Nabaz-e-punjab.com

ਮੁਹਾਲੀ ਵਿੱਚ ਪੀਣ ਵਾਲੇ ਪਾਣੀ ਲਈ ਹਾਹਾਕਾਰ ਮਚੀ, ਤਕਨੀਕੀ ਖ਼ਰਾਬੀ ਕਾਰਨ ਅਧਿਕਾਰੀ ਬੇਵੱਸ

ਪਿਛਲੇ ਤਿੰਨ ਦਿਨਾਂ ਤੋਂ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਬੂੰਦ ਬੂੰਦ ਪਾਣੀ ਨੂੰ ਤਰਸੇ ਸ਼ਹਿਰ ਵਾਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜੂਹ ਵਸਦੇ ਆਈਟੀ ਸਿਟੀ ਮੁਹਾਲੀ ਵਿੱਚ ਪੀਣ ਵਾਲੇ ਪਾਣੀ ਲਈ ਹਾਹਾਕਾਰ ਮਚ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਸ਼ਹਿਰ ਵਾਸੀਆਂ ਦੇ ਹਲਕ ਸੁੱਕੇ ਹਨ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਹਾਲੀ ਨਿਗਮ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਵੀ ਵਿਭਾਗ ਦੀ ਕਾਰਗੁਜ਼ਾਰੀ ਤੋਂ ਕਾਫੀ ਦੁਖੀ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਨਹੀਂ ਆ ਰਿਹਾ ਹੈ। ਉਨ੍ਹਾਂ ਜਲ ਸਪਲਾਈ ਵਿਭਾਗ ਦੇ ਹਵਾਲੇ ਨਾਲ ਦੱਸਿਆ ਕਿ ਕਜੌਲੀ ਤੋਂ ਸਿੱਧੇ ਪਾਣੀ ਦੀ ਸਪਲਾਈ ਵਾਲੀ ਫੇਜ਼-4 ਅਤੇ ਫੇਜ਼-5 ਦੀ ਮੇਨ ਲਾਈਨ ਦੀ ਮੁਰੰਮਤ ਲਈ ਚੰਡੀਗੜ੍ਹ ਨਗਰ ਨਿਗਮ ਨੇ ਪਾਣੀ ਦੀ ਬੰਦੀ ਲਈ ਸੀ ਅਤੇ ਇਸ ਸਬੰਧੀ ਵਿਭਾਗ ਵੱਲੋਂ ਬਕਾਇਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ ਲੇਕਿਨ ਬੁੱਧਵਾਰ ਨੂੰ ਸਵੇਰੇ ਵੀ ਪਾਣੀ ਦੀ ਸਪਲਾਈ ਦਿੱਤੀ।
ਡਿਪਟੀ ਮੇਅਰ ਨੇ ਦੱਸਿਆ ਕਿ ਇਸ ਸਬੰਧੀ ਜਦੋਂ ਉਨ੍ਹਾਂ ਨੇ ਸਵੇਰੇ ਜੇਈ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ 8 ਵਜੇ ਤੱਕ ਪਾਣੀ ਦੀ ਸਪਲਾਈ ਬਹਾਲ ਹੋ ਜਾਵੇਗੀ ਪ੍ਰੰਤੂ ਪਾਣੀ ਨਹੀਂ ਆਇਆ। ਫਿਰ ਕਿਹਾ ਕਿ 9 ਵਜੇ ਪਾਣੀ ਆਏਗਾ। ਇਸ ਮਗਰੋਂ ਉਨ੍ਹਾਂ ਨੇ ਐਕਸੀਅਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਇਹ ਕਹਿ ਕੇ ਪਿੱਛਾ ਛੁਡਾ ਲਿਆ ਕਿ ਪਾਣੀ 11 ਵਜੇ ਆਏਗਾ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਨੇ ਪਾਣੀ ਦੇ ਟੈਂਕਰ ਵੀ ਵੀਆਈਪੀ ਏਰੀਆ ਵਿੱਚ ਭੇਜੇ ਗਏ ਹਨ। ਜਿਸ ਕਾਰਨ ਲੋਕਾਂ ਨੂੰ 300 ਰੁਪਏ ਵਾਲਾ ਪਾਣੀ ਦਾ ਟੈਂਕਰ 700 ਰੁਪਏ ਵਿੱਚ ਲੈਣਾ ਪਿਆ ਹੈ। ਇੰਝ ਹੀ ਫੇਜ਼-7 ਦੇ ਵਸਨੀਕ ਗਗਨਦੀਪ ਸਿੰਘ ਨੇ ਦੱਸਿਆ ਕਿ ਸਥਾਨਕ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਇਸ ਖੇਤਰ ਵਿੱਚ ਤਿੰਨ ਟਿਊਬਵੈਲ ਖਰਾਬ ਪਏ ਹਨ। ਟੈਂਕਰਾਂ ਰਾਹੀਂ ਪਾਣੀ ਨਹੀਂ ਮਿਲਿਆ।
ਅਕਾਲੀ ਦਲ ਦੇ ਕੌਂਸਲਰ ਕਮਲਜੀਤ ਸਿੰਘ ਰੂਬੀ ਅਤੇ ਸਤਵੀਰ ਸਿੰਘ ਧਨੋਆ ਨੇ ਦੱਸਿਆ ਕਿ ਫੇਜ਼-9 ਵਿੱਚ ਪਾਣੀ ਦੇ ਸੰਕਟ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਜੇਕਰ ਚੰਡੀਗੜ੍ਹ ਪ੍ਰਸ਼ਾਸਨ ਨੇ ਪਾਣੀ ਦੀ ਬੰਦੀ ਲਈ ਸੀ ਤਾਂ ਫਿਰ ਮੁਹਾਲੀ ਵਿੱਚ ਪਾਣੀ ਦੀ ਸਪਲਾਈ ਠੱਪ ਨਹੀਂ ਹੋਣੀ ਚਾਹੀਦੀ ਅਤੇ ਇਸ ਸਬੰਧੀ ਜਲ ਸਪਲਾਈ ਵਿਭਾਗ ਨੂੰ ਬਦਲਵੇਂ ਪ੍ਰਬੰਧ ਕਰਨੇ ਚਾਹੀਦੇ ਹਨ। ਸ੍ਰੀ ਰੂਬੀ ਨੇ ਕਿਹਾ ਕਿ ਉਹ ਵਿਭਾਗ ਦੇ ਖ਼ਿਲਾਫ਼ ਅਦਾਲਤ ਦਾ ਬੂਹਾ ਖੜਕਾਉਣਗੇ। ਸ੍ਰੀ ਧਨੋਆ ਨੇ ਦੱਸਿਆ ਕਿ ਵਿਭਾਗ ਵੱਲੋਂ ਪਾਣੀ ਸਪਲਾਈ ਨਾ ਹੋਣ ਕਾਰਨ ਉਨ੍ਹਾਂ ਨੇ ਖ਼ੁਦ ਪ੍ਰਬੰਧ ਕਰਕੇ ਫੇਜ਼-9 ਵਿੱਚ ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕਰਵਾਈ ਹੈ।
ਕਾਂਗਰਸ ਦੇ ਕੌਂਸਲਰ ਕੁਲਜੀਤ ਸਿੰਘ ਬੇਦੀ ਕਹਿੰਦੇ ਹਨ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵਾਰ ਵਾਰ ਲਈ ਜਾਣ ਵਾਲੀ ਪਾਣੀ ਬੰਦੀ ਕਾਰਨ ਮੁਹਾਲੀ ਵਾਸੀ ਪਾਣੀ ਦੀ ਬੂੰਦ ਬੂੰਦ ਨੂੰ ਤਰਸ ਰਹੇ ਹਨ ਪ੍ਰੰਤੂ ਸ਼ਹਿਰ ਵਾਸੀਆਂ ਦੀ ਸਾਰ ਲੈਣ ਵਾਲਾ ਕੋਈ ਨਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਪ੍ਰੰਤੂ ਅਧਿਕਾਰੀ ਆਪਣੀ ਇਸ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ।
ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਕਾਰਨ ਪਾਣੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਤਾਂ ਮੁਹਾਲੀ ਨਿਗਮ ਅਤੇ ਵਿਭਾਗ ਨੂੰ ਟੈਂਕਰਾਂ ਰਾਹੀਂ ਪਾਣੀ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅੱਜ ਨਿਗਮ ਦੇ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਲ ਸਪਲਾਈ ਵਿਭਾਗ ਦੇ ਐਕਸੀਅਨ ਅਨਿਲ ਕੁਮਾਰ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਕਜੌਲੀ ਤੋਂ ਸਿੱਧੇ ਪਾਣੀ ਦੀ ਸਪਲਾਈ ਵਾਲੀ ਫੇਜ਼-4 ਅਤੇ ਫੇਜ਼-5 ਦੀ ਮੇਨ ਲਾਈਨ ਦੀ ਮੁਰੰਮਤ ਲਈ ਪਾਣੀ ਦੀ ਬੰਦੀ ਲਈ ਸੀ ਅਤੇ ਇਸ ਸਬੰਧੀ ਵਿਭਾਗ ਵੱਲੋਂ ਬਕਾਇਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਪਾਈਪਲਾਈਨ ਦੀ ਮੁਰੰਮਤ ਦੇ ਚੱਲਦਿਆਂ ਪਾਣੀ ਦੀ ਸਮੱਸਿਆ ਪੈਦਾ ਹੋਈ ਸੀ ਅਤੇ ਇਹ ਤਕਨੀਕੀ ਮਾਮਲਾ ਹੈ। ਫੇਜ਼-9 ਵਿੱਚ ਆਈ ਮੁਸ਼ਕਲ ਬਾਰੇ ਉਨ੍ਹਾਂ ਕਿਹਾ ਕਿ ਉੱਥੇ ਬਿਜਲੀ ਸਪਲਾਈ ਦੀ ਸਮੱਸਿਆ ਕਾਰਨ ਪਾਣੀ ਦੀ ਸਪਲਾਈ ਸ਼ੁਰੂ ਨਹੀਂ ਹੋ ਪਾਈ ਸੀ ਲੇਕਿਨ ਹੁਣ ਇਹ ਸਮੱਸਿਆ ਹੱਲ ਹੋ ਗਈ ਹੈ ਅਤੇ ਸ਼ਹਿਰ ਦੀ ਪਾਣੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …