
ਨਸ਼ਾ ਤਸਕਰੀ ਮਾਮਲਾ: ਮਜੀਠੀਆ ਤੱਕ ਨਹੀਂ ਪਹੁੰਚ ਰਹੇ ਪੰਜਾਬ ਪੁਲੀਸ ਦੇ ਲੰਮੇ ਹੱਥ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਪੰਜਾਬ ਪੁਲੀਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਪੈੜ ਨੱਪਣ ਲਈ ਯਤਨ ਤੇਜ਼ ਕਰ ਦਿੱਤੇ ਹਨ ਪ੍ਰੰਤੂ ਹੁਣ ਤੱਕ ਅਕਾਲੀ ਆਗੂ ਪੁਲੀਸ ਦੇ ਹੱਥ ਨਹੀਂ ਲੱਗਿਆ। ਹਾਲਾਂਕਿ ਪੰਜਾਬ ਸਰਕਾਰ ਅਤੇ ਪੁਲੀਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਅਕਾਲੀ ਆਗੂ ਖ਼ਿਲਾਫ਼ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਲੇਕਿਨ ਅਜੇ ਤਾਈ ਪੁਲੀਸ ਨੂੰ ਮਜੀਠੀਆ ਦੇ ਛੁਪਣ ਟਿਕਾਣੇ ਬਾਰੇ ਕੋਈ ਸੁਰਾਗ ਨਹੀਂ ਮਿਲਿਆ। ਪੁਲੀਸ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਸੂਤਰ ਦੱਸਦੇ ਹਨ ਕਿ ਨਵੇਂ ਡੀਜੀਪੀ ਦੀ ਨਿਯੁਕਤੀ ਤੋਂ ਤੁਰੰਤ ਬਾਅਦ ਉਸੇ ਰਾਤ ਮਜੀਠੀਆ ਪੰਜਾਬ ’ਚੋਂ ਬਾਹਰ ਕਿਸੇ ਸੁਰੱਖਿਅਤ ਥਾਂ ’ਤੇ ਚਲੇ ਗਏ ਸਨ। ਕੇਸ ਦਰਜ ਹੋਣ ਤੋਂ ਬਾਅਦ ਜਾਂ ਪਹਿਲਾਂ ਮਜੀਠੀਆ ਕਿਹੜੇ-ਕਿਹੜੇ ਵਿਅਕਤੀਆਂ, ਸਿਆਸੀ ਆਗੂਆਂ ਜਾਂ ਅਧਿਕਾਰੀਆਂ ਦੇ ਸੰਪਰਕ ਵਿੱਚ ਰਿਹਾ ਹੈ। ਉਨ੍ਹਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮਜੀਠੀਆ ਦੇ ਸੰਪਰਕ ਵਿੱਚ ਰਹੇ ਵਿਅਕਤੀਆਂ ਅਤੇ ਨੇੜੇ ਸਾਥੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਜਾ ਸਕਦਾ ਹੈ?