ਜਲ ਨਿਕਾਸੀ ਸਮੱਸਿਆ: ਚੇਅਰਮੈਨ ਹਰਕੇਸ਼ ਸ਼ਰਮਾ ਦੀ ਅਗਵਾਈ ’ਚ ਵਫ਼ਦ ਏਡੀਸੀ ਨੂੰ ਮਿਲਿਆ

ਪਿੰਡ ਭਾਗੋਮਾਜਰਾ-ਬੈਰੋਂਪੁਰ ਦੇ ਲੋਕ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਪ੍ਰੇਸ਼ਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਪਿੰਡ ਭਾਗੋਮਾਜਰਾ-ਬੈਰੋਂਪੁਰ ਵਿਖੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਨਿਪਟਾਰੇ ਲਈ ਪੰਜਾਬ ਦੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਦੀ ਅਗਵਾਈ ਹੇਠ ਪਿੰਡ ਦੇ ਪਤਵੰਤਿਆਂ ਦੇ ਇਕ ਵਫਦ ਨੇ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਡਰੇਨਜ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਹਿਦਾਇਤਾਂ ਜਾਰੀ ਕਰਦੇ ਹੋਏ ਪਿੰਡ ਨਿਵਾਸੀਆਂ ਦੀ ਇਹ ਸਮੱਸਿਆ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਜ਼ਿਕਰਯੋਗ ਹੈ ਕਿ ਪਿੰਡ ਭਾਗੋਮਾਜਰਾ-ਬੈਰੋਂਪੁਰ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਨਿਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਮਗਰੋਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਹਿਦਾਇਤਾਂ ਤੋਂ ਬਾਅਦ ਸ੍ਰੀ ਸ਼ਰਮਾ ਨੇ ਪਿੰਡ ਦਾ ਦੌਰਾ ਕੀਤਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮੱਛਲੀ ਕਲਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਇਸ ਸਮੱਸਿਆ ਸਬੰਧੀ ਏਡੀਸੀ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਕਿ ਪਿੰਡ ਦੇ ਆਲੇ ਦੁਆਲੇ ਬਣੀਆਂ ਪ੍ਰਾਈਵੇਟ ਕਾਲੋਨੀਆਂ ਕਾਰਨ ਗੰਦੇ ਪਾਣੀ ਦੀ ਨਿਕਾਸੀ ਰੁਕ ਗਈ ਹੈ, ਜਿਸ ਕਾਰਨ ਗੰਦਾ ਪਾਣੀ ਪਿੰਡ ਤੋਂ ਬਾਹਰ ਨਹੀਂ ਜਾ ਰਿਹਾ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਦੀ ਇਸ ਸਮੱਸਿਆ ਦਾ ਛੇਤੀ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬਰਸਾਤਾਂ ਮਗਰੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਖ਼ਤਿਆਰੀ ਕੋਟੇ ’ਚੋਂ ਗ੍ਰਾਂਟ ਜਾਰੀ ਕਰਕੇ ਇਸ ਸਮੱਸਿਆ ਦਾ ਪੱਕਾ ਹੱਲ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁਹਾਲੀ ਹਲਕੇ ਨੂੰ ਇਕ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕਰਵਾ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਨੂੰ ਪਰਮ ਅਗੇਤ ਦਿੱਤੀ ਜਾ ਰਹੀ ਹੈ।
ਇਸ ਮੌਕੇ ਬਲਾਕ ਸੰਮਤੀ ਮੈਂਬਰ ਬਲਜੀਤ ਸਿੰਘ ਭਾਗੋਮਾਜਰਾ, ਸਰਪੰਚ ਅਵਤਾਰ ਸਿੰਘ, ਡੀਡੀਪੀਓ ਡੀਕੇ ਸਾਲਦੀ, ਬੀਡੀਪੀਓ ਹਿਤੇਨ ਕਪਿਲਾ, ਪੰਚਾਇਤ ਸਕੱਤਰ ਸੁਖਵਿੰਦਰ ਕੌਰ, ਜੇਈ ਪੰਚਾਇਤੀ ਰਾ ਜਸਪਾਲ ਮਸੀਹ, ਸਤਿੰਦਰਪਾਲ ਸਿੰਘ, ਜਸਬੀਰ ਸਿੰਘ ਵੀ ਮੌਜੂਦ ਸਨ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…