
ਡਰੱਗ ਕੇਸ: ਬਿਕਰਮ ਮਜੀਠੀਆ ਤੋਂ ਮੁਹਾਲੀ ਥਾਣੇ ਵਿੱਚ ਢਾਈ ਘੰਟੇ ਕੀਤੀ ਪੁੱਛਗਿੱਛ
ਅਗਾਊਂ ਜ਼ਮਾਨਤ ਮਨਜ਼ੂਰ ਹੋਣ ਤੋਂ ਬਾਅਦ ਮਜੀਠੀਆ ਆਪਣੇ ਵਕੀਲਾਂ ਨਾਲ ਸਿੱਟ ਅੱਗੇ ਹੋਏ ਪੇਸ਼
ਚੋਣਾਂ ਵਿੱਚ ਸਿਆਸੀ ਲਾਹਾ ਲੈਣ ਲਈ ਕਾਂਗਰਸ ਸਰਕਾਰ ਨੇ ‘ਮੈਨੂੰ ਝੂਠੇ ਕੇਸ ’ਚ ਫਸਾਉਣ ਦੀ ਸਾਜ਼ਿਸ਼ ਰਚੀ’’: ਮਜੀਠੀਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਸਿੱਟ ਅੱਗੇ ਪੇਸ਼ ਹੋਏ। ਪਿਛਲੀ ਦਿਨੀਂ ਹਾਈ ਕੋਰਟ ’ਚੋਂ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਮਜੀਠੀਆ ਆਪਣੇ ਵਕੀਲਾਂ ਨਾਲ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਬਿਊਰੋ ਦੇ ਥਾਣੇ ਵਿੱਚ ਪਹੁੰਚੇ। ਪੁਲੀਸ ਨੇ ਪਹਿਲਾਂ ਅਕਾਲੀ ਆਗੂ ਦੇ ਵਕੀਲਾਂ ਨੂੰ ਗੇਟ ’ਤੇ ਹੀ ਰੋਕ ਦਿੱਤਾ ਪ੍ਰੰਤੂ ਥੋੜ੍ਹੀ ਦੇਰ ਉੱਚ ਅਧਿਕਾਰੀਆਂ ਦੇ ਦਖ਼ਲ ਤੋਂ ਬਾਅਦ ਵਕੀਲਾਂ ਨੂੰ ਅੰਦਰ ਜਾਣ ਦੀ ਆਗਿਆ ਦਿੱਤੀ।
ਇਸ ਦੌਰਾਨ ਅਕਾਲੀ ਆਗੂ ਤੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ ਗਈ। ਉਸ ਕੋਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਪੁੱਛ ਪੜਤਾਲ ਕੀਤੀ ਗਈ ਅਤੇ ਤਾਜ਼ਾ ਐਫ਼ਆਈਆਰ ਵਿੱਚ ਦਰਜ ਵੇਰਵਿਆਂ ਬਾਰੇ ਜਾਂਚ ਟੀਮ ਨੇ ਸਵਾਲ ਪੁੱਛੇ। ਸੂਤਰ ਦੱਸਦੇ ਹਨ ਕਿ ਮਜੀਠੀਆ ਨੇ ਗੋਲ ਮੋਲ ਜਵਾਬ ਦਿੱਤੇ ਗਏ। ਜਾਂਚ ਤੋਂ ਬਾਅਦ ਬਿਊਰੋ ਦਫ਼ਤਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਸਿੱਟ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਗਿਆ ਹੈ।
ਮਜੀਠੀਆ ਨੇ ਮੁੜ ਦੁਹਰਾਇਆ ਕਿ ਉਨ੍ਹਾਂ ਖ਼ਿਲਾਫ਼ ਮਾਮਲਾ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ ਕਿਉਂਕਿ ਇਸ ਮਾਮਲੇ ਦੀ ਪਹਿਲਾਂ ਹੀ ਏਡੀਜੀਪੀ ਪੱਧਰ ਦੇ ਅਧਿਕਾਰੀਆਂ ਵੱਲੋਂ ਮੁਕੰਮਲ ਜਾਂਚ ਕੀਤੀ ਜਾ ਚੁੱਕੀ ਹੈ। ਹੁਕਮਰਾਨ ਪਾਰਟੀ ਉਸ ਦੇ ਹਵਾਲਾਤ ਵਿੱਚ ਬੰਦ ਕਰਕੇ ਚੋਣਾਂ ਵਿੱਚ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਸੱਚ ਲੋਕਾਂ ਸਾਹਮਣੇ ਆਉਣਾ ਚਾਹੀਦਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ’ਤੇ ਵਿਅੰਗ ਕਰਦਿਆਂ ਮਜੀਠੀਆ ਨੇ ਕਿਹਾ ਕਿ ਠੋਕੋ ਤਾਲੀ ਨਵਜੋਤ ਸਿੱਧੂ ਵੱਲੋਂ ਖਟਾਰਾ ਮਾਡਲ ਪੇਸ਼ ਕੀਤਾ ਗਿਆ ਹੈ ਅਤੇ ਇਹ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਸਿਰਫ਼ ਮੈਂ-ਮੈਂ ਮੈਂ ਕਰਦਾ ਹੀ ਪੰਜਾਬ ਘੁੰਮ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਬਤੌਰ ਕੈਬਨਿਟ ਮੰਤਰੀ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਜ਼ੀਰੋ ਫੀਸਦੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਕਾਰਗੁਜ਼ਾਰੀ ਬਾਰੇ ਕਾਂਗਰਸ ਸਰਕਾਰ ਦੇ ਮੰਤਰੀ ਹੀ ਬਿਆਨਬਾਜ਼ੀ ਕਰ ਚੁੱਕੇ ਹਨ ਅਤੇ ਵੱਖ-ਵੱਖ ਮੰਤਰੀਆਂ ਵੱਲੋਂ ਮੀਡੀਆ ਵਿੱਚ ਦਿੱਤੇ ਬਿਆਨਾਂ ਦੇ ਜਵਾਬ ਵਿੱਚ ਨਵਜੋਤ ਸਿੱਧੂ ਵੱਲੋਂ ਕੁੱਝ ਨਹੀਂ ਬੋਲਿਆ ਗਿਆ।
ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਮਾਡਲ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦੇ ਮਾਡਲ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਪੰਜਾਬੀ ਖ਼ੁਦ ਹੀ ਪੰਜਾਬ ਦਾ ਮਾਡਲ ਪੇਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਮਾਡਲ ਦੀ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ ਕਿਉਂਕਿ ਜੇਕਰ ਕੋਈ ਮਾਡਲ ਹੁੰਦਾ ਤਾਂ ਇਸ ਨੂੰ ਸਹੀ ਮਾਇਨਿਆਂ ਵਿੱਚ ਦਿੱਲੀ ਵਿੱਚ ਹੀ ਲਾਗੂ ਕਰ ਲਿਆ ਜਾਂਦਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਕੇਜਰੀਵਾਲ ਸਰਕਾਰ ਖ਼ਿਲਾਫ਼ ਕਈ ਵਾਰ ਆਪਣੀ ਪ੍ਰਤੀਕਿਰਿਆ ਦਰਜ ਕਰਵਾ ਚੁੱਕੇ ਹਨ ਅਤੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਦਿੱਲੀ ਵਿੱਚ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ ਦੇਣੇ ਪਏ ਹਨ ਜਦੋਂਕਿ ਉਹ (ਕੇਜਰੀਵਾਲ) ਪੰਜਾਬ ਵਿੱਚ ਸਰਕਾਰ ਦੇ ਖ਼ਿਲਾਫ਼ ਧਰਨਿਆਂ ’ਤੇ ਬੈਠੇ ਮੁਲਾਜ਼ਮਾਂ ਕੋਲ ਜਾ ਕੇ ਢੌਂਗ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਹੀ ਪੰਜਾਬ ਦਾ ਵਿਕਾਸ ਹੋਇਆ ਹੈ ਜਦੋਂਕਿ ਕਾਂਗਰਸ ਸਰਕਾਰ ਨੇ ਪਿਛਲੇ 5 ਸਾਲਾਂ ਵਿੱਚ ਸੂਬੇ ਦਾ ਬੇੜਾ ਗਰਕ ਕਰ ਕੇ ਰੱਖ ਦਿੱਤਾ ਹੈ ਅਤੇ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ।
ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ।