲਗਾਤਾਰ ਤਰੱਕੀ ਵੱਲ ਸੇਧਿਤ ਹੋਣਾ ਚਾਹੀਦਾ ਹੈ। ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਸਰਕਾਰ ਵਲੋਂ ਨਵੇਂ ਪੰਜਾਬ ਦੀ ਸਿਰਜਣਾ ਲਈ ਸਾਰਥਕ ਮਾਹੌਲ ਅਤੇ ਸਹਾਇਤਾ ਪੰਜਾਬ ਸਰਕਾਰ ਵਲੋਂ ਪ੍ਰਦਾਨ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਕ ਮਾਤਰ ਉਦੇਸ਼ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਹੈ ਜਿਸ ਲਈ ਉਨ੍ਹਾਂ ਭ੍ਰਿਸ਼ਟਾਚਾਰ ਮੁਕਤ ਪੰਜਾਬ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਇਸ ਲਈ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਪੂਰਥਲਾ ਵਿਖੇ ਡਾ.ਬੀ.ਆਰ ਅੰਬੇਦਕਰ ਮੈਨੇਜਮੈਂਟ ਇਸੰਟੀਚਿਊਟ ਸਥਾਪਿਤ ਕਰਨ ਦਾ ਐਲਾਨ ਕੀਤਾ। ਇਸ ਲਈ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਅੰਮ੍ਰਿਤਸਰ ਦੀ ਸਹਾਇਤਾ ਲਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਸਕੂਲ ਆਫ ਅੰਬੇਦਕਰ ਥਾਟਸ ਅਤੇ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਸੈਂਟਰ ਫਾਰ ਰਿਸਰਚ ਦੀ ਦੁਆਬਾ ਵਿਖੇ ਸਥਾਪਨਾ ਦਾ ਐਲਾਨ ਕੀਤਾ। ਉਨ੍ਹਾਂ ਮੈਡੀਕਲ ਕਾਲਜ ਕਪੂਰਥਲਾ ਅਤੇ ਹੁਸ਼ਿਆਰਪੁਰ ਦਾ ਨੀਂਹ ਪੱਥਰ ਜਲਦ ਰੱਖਣ ਦਾ ਐਲਾਨ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਪੂਰਥਲਾ ਸ਼ਹਿਰ ਨੂੰ ਵਿਸ਼ੇਸ਼ ਤੌਰ ‘ਤੇ 10 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਹਾਈ ਟੈਂਸ਼ਨ ਤਾਰਾਂ ਹਟਾਉਣ ਲਈ ਵੀ 4 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਸੁਲਤਾਨਪੁਰ ਲੋਧੀ ਵਿਖੇ ਆਈ.ਟੀ.ਆਈ. ਦੀ ਸਥਾਪਨਾ ਅਤੇ ਇਸੇ ਸੈਸ਼ਨ ਦੌਰਾਨ ਕਲਾਸਾਂ ਸ਼ੁਰੂ ਕਰਨ ਤੋਂ ਇਲਾਵਾ ਭੁਲੱਥ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਆਈ.ਟੀ.ਆਈ. ਦੀ ਸਥਾਪਨਾ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਕਪੂਰਥਲਾ ਹਲਕੇ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਨੂੰ ਜੀ ਆਇਆ ਕਹਿਦਿੰਆਂ ਮੁੱਖ ਮੰਤਰੀ ਵਲੋਂ ਅਨੇਕਾਂ ਵਿਕਾਸ ਪ੍ਰਾਜੈੱਕਟਾਂ ਦੇ ਐਲਾਨ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਵਲੋਂ ਸ.ਚੰਨੀ ਨੂੰ ਮੁੱਖ ਮੰਤਰੀ ਨਿਯੁਕਤ ਕਰਕੇ ਡਾ.ਅੰਬੇਦਕਰ ਦੀ ਸੋਚ ਅਨੁਸਾਰ ਐਸ.ਸੀ. ਭਾਈਚਾਰੇ ਦਾ ਸਸ਼ਕਤੀਕਰਨ ਕੀਤਾ ਗਿਆ ਹੈ। ਖਡੂਰ ਸਾਹਿਬ ਤੋ ਲੋਕ ਸਭਾ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ, ਚੌਧਰੀ ਸੰਤੋਖ ਸਿੰਘ ਤੇ ਮੁਹੰਮਦ ਸਦੀਕ, ਵਿਧਾਇਕ ਰਾਣਾ ਗੁਰਜੀਤ ਸਿੰਘ, ਸ੍ਰੀ ਸੁਖਪਾਲ ਸਿੰਘ ਖਹਿਰਾ, ਸ੍ਰੀ ਨਵਤੇਜ ਸਿੰਘ ਚੀਮਾ, ਡਾ. ਰਾਜ ਕੁਮਾਰ ਵੇਰਕਾ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਰਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ, ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ, ਸ੍ਰੀ ਸੰਤੋਖ ਸਿੰਘ ਭਲਾਈਪੁਰ, ਸ੍ਰੀ ਬਲਵਿੰਦਰ ਸਿੰਘ ਲਾਡੀ, ਚੌਧਰੀ ਦਰਸ਼ਨ ਲਾਲ ਮੰਗੂਪੁਰ, ਸ੍ਰੀ ਅੰਗਦ ਸਿੰਘ, ਸ੍ਰੀ ਬਲਵਿੰਦਰ ਸਿੰਘ ਧਾਲੀਵਾਲ ਤੇ ਡਾ. ਹਰਜੋਤ ਕਮਲ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ, ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਮਹਿੰਦਰ ਸਿੰਘ ਕੇ ਪੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ, ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਨਗਰ ਨਿਗਮ ਜਲੰਧਰ ਦੇ ਮੇਅਰ ਸ੍ਰੀ ਜਗਦੀਸ਼ ਰਾਜ ਰਾਜਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ