ਡਾ. ਸੰਗੀਤਾ ਜੈਨ ਨੇ ਮੁਹਾਲੀ ਦੇ ਨਵੇਂ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ
ਨਬਜ਼-ਏ-ਪੰਜਾਬ, ਮੁਹਾਲੀ, 3 ਜਨਵਰੀ:
ਡਾ. ਸੰਗੀਤਾ ਜੈਨ ਨੇ ਅੱਜ ਮੁਹਾਲੀ ਦੇ ਨਵੇਂ ਸਿਵਲ ਸਰਜਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦਫ਼ਤਰੀ ਸਟਾਫ਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮਗਰੋਂ ਉਨ੍ਹਾਂ ਨੇ ਸਿਹਤ ਵਿਭਾਗ ਦੇ ਸਮੂਹ ਜ਼ਿਲ੍ਹਾ ਅਧਿਕਾਰੀਆਂ, ਐਸਐਮਓਜ਼ ਅਤੇ ਹੋਰਨਾਂ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਅਤੇ ਫੀਡਬੈਕ ਲਈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਮੁੱਖ ਟੀਚਾ ਹੋਵੇਗਾ ਅਤੇ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਨੂੰ ਹੋਰ ਅਸਰਦਾਰ ਤੇ ਬਿਹਤਰ ਬਣਾਇਆ ਜਾਵੇ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਆਪੋ-ਅਪਣਾ ਕੰਮ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾਭਾਵਨਾ ਨਾਲ ਕਰਨਾ ਯਕੀਨੀ ਬਣਾਉਣ ਤਾਂ ਜੋ ਇਲਾਜ ਕਰਾਉਣ ਅਤੇ ਦਫ਼ਤਰਾਂ ਵਿੱਚ ਕੰਮ ਕਰਾਉਣ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਡਾ. ਸੰਗੀਤਾ ਜੈਨ ਸਿਹਤ ਵਿਭਾਗ ਵਿੱਚ ਸਾਲ 1993 ਵਿੱਚ ਬਤੌਰ ਮੈਡੀਕਲ ਅਫ਼ਸਰ ਭਰਤੀ ਹੋਏ ਸਨ। ਉਨ੍ਹਾਂ ਦੀ ਪਹਿਲੀ ਨਿਯੁਕਤੀ ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਢਕੋਲੀ ਵਿੱਚ ਹੋਈ ਸੀ। ਸਾਲ 2016 ਵਿੱਚ ਉਨ੍ਹਾਂ ਦੀ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਤਰੱਕੀ ਹੋਈ ਸੀ। ਉਨ੍ਹਾਂ ਨੇ ਕਾਫ਼ੀ ਸਮਾਂ ਸਰਕਾਰੀ ਹਸਤਾਲ ਡੇਰਾਬੱਸੀ ਵਿੱਚ ਐਸਐਮਓ ਵਜੋਂ ਸ਼ਾਨਦਾਰ ਸੇਵਾਵਾਂ ਦਿੱਤੀਆਂ। ਹਾਲ ਹੀ ਵਿੱਚ ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਵਜੋਂ ਤਰੱਕੀ ਮਿਲੀ ਹੈ। ਕਰੋਨਾ ਕਾਲ ਦੌਰਾਨ ਵੀ ਡਾ. ਜੈਨ ਨੇ ਸ਼ਲਾਘਾਯੋਗ ਕੰਮ ਕੀਤਾ। ਜਿਸ ਬਦਲੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਡੈਂਟਲ ਅਫ਼ਸਰ ਡਾ. ਪਰਨੀਤ ਗਰੇਵਾਲ, ਐਸਐਮਓ ਡਾ. ਐਚਐਚ ਚੀਮਾ, ਡਾ. ਵਿਜੈ ਭਗਤ, ਸਿਵਲ ਸਰਜਨ ਦੇ ਨਿੱਜੀ ਸਹਾਇਕ ਦਵਿੰਦਰ ਸਿੰਘ ਤੇ ਹੋਰ ਅਧਿਕਾਰੀ ਅਤੇ ਸਟਾਫ਼ ਹਾਜ਼ਰ ਸੀ।