ਡਰੱਗ ਮਾਮਲਾ: ਬਿਕਰਮ ਮਜੀਠੀਆ ਮੁਹਾਲੀ ਅਦਾਲਤ ਵਿੱਚ ਪੇਸ਼, ਸਰਕਾਰ ’ਤੇ ਨਿਸ਼ਾਨੇ ਸਾਧੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਪੰਜਾਬ ਦੇ ਬਹੁਚਰਚਿਤ ਡਰੱਗ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸੋਮਵਾਰ ਨੂੰ ਆਪਣੇ ਵਕੀਲਾਂ ਨਾਲ ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 7 ਅਗਸਤ ’ਤੇ ਅੱਗੇ ਪਾ ਦਿੱਤੀ ਹੈ। ਪੇਸ਼ੀ ਤੋਂ ਬਾਅਦ ਆਪਣੇ ਵਕੀਲ ਐਚਐਸ ਧਨੋਆ ਦੇ ਚੈਂਬਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਸਿਆਸੀ ਬਦਲਾਖੋਰੀ ਦੇ ਦੋਸ਼ ਲਾਏ।
ਮਜੀਠੀਆ ਨੇ ਦੋਸ਼ ਲਾਇਆ ਕਿ ਕਰੀਬ ਡੇਢ ਸਾਲ ਦੌਰਾਨ ਪੰਜਾਬ ਪੁਲੀਸ ਹੁਣ ਤੱਕ ਉਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਨਹੀਂ ਕਰ ਸਕੀ। ਕਿਉਂਕਿ ਹੁਣ ਤੱਕ ਜਾਂਚ ਏਜੰਸੀ ਨੂੰ ਉਨ੍ਹਾਂ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ। ਇਹੀ ਨਹੀਂ ਉਸਦੀ ਜ਼ਮਾਨਤ ਖ਼ਿਲਾਫ਼ ਪੰਜਾਬ ਸਰਕਾਰ ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਦਾ ਬੂਹਾ ਖੜਾ ਚੁੱਕੀ ਹੈ। ਕਿਉਂਕਿ ਪੰਜਾਬ ਦੀ ਆਪ ਸਰਕਾਰ ਅਤੇ ਪੁਲੀਸ ਨੂੰ ਇਸ ਗੱਲ ਦਾ ਖ਼ਦਸ਼ਾ ਹੈ ਕਿ ਕਿਤੇ ਉਹ (ਮਜੀਠੀਆ) ਇਸ ਝੂਠੇ ਪਰਚੇ ਨੂੰ ਖ਼ਾਰਜ ਕਰਵਾਉਣ ਲਈ ਉੱਚ ਅਦਾਲਤ ਦੀ ਸ਼ਰਨ ਵਿੱਚ ਨਾ ਚਲਿਆ ਜਾਵੇ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਡਰੱਗ ਮਾਮਲੇ ਵਿੱਚ ਖੋਲੀਆਂ ਗਈਆਂ ਰਿਪੋਰਟਾਂ ਨੇ ਇਹ ਸਾਬਤ ਕਰ ਦਿੱਤਾ ਕਿ ਉਨ੍ਹਾਂ ਖ਼ਿਲਾਫ਼ ਸਿਆਸੀ ਕਿੜ ਕੱਢਣ ਲਈ ਝੂਠਾ ਪਰਚਾ ਦਰਜ ਕੀਤਾ ਗਿਆ ਹੈ।
ਅਕਾਲੀ ਆਗੂ ਨੇ ਪਹਿਲੀ ਵਾਰ ਮੀਡੀਆ ਵਿੱਚ ਇਸ ਗੱਲ ਦਾ ਖ਼ੁਲਾਸਾ ਕੀਤਾ ਕਿ ਉਨ੍ਹਾਂ ਨੂੰ ਧਮਕੀ ਭਰੇ ਫੋਨ ਆ ਚੁੱਕੇ ਹਨ ਅਤੇ ਇਸ ਸਬੰਧੀ ਉਹ ਡੀਜੀਪੀ ਨੂੰ ਵਿਸਥਾਰ ਵਿੱਚ ਜਾਣਕਾਰੀ ਦੇ ਚੁੱਕੇ ਹਨ ਪ੍ਰੰਤੂ ਹੁਣ ਤੱਕ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਨੇ ਮੁੱਖ ਮੰਤਰੀ ਅਤੇ ਡੀਜੀਪੀ ਦੇ ਪੰਜਾਬ ਵਿੱਚ ਮਾਹੌਲ ਠੀਕ ਹੋਣ ਦੇ ਦਾਅਵੇ ਨੂੰ ਨਿਰਾ ਝੂਠ ਦੱਸਦਿਆਂ ਕਿਹਾ ਕਿ ਜੇਕਰ ਪੰਜਾਬ ਵਿੱਚ ਹਾਲਾਤ ਸੁਖਾਵੇਂ ਹਨ ਤਾਂ ਡੀਜੀਪੀ ਨੂੰ ਅੰਮ੍ਰਿਤਸਰ ਵਿੱਚ ਜਾ ਕੇ ਮੀਡੀਆ ਅੱਗੇ ਸਥਿਤੀ ਸਪੱਸ਼ਟ ਲੋੜ ਕਿਉਂ ਪਈ। ਇਹ ਬਿਆਨ ਉਹ ਚੰਡੀਗੜ੍ਹ ਵਿੱਚ ਬੈਠ ਕੇ ਮੀਡੀਆ ਨੂੰ ਜਾਰੀ ਕਰ ਸਕਦੇ ਹਨ। ਪੰਜਾਬ ਦੇ ਸਿੱਖ ਨੌਜਵਾਨਾਂ ’ਤੇ ਐਨਐਸਏ ਲਗਾਉਣ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਖਾਸ ਕਰਕੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਬੇਕਸੂਰ ਨੌਜਵਾਨਾਂ ’ਤੇ ਝੂਠੇ ਪਰਚੇ ਦਰਜ ਕਰਕੇ ਜੇਲ੍ਹਾਂ ਵਿੱਚ ਡੱਕਿਆਂ ਜਾ ਰਿਹਾ ਹੈ।
ਸਾਬਕਾ ਮੰਤਰੀ ਨੇ ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਦਾ ਸਮਾਂ ਸਵੇਰੇ ਸਾਢੇ 7 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੀਤਾ ਹੈ, ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਆਪ ਸਰਕਾਰ ਦਾ ਇਹ ਫੈਸਲਾ ਹਾਸੋਹੀਣਾ ਹੈ। ਉਨ੍ਹਾਂ ਪੰਜਾਬ ਦੀ ਐਕਸਾਈਜ ਨੀਤੀ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਐਕਸਾਈਜ ਨੀਤੀ ਵਿੱਚ ਵੱਡੇ ਪੱਧਰ ’ਤੇ ਘੁਟਾਲਾ ਹੋਇਆ ਹੈ। ਜਿਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…